ਨਸ਼ੇ ਦੀ ਰਾਜਧਾਨੀ ਬਣਦਾ ਜਾ ਰਿਹੈ ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ !!! (ਨਿਊਜ਼ਨੰਬਰ ਖ਼ਾਸ ਖ਼ਬਰ)

Last Updated: Jul 12 2019 14:50
Reading time: 2 mins, 51 secs

ਦਿਨ ਪ੍ਰਤੀ ਦਿਨ ਫਿਰੋਜ਼ਪੁਰ ਦੇ ਅੰਦਰ ਵੱਡੀ ਮਾਤਰਾ ਵਿੱਚ ਜਿਸ ਤਰੀਕੇ ਦੇ ਨਾਲ ਨਸ਼ਾ ਸਮਗਲਰ ਕਾਬੂ ਹੋ ਰਹੇ ਹਨ, ਉਸ ਤੋਂ ਸਾਫ਼ ਹੋ ਰਿਹਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਫਿਰੋਜ਼ਪੁਰ ਜ਼ਿਲ੍ਹਾ ਨਸ਼ੇ ਦੀ ਰਾਜਧਾਨੀ ਬਣ ਕੇ ਰਹਿ ਜਾਵੇਗਾ। ਦੱਸ ਦਈਏ ਕਿ ਰੋਜ਼ਾਨਾ ਹੀ ਅੱਧੇ ਦਰਜਨ ਦੇ ਕਰੀਬ ਦਰਜ ਹੋ ਰਹੇ ਨਸ਼ੇ ਦੇ ਮਾਮਲੇ, ਇਹ ਸਾਬਤ ਕਰਦੇ ਹਨ ਕਿ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ਸਿਰਫ਼ ਤੇ ਸਿਰਫ਼ ਕਾਗਜ਼ਾਂ ਵਿੱਚ ਹੀ ਘੁੰਮ ਰਹੀ ਹੈ, ਕਿਉਂਕਿ ਨਸ਼ੇ ਦੀਆਂ ਖੇਪਾਂ ਸਮੇਤ ਫੜੇ ਜਾ ਰਹੇ ਸਮਗਲਰ ਸਾਰੇ ਹੀ ਪੁਰਾਣੇ ਹਨ। 

ਬੀਤੇ ਦਿਨ ਜ਼ਿਲ੍ਹਾ ਫਿਰੋਜ਼ਪੁਰ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਦੇ ਵੱਲੋਂ ਨਸ਼ੇ ਸਮੇਤ ਕਈ ਬੰਦਿਆਂ ਨੂੰ ਫੜਿਆ ਗਿਆ ਅਤੇ ਉਨ੍ਹਾਂ ਦੇ ਵਿਰੁੱਧ ਮਾਮਲੇ ਦਰਜ ਕੀਤੇ ਗਏ। ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਥਾਣਾ ਘੱਲ ਖੁਰਦ ਦੇ ਏਐਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੀ ਪੁਲਿਸ ਪਾਰਟੀ ਸਮੇਤ ਪੁਲ ਨਹਿਰਾਂ ਘੱਲ ਖੁਰਦ ਕੋਲ ਨਾਕੇਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਤਲਾਸ਼ੀ ਲੈ ਰਹੇ ਸਨ ਤਾਂ ਇਸ ਦੌਰਾਨ ਉਨ੍ਹਾਂ ਦੀ ਪੁਲਿਸ ਪਾਰਟੀ ਨੇ ਇੱਕ ਸ਼ੱਕੀ ਵਿਅਕਤੀ ਨੂੰ ਰੋਕਿਆ। ਪੁਲਿਸ ਨੇ ਦਾਅਵਾ ਕਰਦਿਆਂ ਹੋਇਆਂ ਦੱਸਿਆ ਕਿ ਜਦੋਂ ਉਕਤ ਸ਼ੱਕੀ ਵਿਅਕਤੀ ਦੀ ਤਲਾਸ਼ੀ ਲਈ ਗਈ ਤਾਂ ਉਸਦੇ ਕਬਜ਼ੇ ਵਿੱਚੋਂ 10 ਗ੍ਰਾਮ ਹੈਰੋਇਨ ਅਤੇ 1 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। 

ਪੁਲਿਸ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਸੁਖਦੇਵ ਸਿੰਘ ਉਰਫ ਸੁੱਖਾ ਪੁੱਤਰ ਦਲੀਪ ਸਿੰਘ ਵਾਸੀ ਵਾੜਾ ਭਾਈ ਕਾ ਵਜੋਂ ਹੋਈ ਹੈ। ਦੂਜੇ ਪਾਸੇ ਥਾਣਾ ਗੁਰੂਹਰਸਹਾਏ ਦੇ ਏਐਸਆਈ ਮੁਖਤਿਆਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੀ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿੱਚ ਕੁਟੀ ਚੌਂਕ ਵਿਖੇ ਮੌਜ਼ੂਦ ਸਨ ਤਾਂ ਇਸ ਦੌਰਾਨ ਉਨ੍ਹਾਂ ਦੀ ਪੁਲਿਸ ਪਾਰਟੀ ਨੂੰ ਕਿਸੇ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਛਿੰਦਾ ਅਤੇ ਕੁਲਦੀਪ ਦੋਵੇਂ ਸ਼ਰਾਬ ਵੇਚਣ ਦੇ ਆਦੀ ਹਨ ਅਤੇ ਹੁਣ ਵੀ ਸ਼ਰਾਬ ਕੱਢ ਰਹੇ ਹਨ। 

ਪੁਲਿਸ ਨੇ ਦਾਅਵਾ ਕਰਦਿਆਂ ਹੋਇਆਂ ਦੱਸਿਆ ਕਿ ਮੁਖ਼ਬਰ ਤੋਂ ਸੂਚਨਾ ਮਿਲਦਿਆਂ ਸਾਰ ਜਦੋਂ ਉਕਤ ਜਗ੍ਹਾ 'ਤੇ ਛਾਪੇਮਾਰੀ ਕੀਤੀ ਗਈ ਤਾਂ ਉੱਥੋਂ ਛਿੰਦੇ ਨੂੰ ਗ੍ਰਿਫ਼ਤਾਰ ਕਰਦਿਆਂ ਉਸਦੇ ਕਬਜ਼ੇ ਵਿੱਚੋਂ 9 ਬੋਤਲਾਂ ਨਜਾਇਜ਼ ਸ਼ਰਾਬ ਤੋਂ ਇਲਾਵਾ 50 ਕਿੱਲੋ ਲਾਹਣ ਬਰਾਮਦ ਕੀਤੀ ਗਈ, ਜਦਕਿ ਛਿੰਦੇ ਦਾ ਸਾਥੀ ਕੁਲਦੀਪ ਭੱਜਣ ਵਿੱਚ ਸਫ਼ਲ ਹੋ ਗਿਆ। ਪੁਲਿਸ ਨੇ ਦੱਸਿਆ ਕਿ ਛਿੰਦਾ ਸਿੰਘ ਪੁੱਤਰ ਕੌਰ ਸਿੰਘ ਅਤੇ ਕੁਲਦੀਪ ਸਿੰਘ ਪੁੱਤਰ ਕੌਰ ਸਿੰਘ ਵਾਸੀਅਨ ਲੈਪ ਦੇ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। 

ਥਾਣਾ ਸਿਟੀ ਫਿਰੋਜ਼ਪੁਰ ਦੇ ਏਐਸਆਈ ਹਰਨੇਕ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੀ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿੱਚ ਬਗਦਾਦੀ ਗੇਟ ਫਿਰੋਜ਼ਪੁਰ ਸ਼ਹਿਰ ਵਿਖੇ ਮੌਜ਼ੂਦ ਸਨ ਤਾਂ ਇਸ ਦੌਰਾਨ ਉਨ੍ਹਾਂ ਦੀ ਪੁਲਿਸ ਪਾਰਟੀ ਦੇ ਵੱਲੋਂ ਸ਼ੱਕ ਦੇ ਤਹਿਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ। ਪੁਲਿਸ ਮੁਤਾਬਿਕ ਜਦੋਂ ਉਕਤ ਵਿਅਕਤੀ ਦੀ ਤਲਾਸ਼ੀ ਲਈ ਗਈ ਤਾਂ ਉਸਦੇ ਕਬਜ਼ੇ ਵਿੱਚੋਂ 4 ਗ੍ਰਾਮ ਹੈਰੋਇਨ ਅਤੇ 700 ਨਸ਼ੀਲੇ ਕੈਪਸੂਲ ਬਰਾਮਦ ਹੋਏ। ਪੁਲਿਸ ਮੁਤਾਬਿਕ ਫੜੇ ਗਏ ਵਿਅਕਤੀ ਦੀ ਪਛਾਣ ਅਮਰੀਕ ਸਿੰਘ ਪੁੱਤਰ ਜੋਗਿੰਦਰ ਸਿੰਘ ਉਰਫ ਲਾਲੂ ਵਾਸੀ ਹੀਰਾ ਨਗਰ ਫਿਰੋਜ਼ਪੁਰ ਸ਼ਹਿਰ ਵਜੋਂ ਹੋਈ ਹੈ, ਜਿਸਦੇ ਵਿਰੁੱਧ ਐਨਡੀਪੀਐਸ ਐਕਟ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ। 

ਐਸਟੀਐਫ਼ ਫਿਰੋਜ਼ਪੁਰ ਦੇ ਏਐਸਆਈ ਮਹੇਸ਼ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੀ ਪੁਲਿਸ ਪਾਰਟੀ ਸਮੇਤ ਸ਼ੱਕੀ ਬੰਦਿਆਂ ਦੀ ਚੈਕਿੰਗ ਦੇ ਸਬੰਧ ਵਿੱਚ ਪਿੰਡ ਛਾਗਾਂ ਰਾਏ ਉਤਾੜ ਵਿਖੇ ਮੌਜ਼ੂਦ ਸਨ ਤਾਂ ਇਸ ਦੌਰਾਨ ਉਨ੍ਹਾਂ ਦੀ ਪੁਲਿਸ ਪਾਰਟੀ ਦੇ ਵੱਲੋਂ ਸ਼ੱਕ ਦੇ ਤਹਿਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ। ਪੁਲਿਸ ਨੇ ਦਾਅਵਾ ਕਰਦਿਆਂ ਹੋਇਆਂ ਦੱਸਿਆ ਕਿ ਜਦੋਂ ਉਕਤ ਵਿਅਕਤੀ ਦੀ ਤਲਾਸ਼ੀ ਲਈ ਗਈ ਤਾਂ ਉਸਦੇ ਕਬਜ਼ੇ ਵਿੱਚੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਨੇ ਦੱਸਿਆ ਕਿ ਹੈਰੋਇਨ ਸਮੇਤ ਫੜੇ ਗਏ ਵਿਅਕਤੀ ਦੀ ਪਛਾਣ ਬੂੜ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਬਸਤੀ ਸੰਤਾ ਸਿੰਘ ਦਾਖਲੀ ਛਾਂਗਾ ਰਾਏ ਉਤਾੜ ਵਜੋਂ ਹੋਈ ਹੈ, ਜਿਸਦੇ ਵਿਰੁੱਧ ਗੁਰੂਹਰਸਹਾਏ ਥਾਣੇ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

ਨੋਟ:- ਉਕਤ ਵਿਚਾਰ ਲੇਖਕ ਦੇ ਆਪਣੇ ਨਿਜੀ ਵਿਚਾਰ ਹਨ, NewsNumber ਇਨ੍ਹਾਂ ਵਿਚਾਰਾਂ ਲਈ ਜ਼ਿੰਮੇਵਾਰ ਨਹੀਂ ਹੈ।