ਭਾਜਪਾ ਨੇਤਾਵਾਂ ਨੇ ਮੋਦੀ ਦੀਆਂ ਜਨ‐ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕੀਤੀ ਹੰਗਾਮੀ ਮੀਟਿੰਗ

Last Updated: Feb 13 2018 13:09

ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਇੱਕਜੁੱਟ ਆਵਾਜ਼ ਬੁਲੰਦ ਕਰਕੇ ਸਥਾਨਕ ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ ਨੇ ਕਾਂਗਰਸ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਇਹ ਸਰਕਾਰ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਨ 'ਚ ਨਾਕਾਮ ਰਹੀ ਹੈ। ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਅੱਜ ਜ਼ਿਲ੍ਹਾ ਮੁੱਖੀ ਰਾਜੇਸ਼ ਹਨੀ ਦੀ ਪ੍ਰਧਾਨਗੀ ਹੇਠ ਪੰਜਾਬ ਭਾਜਪਾ ਦੇ ਸੂਬਾਈ ਐਗਜੈਕਟਿਵ ਮੈਂਬਰ ਰਾਜਿੰਦਰ ਮੋਹਨ ਸਿੰਘ ਛੀਨਾ ਦੇ ਗ੍ਰਹਿ ਵਿਖੇ ਹੰਗਾਮੀ ਮੀਟਿੰਗ ਕੀਤੀ। ਭਾਜਪਾ ਨੇਤਾਵਾਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਗਰੀਬ ਪੱਖੀ ਫ਼ੈਸਲੇ ਕੀਤੇ ਹਨ ਅਤੇ ਦੇਸ਼ ਦੀ ਆਰਥਿਕਤਾ ਨੂੰ ਪ੍ਰਗਤੀਸ਼ੀਲ ਲੀਹਾਂ 'ਤੇ ਲਿਆਉਂਦਾ ਹੈ। 

ਉਨ੍ਹਾਂ ਨੇ ਸਮਾਜ ਦੇ ਪਛੜੇ ਵਰਗ ਵਾਸਤੇ ਜਨ ਧਨ ਯੋਜਨਾ, ਸਵੱਛ ਭਾਰਤ, ਯੂਨੀਵਰਸਲ ਇੰਸ਼ੋਰੈਂਸ ਕਵਰ 'ਮੋਡੀਕੇਅਰ', ਗਰੀਬਾਂ ਲਈ ਰਿਹਾਇਸ਼ ਦੀਆਂ ਸਹੂਲਤਾਂ ਅਤੇ ਮੋਦੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੜਕੀਆਂ ਦੀ ਸਿੱਖਿਆ ਦੀਆਂ ਨੀਤੀਆਂ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਅਗਲੇ ਸਾਲ ਆਮ ਲੋਕ ਸਭਾ ਚੋਣਾਂ ਲਈ ਤਿਆਰ ਬਰ ਤਿਆਰ ਰਹਿਣ ਲਈ ਕਿਹਾ ਅਤੇ ਲੋਕਾਂ ਨੂੰ ਮੋਦੀ ਸਰਕਾਰ ਦੀਆਂ ਨੀਤੀਆਂ ਬਾਰੇ ਜਾਣੂ ਕਰਵਾਉਣ ਲਈ ਕਿਹਾ। ਚੁੱਘ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਭਾਰਤ ਦਾ ਨਾਮ ਦੁਨੀਆ ਭਰ 'ਚ ਪ੍ਰਤੱਖ ਹੋਇਆ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਭਾਵਸ਼ਾਲੀ ਵਿਦੇਸ਼ ਨੀਤੀ ਦੀ ਸ਼ੁਰੂਆਤ ਕੀਤੀ ਹੈ, ਜਿਸ ਨੇ ਭਾਰਤ ਨੂੰ ਵਿਸ਼ਵ ਦੀ ਰਾਜਨੀਤੀ 'ਚ ਮੋਹਰੀ ਬਣਾਇਆ ਹੈ। 

ਮਲਿਕ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਭਾਰਤ ਆਉਣ ਵਾਲੇ ਸਮੇਂ 'ਚ ਇੱਕ ਸ਼ਕਤੀਸ਼ਾਲੀ ਦੇਸ਼ ਵਜੋਂ ਉਭਰ ਕੇ ਆਵੇਗਾ। ਇਸ ਮੌਕੇ ਛੀਨਾ ਨੇ ਕੈਪਟਨ ਸਰਕਾਰ 'ਤੇ ਦੋਸ਼ ਲਗਾਇਆ ਕਿ ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਕੇਂਦਰੀ ਫੰਡਾਂ ਦੀ ਸਹੀ ਵਰਤੋਂ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਦੀ ਆਰਥਿਕ ਸਥਿਤੀ ਖਤਰੇ 'ਚ ਹੈ ਅਤੇ ਜੋ ਵੀ ਪ੍ਰੋਜੈਕਟ ਚਲਾਏ ਜਾ ਰਹੇ ਹਨ ਉਹ ਕੇਂਦਰ ਸਰਕਾਰ ਦੇ ਫ਼ੰਡਾਂ ਨਾਲ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੋਦੀ ਦੇ ਧੰਨਵਾਦੀ ਹੋਣ ਦੀ ਬਜਾਏ, ਕੈਪਟਨ ਅਤੇ ਉਨ੍ਹਾਂ ਦੇ ਪਾਰਟੀ ਨੇਤਾ ਨੇ ਆਪਣੀਆਂ ਅਸਫਲਤਾਵਾਂ ਨੂੰ ਛੁਪਾਉਣ ਲਈ ਐਨ.ਡੀ.ਏ. ਸਰਕਾਰ ਦੀ ਆਲੋਚਨਾ ਕਰਨੀ ਸ਼ੁਰੂ ਕਰ ਦਿੱਤੀ ਹੈ।

ਇਸ ਮੌਕੇ ਹਨੀ ਨੇ ਕਿਹਾ ਕਿ ਇਸ ਵੇਲੇ ਪੰਜਾਬ ਵਿੱਤੀ ਸੰਕਟ 'ਚ ਹੈ ਪਰ ਫਿਰ ਵੀ ਕੇਂਦਰ ਸਰਕਾਰ ਸਰਹੱਦੀ ਰਾਜ ਲਈ ਫ਼ੰਡ ਜਾਰੀ ਕਰ ਰਹੀ ਹੈ ਤਾਂ ਕਿ ਸੜਕੀ ਪ੍ਰੋਜੈਕਟਾਂ ਅਤੇ ਹੋਰ ਕੇਂਦਰੀ ਸਕੀਮਾਂ ਨੂੰ ਪੂਰਾ ਕੀਤਾ ਜਾ ਸਕੇ। ਇਸ ਮੌਕੇ 'ਤੇ ਮੰਡਲ ਪ੍ਰਧਾਨਾਂ, ਐਸ.ਪੀ. ਕੇਵਲ ਕੁਮਾਰ ਅਤੇ ਅੰਮ੍ਰਿਤਸਰ (ਉੱਤਰੀ) ਵਿਧਾਨ ਸਭਾ ਹਲਕੇ ਦੇ ਸਥਾਨਕ ਨੇਤਾਵਾਂ ਨੇ ਵੱਡੀ ਗਿਣਤੀ 'ਚ ਮੀਟਿੰਗ ਵਿੱਚ ਭਾਗ ਲਿਆ।