ਨਸ਼ਾ ਤਸਕਰੀ ਕਰਨ ਦੇ ਦੋਸ਼ 'ਚ ਨੌਜਵਾਨ 35 ਗ੍ਰਾਮ ਸਮੈਕ ਸਮੇਤ ਗ੍ਰਿਫ਼ਤਾਰ

Last Updated: Feb 13 2018 14:37

ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਖੰਨਾ ਪੁਲਿਸ ਨੇ ਨਸ਼ਾ ਤਸਕਰੀ ਕਰਨ ਦੇ ਦੋਸ਼ 'ਚ 35 ਗ੍ਰਾਮ ਸਮੈਕ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤੇ ਜਾਣ ਦਾ ਦਾਅਵਾ ਕੀਤਾ ਹੈ। ਕਾਬੂ ਕੀਤੇ ਗਏ ਮੁਲਜ਼ਮ ਦਲਬੀਰ ਸਿੰਘ ਵਾਸੀ ਪਿੰਡ ਬਰਵਾਲੀ ਕਲਾਂ ਦੇ ਖ਼ਿਲਾਫ਼ ਥਾਣਾ ਸਿਟੀ ਖੰਨਾ 'ਚ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਸਮੈਕ ਬਰਾਮਦਗੀ ਦੇ ਮਾਮਲੇ ਸਬੰਧੀ ਪੁਲਿਸ ਥਾਣਾ ਸਿਟੀ ਦੇ ਐਸ.ਐਚ.ਓ ਰਜਨੀਸ਼ ਸੂਦ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਅਤੇ ਏ.ਐਸ.ਆਈ ਸੁਰਾਜਦੀਨ ਵੱਲੋਂ ਸਾਥੀ ਪੁਲਿਸ ਮੁਲਾਜ਼ਮਾਂ ਦੇ ਨਾਲ ਸਥਾਨਕ ਸਮਰਾਲਾ ਰੋਡ ਸਥਿਤ ਸੁਆ ਪੁਲੀ ਕੋਲ ਬੀਤੀ ਸ਼ਾਮ ਨੂੰ ਗਸ਼ਤ ਦੌਰਾਨ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸੇ ਦੌਰਾਨ ਸਮਰਾਲਾ ਚੌਂਕ ਵਾਲੀ ਸਾਈਡ ਤੋਂ ਪੈਦਲ ਆ ਰਿਹਾ ਇੱਕ ਨੌਜਵਾਨ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਮੁੜਨ ਦੀ ਕੋਸ਼ਿਸ਼ ਕਰਨ ਲੱਗਾ ਤਾਂ ਪੁਲਿਸ ਮੁਲਾਜ਼ਮਾਂ ਨੇ ਸ਼ੱਕ ਦੇ ਆਧਾਰ ਤੇ ਉਕਤ ਨੌਜਵਾਨ ਨੂੰ ਕਾਬੂ ਕਰ ਲਿਆ।

ਉਨ੍ਹਾਂ ਅੱਗੇ ਦੱਸਿਆ ਕਿ ਜਿਸਦੇ ਬਾਅਦ ਪੁਲਿਸ ਨੇ ਉਸ ਨੌਜਵਾਨ ਦੀ ਚੈਕਿੰਗ ਕੀਤੀ ਤਾਂ ਤਲਾਸ਼ੀ ਦੌਰਾਨ ਉਸਦੇ ਕਬਜ਼ੇ 'ਚੋਂ ਪਾਲੀਥੀਨ ਲਿਫਾਫੇ 'ਚ ਲਪੇਟ ਕੇ ਰੱਖੀ ਹੋਈ 35 ਗ੍ਰਾਮ ਸਮੈਕ ਬਰਾਮਦ ਹੋਈ। ਬਾਅਦ 'ਚ ਉਸ ਪਾਸੋਂ ਕੀਤੀ ਗਈ ਪੁੱਛਗਿੱਛ ਬਾਅਦ ਉਸਦੀ ਪਹਿਚਾਣ ਦਲਬੀਰ ਸਿੰਘ ਪੁੱਤਰ ਜਗਰੂਪ ਸਿੰਘ ਵਾਸੀ ਪਿੰਡ ਬਰਵਾਲੀ ਕਲਾਂ ਦੇ ਤੌਰ ਤੇ ਹੋਈ ਹੈ। ਕਾਬੂ ਕੀਤੇ ਗਏ ਮੁਲਜ਼ਮ ਦੇ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਕਰਕੇ ਉਸ ਤੋਂ ਹੋਰ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ।