ਮਹਾਰਾਜਾ ਰਣਜੀਤ ਸਿੰਘ ਐਵਾਰਡ ਹਰ ਸਾਲ ਦਿੱਤੇ ਜਾਇਆ ਕਰਨਗੇ-ਰਾਣਾ ਸੋਢੀ

Last Updated: Jun 28 2018 17:28

ਖੇਡ ਅਤੇ ਨੌਜਵਾਨ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ. ਰਾਣਾ ਗੁਰਮੀਤ ਸਿੰਘ ਸੋਢੀ ਨੇ ਐਲਾਨ ਕੀਤਾ ਕਿ ਰਾਸ਼ਟਰਮੰਡਲ ਖੇਡਾਂ ਵਿੱਚ ਜੇਤੂ ਰਹੇ ਪੰਜਾਬ ਦੇ ਖਿਡਾਰੀਆਂ ਨੂੰ ਐਲਾਨੀ ਗਈ ਇਨਾਮੀ ਰਾਸ਼ੀ ਛੇਤੀ ਹੀ ਜਾਰੀ ਕਰ ਦਿੱਤੀ ਜਾਵੇਗੀ। ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਪੰਜਾਬ ਸਾਫਟਬਾਲ ਐਸੋਸੀਏਸ਼ਨ ਵੱਲੋਂ ਕਰਵਾਏ ਗਏ 10ਵੇਂ ਸਾਫਟਬਾਲ ਫੈਡਰੇਸ਼ਨ ਕੱਪ ਦੇ ਸਮਾਪਤੀ ਸਮਾਰੋਹ ਮੌਕੇ ਬਤੌਰ ਮੁੱਖ ਮਹਿਮਾਨ ਸੰਬੋਧਨ ਕਰਦੇ ਸ. ਰਾਣਾ ਸੋਢੀ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਵਿੱਚ ਖੇਡ ਸਭਿਆਚਾਰ ਪੈਦਾ ਕਰਨ ਲਈ ਦ੍ਰਿੜ੍ਹ ਹੈ, ਤਾਂ ਕਿ ਪਿੰਡਾਂ ਤੇ ਸ਼ਹਿਰਾਂ ਦੇ ਨੌਜਵਾਨ ਸਰੀਰਕ ਤੇ ਮਾਨਸਿਕ ਪੱਖੋਂ ਤੰਦਰੁਸਤ ਹੋ ਸਕਣ। ਉਨ੍ਹਾਂ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਦਿੱਤੇ ਜਾਂਦੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਲਗਾਤਾਰ ਹਰ ਸਾਲ ਦਿੱਤੇ ਜਾਇਆ ਕਰਨਗੇ, ਤਾਂ ਕਿ ਖੇਡ ਤੇ ਖਿਡਾਰੀਆਂ ਨੂੰ ਹੌਸਲਾ ਮਿਲਦਾ ਰਹੇ। 

ਉਨ੍ਹਾਂ ਕਿਹਾ ਕਿ ਇਸ ਲਈ ਨਵੀਂ ਖੇਡ ਨੀਤੀ ਵਿੱਚ ਖਿਡਾਰੀਆਂ ਤੇ ਕੋਚਾਂ ਦੀ ਟਰੇਨਿੰਗ ਦਾ ਵਿਸ਼ੇਸ਼ ਖਿਆਲ ਰੱਖਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਖਿਡਾਰੀਆਂ ਦੀ ਪੜਾਈ, ਚੰਗੀ ਖੁਰਾਕ ਅਤੇ ਉਨ੍ਹਾਂ ਦਾ ਸੁਰੱਖਿਅਤ ਭਵਿੱਖ, ਜਿਸ ਵਿੱਚ ਨੌਕਰੀਆਂ ਦੀ ਵਿਵਸਥਾ ਹੋਵੇ, ਨਿਸ਼ਚਿਤ ਕਰਨ ਲਈ ਵਿਚਾਰ ਵੀ ਜਾਰੀ ਹੈ ਅਤੇ ਛੇਤੀ ਹੀ ਇਸ ਬਾਰੇ ਠੋਸ ਫੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਹਰ ਤਰ੍ਹਾਂ ਦੀ ਮਦਦ ਦੇਣ ਦਾ ਭਰੋਸਾ ਦਿੱਤਾ ਗਿਆ ਹੈ। ਸ. ਸੋਢੀ ਨੇ ਦੱਸਿਆ ਕਿ ਪੰਜਾਬ ਵਿੱਚ ਵੱਖ-ਵੱਖ ਖੇਡਾਂ ਨੂੰ ਮੁੜ ਲੀਹਾਂ ਉੱਤੇ ਲਿਆਉਣ ਲਈ ਛੇਤੀ ਹੀ ਨਵੇਂ ਕੋਚ ਭਰਤੀ ਕੀਤੇ ਜਾਣਗੇ ਅਤੇ ਮੌਜੂਦਾ ਕੋਚਾਂ ਨੂੰ ਬਾਹਰੋਂ ਟਰੇਨਿੰਗ ਦੇ ਕੇ ਸਮੇਂ ਦੇ ਹਾਣੀ ਬਣਾਇਆ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਆਉਣ ਵਾਲੇ ਕੁੱਝ ਮਹੀਨਿਆਂ ਵਿੱਚ ਹੀ ਤੁਹਾਨੂੰ ਖੇਡਾਂ ਦੇ ਖੇਤਰ ਵਿੱਚ ਪੰਜਾਬ ਵਿੱਚ ਆਈ ਤਬਦੀਲੀ ਨਜ਼ਰ ਆਵੇਗੀ। ਖੇਡ ਮੰਤਰੀ ਨੇ ਇਹ ਵੀ ਦੱਸਿਆ ਕਿ ਅਕਤੂਬਰ ਦੇ ਮਹੀਨੇ ਸਕੂਲੀ ਖੇਡਾਂ ਕਰਵਾਉਣ ਦੀ ਤਿਆਰੀ ਵੀ ਕੀਤੀ ਜਾ ਰਹੀ ਹੈ। 

ਇਸ ਮੌਕੇ ਬੋਲਦੇ ਲੋਕ ਸਭਾ ਮੈਂਬਰ ਸ. ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਦੇ ਖੇਡ ਸਟੇਡੀਅਮਾਂ ਦੇ ਨਵੀਨੀਕਰਨ ਅਤੇ ਕ੍ਰਿਕਟ ਸਟੇਡੀਅਮ ਨੂੰ ਵੱਡਾ ਕਰਨ ਦੀ ਮੰਗ ਬੜੇ ਜ਼ੋਰ ਨਾਲ ਖੇਡ ਮੰਤਰੀ ਕੋਲ ਉਠਾਈ, ਜਿਸ ਦੇ ਉਤਰ ਵਿੱਚ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਸ਼ਹਿਰ ਵਿੱਚ ਖੇਡਾਂ ਦਾ ਮੁੱਢਲਾ ਢਾਂਚਾ ਵਿਕਸਤ ਕਰਨ ਲਈ ਵਿਸਥਾਰਤ ਰਿਪੋਰਟ ਲੈ ਕੇ ਕੰਮ ਪੂਰਾ ਕੀਤਾ ਜਾਵੇਗਾ। ਉਨ੍ਹਾਂ ਇਸ ਮੌਕੇ ਸਾਫਟਬਾਲ ਐਸੋਸੀਏਸ਼ਨ ਨੂੰ ਆਪਣੇ ਅਖਤਿਆਰੀ ਕੋਟੇ ਵਿੱਚੋਂ 3 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਉਨ੍ਹਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਨਾਲ ਯੂਨੀਵਰਸਿਟੀ ਦੀਆਂ ਖੇਡ ਸਰਗਰਮੀਆਂ ਅਤੇ ਖੇਡਾਂ ਦੇ ਮੁੱਢਲੇ ਢਾਂਚੇ ਬਾਰੇ ਵਿਸਥਾਰਤ ਗੱਲਬਾਤ ਵੀ ਕੀਤੀ। ਹੋਰਨਾਂ ਤੋਂ ਇਲਾਵਾ ਇਸ ਮੌਕੇ ਵਿਧਾਇਕ ਸ. ਇੰਦਰਬੀਰ ਸਿੰਘ ਬੁਲਾਰੀਆ ਅਤੇ ਹੋਰ ਆਗੂ ਵੀ ਹਾਜ਼ਰ ਸਨ।