ਮੰਤਰੀਆਂ ਦਾ ਰਵੱਈਆ ਨੌਕਰਸ਼ਾਹਾਂ ਖ਼ਿਲਾਫ਼ ਹੋਇਆ ਸਖ਼ਤ ( ਨਿਊਜ਼ਨੰਬਰ ਖ਼ਾਸ ਖ਼ਬਰ )

Last Updated: Jun 12 2019 12:28
Reading time: 2 mins, 26 secs

ਲਗਦਾ ਹੈ ਕਿ ਪੰਜਾਬ ਦੇ ਮੰਤਰੀਆਂ ਦਾ ਰਵੱਈਆ ਨੌਕਰਸ਼ਾਹਾਂ ਖ਼ਿਲਾਫ਼ ਸਖ਼ਤ ਹੋ ਗਿਆ ਹੈ , ਜੀ ਹਾਂ ਸੂਬਾ ਸਰਕਾਰ 'ਚ ਕੈਬਿਨੇਟ ਮੰਤਰੀ ਓ.ਪੀ ਸੋਨੀ ਵਲੋਂ ਸੂਬੇ 'ਚ ਬਿਊਰੋਕਰੇਸੀ ਹਾਵੀ ਹੋਣੇ ਦੇ ਬਿਆਨ ਤੋਂ ਬਾਅਦ ਸੂਬੇ ਦੇ ਮੰਤਰੀਆਂ ਵਲੋਂ ਇਨ੍ਹਾਂ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਮਨ ਬਣਾ ਲਿਆ ਹੈ ਅਤੇ ਉਨ੍ਹਾਂ 'ਤੇ ਖ਼ੁਦ ਨੂੰ ਹਾਵੀ ਕਰਨ ਦੀ ਕਾਰਵਾਈ ਅਰੰਭੀ ਹੈ। ਸੂਬੇ ਦੇ ਸਿਹਤ ਮੰਤਰੀ ਵਲੋਂ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਗੈਰ ਹਾਜ਼ਰ ਰਹਿਣ ਵਾਲੇ ਡੀ.ਡੀ.ਪੀ.ਓ ਨੂੰ ਸਿਹਤ ਮੰਤਰੀ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੂੰ ਫ਼ੋਨ 'ਤੇ ਉਕਤ ਅਧਿਕਾਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਕਹਿਣ ਤੋਂ ਬਾਅਦ ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਗ਼ੈਰ ਹਾਜ਼ਰ ਰਹਿਣ ਵਾਲੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਰੁਣ ਜਿੰਦਲ ਨੂੰ ਤੁਰੰਤ ਪ੍ਰਭਾਵ ਨਾਲ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਮੁਅੱਤਲੀ ਦੌਰਾਨ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਦਾ ਮੁੱਖ ਦਫ਼ਤਰ ਮੋਹਾਲੀ ਵਿਖੇ ਬਣਾਇਆ ਗਿਆ ਹੈ।  

ਸੂਬਾ ਪੰਜਾਬ 'ਚ ਨੌਕਰਸ਼ਾਹੀ ਹਾਵੀ ਹੈ, ਇਹ ਬਿਆਨ ਕੈਬਿਨੇਟ ਮੰਤਰੀ ਓ.ਪੀ.ਸੋਨੀ ਵਲੋਂ ਦਿੱਤਾ ਗਿਆ ਹੈ ਜਿਸਤੋਂ ਲਗਦਾ ਹੈ ਕਿ ਸੂਬੇ ਦੀ ਬਿਉਰੋਕਰੇਸੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਦੀ ਹੀ ਪਾਲਣਾ ਕਰਦੀ ਹੈ। ਆਪਣਾ ਵਿਭਾਗ ਬਦਲੇ ਜਾਣ ਤੋਂ ਕੁਛ ਖ਼ਫ਼ਾ ਆ ਰਹੇ ਮੰਤਰੀ ਓ.ਪੀ.ਸੋਨੀ ਨੇ ਫ਼ਿਲਹਾਲ ਆਪਣਾ ਨਵਾਂ ਵਿਭਾਗ ਮੈਡੀਕਲ ਸਿੱਖਿਆ ਨੂੰ ਹੱਲੇ ਸੰਭਾਲਿਆ ਨਹੀਂ ਹੈ। ਉੱਧਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਬੀਤੇ ਕੱਲ੍ਹ ਫ਼ਾਜ਼ਿਲਕਾ ਵਿਖੇ ਕੀਤੀ ਗਈ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਦੌਰਾਨ ਗ਼ੈਰ ਹਾਜ਼ਰ ਰਹਿਣ ਵਾਲੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਰੁਣ ਜਿੰਦਲ ਨੂੰ ਤੁਰੰਤ ਪ੍ਰਭਾਵ ਨਾਲ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਉਕਤ ਅਧਿਕਾਰੀ ਦੇ ਮੀਟਿੰਗ ਵਿੱਚ ਹਾਜ਼ਰ ਨਾ ਹੋਣ 'ਤੇ ਸ. ਸਿੱਧੂ ਨੇ ਮੌਕੇ 'ਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ.ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਫ਼ੋਨ ਕਰਕੇ ਗ਼ੈਰ ਹਾਜ਼ਰ ਅਧਿਕਾਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਕਿਹਾ ਸੀ।

ਡੀ.ਡੀ.ਪੀ.ਓ ਦੇ ਮੀਟਿੰਗ 'ਚ ਗੈਰ ਹਾਜ਼ਰ ਹੋਣ 'ਤੇ ਮੰਤਰੀ ਨੇ ਸਖ਼ਤ ਨੋਟਿਸ ਲੈਂਦੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ। ਸ. ਬਲਬੀਰ ਸਿੰਘ ਸਿੱਧੂ ਨੇ ਸ੍ਰੀ ਬਾਜਵਾ ਨੂੰ ਲਿਖਤੀ ਨੋਟ ਵਿੱਚ ਕਿਹਾ ਸੀ ਕਿ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਉਨ੍ਹਾਂ ਵੱਲੋਂ ਜ਼ਿਲ੍ਹਾ ਫ਼ਾਜ਼ਿਲਕਾ ਦੀ ਮੀਟਿੰਗ ਕਰਨ ਲਈ ਸੂਚਿਤ ਕੀਤਾ ਗਿਆ ਸੀ ਅਤੇ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ ਸਬੰਧੀ ਅਗਾਂਹ ਸਬੰਧਿਤ ਅਧਿਕਾਰੀਆਂ ਨੂੰ ਸੂਚਨਾ ਦੇ ਦਿੱਤੀ ਗਈ ਸੀ। ਉਨ੍ਹਾਂ ਨੇ ਲਿਖਿਆ ਹੈ ਕਿ ਮੀਟਿੰਗ ਸ਼ੁਰੂ ਹੋਣ 'ਤੇ ਲੋਕਾਂ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਿਤ ਕੀਤੀਆਂ ਗਈਆਂ ਸ਼ਿਕਾਇਤਾਂ ਦਾ ਜਵਾਬ ਦੇਣ ਲਈ ਡੀ.ਡੀ.ਪੀ.ਓ. ਮੌਕੇ 'ਤੇ ਹਾਜ਼ਰ ਨਹੀਂ ਸੀ। ਉਸ ਦੀ ਗ਼ੈਰ ਹਾਜ਼ਰੀ ਨੂੰ ਲੈ ਕੇ ਮੈਂਬਰਾਂ ਵਿੱਚ ਕਾਫ਼ੀ ਰੋਸ਼ ਪਾਇਆ ਜਾ ਰਿਹਾ ਸੀ। ਉਨ੍ਹਾਂ ਨੇ ਲਿਖਿਆ ਹੈ ਕਿ ਡਿਪਟੀ ਕਮਿਸ਼ਨਰ ਨੇ ਵੀ ਇਸੇ ਦੌਰਾਨ ਅਧਿਕਾਰੀ ਨੂੰ ਮੀਟਿੰਗ ਵਿੱਚ ਹਾਜ਼ਰ ਹੋਣ ਲਈ ਕਿਹਾ ਪਰ ਇਸ ਦੇ ਬਾਵਜੂਦ ਉਹ ਹਾਜ਼ਰ ਨਾ ਹੋਇਆ। ਜੋ ਮੁੱਖ ਮੰਤਰੀ ਦੀਆਂ ਹਦਾਇਤਾਂ ਦੀ ਘੋਰ ਉਲੰਘਣਾ ਹੈ। ਮੰਤਰੀ ਦੇ ਇਸ ਸਖ਼ਤ ਲਏ ਗਏ ਨੋਟਿਸ ਤੋਂ ਬਾਅਦ ਹੁਣ ਅਧਿਕਾਰੀਆਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਮੰਤਰੀਆਂ ਦੀਆਂ ਮੀਟਿੰਗਾਂ, ਉਨ੍ਹਾਂ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਦੀ ਖ਼ੈਰ ਨਹੀਂ ਹੈ।

ਨੋਟ:- ਉਕਤ ਵਿਚਾਰ ਲੇਖਕ ਦੇ ਆਪਣੇ ਨਿਜੀ ਵਿਚਾਰ ਹਨ, NewsNumber ਇਨ੍ਹਾਂ ਵਿਚਾਰਾਂ ਲਈ ਜ਼ਿੰਮੇਵਾਰ ਨਹੀਂ ਹੈ।