ਹਾਈਕੋਰਟ ਦੇ ਚੀਫ਼ ਜਸਟਿਸ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

Last Updated: Jun 30 2018 13:40

ਪੰਜਾਬ ਅਤੇ ਹਰਿਆਣਾ ਦੇ ਨਵੇਂ ਨਿਯੁੱਕਤ ਹੋਏ ਮੁੱਖ ਜੱਜ ਕ੍ਰਿਸ਼ਨਾ ਮੁਰਾਰੀ ਅਤੇ ਉਨ੍ਹਾਂ ਦੀ ਪਤਨੀ ਰੂਪਮ ਸ੍ਰੀਵਾਸਤਵ ਅੱਜ ਤੜਕੇ ਸਾਢੇ ਤਿੰਨ ਵਜੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇ। ਇਸ ਮੌਕੇ ਉਨ੍ਹਾਂ ਨੇ ਪਾਲਕੀ ਸਾਹਿਬ ਦੀ ਸੇਵਾ ਵੀ ਕੀਤੀ ਅਤੇ ਸੰਗਤ ਨਾਲ ਬੈਠ ਕੇ ਹੁਕਮਨਾਮਾ ਸਰਵਣ ਕੀਤਾ। ਪਾਲਕੀ ਸਾਹਿਬ ਦੀ ਸੇਵਾ ਵੇਲੇ ਰਜਿਸਟਰਾਰ ਜਨਰਲ ਹਾਈਕੋਰਟ ਅਰੁਣ ਕੁਮਾਰ ਤਿਆਗੀ, ਜ਼ਿਲ੍ਹਾ ਤੇ ਸੈਸ਼ਨ ਜੱਜ ਕੇ. ਐਸ. ਕੰਗ ਤੇ ਹੋਰ ਸੀਨੀਅਰ ਜੱਜ ਵੀ ਉਨ੍ਹਾਂ ਨਾਲ ਸਨ। ਉਨ੍ਹਾਂ ਨੇ ਹਰਮਿੰਦਰ ਸਾਹਿਬ ਦੇ ਦਰਸ਼ਨ ਕੀਤੇ। ਇਸ ਉਪਰੰਤ ਸੂਚਨਾ ਕੇਂਦਰ ਵਿੱਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿਗ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਡਾ. ਰੂਪ ਸਿੰਘ, ਮੀਤ ਸਕੱਤਰ ਸੁਲੱਖਣ ਸਿੰਘ, ਮੈਨੇਜਰ ਮੁਖਤਾਰ ਸਿੰਘ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਵੱਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਤੇ ਅੰਮ੍ਰਿਤਪਾਲ ਸਿੰਘ ਸਮੇਤ ਹੋਰ ਕਮੇਟੀ ਅਧਿਕਾਰੀ ਵੀ ਹਾਜ਼ਰ ਸਨ। ਇਸ ਮਗਰੋਂ ਕ੍ਰਿਸ਼ਨਾ ਮੁਰਾਰੀ ਤੇ ਉਨ੍ਹਾਂ ਦੀ ਪਤਨੀ ਨੇ ਸ੍ਰੀ ਦਰੁਗਿਆਣਾ ਮੰਦਰ ਵੀ ਮੱਥਾ ਟੇਕਿਆ।

ਸਵੇਰੇ 11 ਵਜੇ ਉਹ ਦੇਸ਼ ਦੇ ਅਜ਼ਾਦੀ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰ ਗਏ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਜਲਿਆਂ ਵਾਲਾ ਬਾਗ ਪੁੱਜੇ। ਇੱਥੇ ਉਨ੍ਹਾਂ ਫੁੱਲ ਮਾਲਾਵਾਂ ਭੇਂਟ ਕਰਕੇ ਸ਼ਹੀਦਾਂ ਨੂੰ ਸਜਦਾ ਕੀਤਾ। ਇਸ ਮੌਕੇ ਪ੍ਰੈੱਸ ਨਾਲ ਗੱਲਬਾਤ ਕਰਦੇ ਉਨ੍ਹਾਂ ਨੇ ਕਿਹਾ ਕਿ ਦੇਸ਼ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਅੱਗੇ ਸੀਸ ਝੁਕਾਉਣ ਲਈ ਮੈਂ ਇੱਥੇ ਵਿਸ਼ੇਸ਼ ਤੌਰ 'ਤੇ ਆਇਆ ਹਾਂ ਅਤੇ ਸਾਨੂੰ ਉਨ੍ਹਾਂ ਲੋਕਾਂ ਨੂੰ ਸਦਾ ਯਾਦ ਰੱਖਣਾ ਚਾਹੀਦਾ ਹੈ ਜੋ ਦੇਸ਼ ਦੇ ਭਵਿੱਖ ਵਾਸਤੇ ਆਪਣਾ ਵਰਤਮਾਨ ਕੁਰਬਾਨ ਕਰ ਗਏ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਪੀੜਤ ਨੂੰ ਛੇਤੀ ਨਿਆਂ ਦਿਵਾਉਣਾ ਉਨ੍ਹਾਂ ਦੀ ਤਰਜੀਹ ਰਹੇਗੀ ਅਤੇ ਉਹ ਆਪਣੇ ਸਹਿਯੋਗੀਆਂ ਨਾਲ ਮਿਲ ਕੇ ਇਹ ਯਤਨ ਕਰਨਗੇ ਕਿਸੇ ਨੂੰ ਨਿਆਂ ਮਿਲਣ ਵਿੱਚ ਦੇਰੀ ਨਾ ਹੋਵੇ। ਉਨ੍ਹਾਂ ਕਿਹਾ ਕਿ ਜਿੰਨਾ ਕੇਸਾਂ ਵਿੱਚ ਸੁਸਾਇਟੀ ਜ਼ਿਆਦਾ ਪ੍ਰਭਾਵਿਤ ਹੁੰਦੀ ਹੋਵੇ, ਉਨ੍ਹਾਂ ਕੇਸਾਂ ਦੀ ਛੇਤੀ ਸੁਣਵਾਈ ਕਰਨ ਦੀ ਵਿਵਸਥਾ ਵੀ ਕੀਤੀ ਜਾ ਸਕਦੀ ਹੈ। ਇਸ ਮੌਕੇ ਐਸ.ਡੀ.ਐਮ ਨਵੀਨ ਸਿੰਗਲਾ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਦੱਸਣਯੋਗ ਹੈ ਕਿ ਬੀਤੀ ਸ਼ਾਮ ਅੰਮ੍ਰਿਤਸਰ ਪੁੱਜੇ ਮੁੱਖ ਜੱਜ ਕ੍ਰਿਸ਼ਨਾ ਮੁਰਾਰੀ ਨੇ ਪਰਿਵਾਰ ਤੇ ਹੋਰ ਸਾਥੀ ਜੱਜਾਂ ਨਾਲ ਵਾਹਗਾ ਸਰਹੱਦ 'ਤੇ ਝੰਡਾ ਉਤਾਰਨ ਦੀ ਰਸਮ ਦਾ ਵੀ ਅਨੰਦ ਮਾਣਿਆ।