ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਪਿੰਡ ਟਾਂਡੀਵਾਲਾ ਦਾ ਦੌਰਾ

Last Updated: Aug 25 2019 19:38
Reading time: 1 min, 58 secs

ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਐਤਵਾਰ ਸ਼ਾਮ ਨੂੰ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਟਾਂਡੀਵਾਲਾ ਦਾ ਦੌਰਾ ਕੀਤਾ ਅਤੇ ਨੁਕਸਾਨੇ ਗਏ ਬੰਨ੍ਹ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਚੰਦਰ ਗੈਂਦ ਅਤੇ ਐਸ.ਐਸ.ਪੀ ਵਿਵੇਕ ਐਸ. ਸੋਨੀ ਨਾਲ ਮੋਟਰਬੋਟ 'ਚ ਸਵਾਰ ਹੋ ਕੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਪਾਣੀ ਨਾਲ ਨੁਕਸਾਨੇ ਗਏ ਬੰਨ੍ਹ ਦਾ ਨਿਰੀਖਣ ਕੀਤਾ। ਬੰਨ੍ਹ ਦਾ ਨਿਰੀਖਣ ਕਰਨ ਮਗਰੋਂ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦੇ ਹੋਏ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਹੜ੍ਹਾਂ ਨਾਲ ਲੋਕਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ।

ਉਨ੍ਹਾਂ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਰਿਪੋਰਟ 15 ਦਿਨਾਂ 'ਚ ਤਿਆਰ ਕਰਕੇ ਸਰਕਾਰ ਨੂੰ ਸੌਂਪਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਸਬੰਧਤਾਂ ਨੂੰ ਛੇਤੀ ਤੋਂ ਛੇਤੀ ਮੁਆਵਜ਼ਾ ਰਾਸ਼ੀ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਨੁਕਸਾਨ ਭਾਵੇਂ ਘਰਾਂ ਦਾ ਹੋਇਆ ਹੈ ਜਾਂ ਫ਼ਸਲਾਂ ਦਾ, ਲੋਕਾਂ ਦੇ ਹੋਏ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਦੀ ਵਜ੍ਹਾ ਨਾਲ ਪੈਦਾ ਹੋਈ ਇਸ ਸੰਕਟ ਦੀ ਘੜੀ 'ਚ ਲੋਕਾਂ ਨਾਲ ਖ਼ੜ੍ਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਕੇਂਦਰ ਸਰਕਾਰ ਤੋਂ ਰਾਹਤ ਪੈਕੇਜ ਦੀ ਮੰਗ ਕਰ ਚੁੱਕੇ ਹਨ ਅਤੇ ਉਹ ਛੇਤੀ ਹੀ ਇਸ ਮੱਦੇ 'ਤੇ ਨਵੀਂ ਦਿੱਲੀ ਵਿਖੇ ਭਾਰਤ ਸਰਕਾਰ ਨਾਲ ਮੁਲਾਕਾਤ ਵੀ ਕਰਨਗੇ।

ਡਿਪਟੀ ਕਮਿਸ਼ਨਰ ਚੰਦਰ ਗੈਂਦ ਵੱਲੋਂ ਉਠਾਏ ਗਏ ਕਦਮਾਂ ਦੀ ਪ੍ਰਸੰਸ਼ਾ ਕਰਦੇ ਹੋਏ ਰਾਣਾ ਸੋਢੀ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਨੇ ਸਾਵਧਾਨੀ ਦੇ ਤੌਰ 'ਤੇ ਫੌਜ ਅਤੇ ਐਨ.ਡੀ.ਆਰ.ਐਫ. ਦੀ ਤਾਇਨਾਤੀ ਕਰਵਾ ਦਿੱਤੀ ਹੈ। ਉਨ੍ਹਾਂ ਸਮੇਂ ਸਿਰ ਬੰਨ੍ਹ ਦੀ ਮੁਰੰਮਤ ਦੇ ਸ਼ੁਰੂ ਕਰਵਾਏ ਜਾਣ ਤੇ ਬੰਨ੍ਹ ਨੂੰ ਹੋਰ ਟੁੱਟਣ ਤੋਂ ਬਚਾ ਲੈਣ 'ਤੇ ਵੀ ਤਸੱਲੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਹਾਲ ਦੀ ਘੜੀ ਕੋਈ ਖ਼ਤਰੇ ਵਾਲੀ ਗੱਲ ਨਹੀਂ ਹੈ ਕਿਉਂਕਿ ਪ੍ਰਸ਼ਾਸਨ ਦੀ ਮੁਸਤੈਦੀ ਨਾਲ ਬੰਨ੍ਹ ਨੂੰ ਸਮੇਂ ਸਿਰ ਮਜ਼ਬੂਤੀ ਪ੍ਰਦਾਨ ਕਰ ਦਿੱਤੀ ਗਈ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਪ੍ਰਸੰਸ਼ਾ ਵੀ ਕੀਤੀ।

ਕੈਬਨਿਟ ਮੰਤਰੀ ਨੇ ਇਸ ਦੌਰਾਨ ਪਿੰਡ ਟਾਂਡੀਵਾਲਾ ਦੇ ਲੋਕਾਂ ਨਾਲ ਮੁਲਾਕਾਤ ਵੀ ਕੀਤੀ। ਉਨ੍ਹਾਂ ਨੇ ਹੜ੍ਹ ਰਾਹਤ ਕਾਰਜਾਂ 'ਚ ਲੱਗੇ ਪਿੰਡ ਵਾਸੀਆਂ ਦੇ ਪੈਟਰੋਲ-ਡੀਜ਼ਲ 'ਤੇ ਹੋਇਆ ਖ਼ਰਚਾ 15 ਹਜ਼ਾਰ ਰੁਪਏ ਆਪਣੀ ਜੇਬ ਵਿੱਚੋਂ ਦੇ ਦਿੱਤਾ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਲੋਕਾਂ ਵੱਲੋਂ ਰਾਹਤ ਕਾਰਜਾਂ ਦੌਰਾਨ ਕੀਤੇ ਗਏ ਸਮੁੱਚੇ ਖ਼ਰਚ ਦੀ ਅਦਾਇਗੀ ਵੀ ਕੀਤੀ ਜਾਵੇ। ਕੈਬਨਿਟ ਮੰਤਰੀ ਨੇ ਕਿਹਾ ਕਿ ਇੱਕੇ ਬੰਨ੍ਹ ਨੂੰ ਨੁਕਸਾਨ ਪਾਕਿਸਤਾਨ ਵੱਲੋਂ ਛੱਡੇ ਗਏ ਜ਼ਿਆਦਾ ਪਾਣੀ ਨਾਲ ਹੋਇਆ ਹੈ ਕਿਉਂਕਿ ਅਚਾਨਕ ਜਲ ਪੱਧਰ ਵੱਧਣ ਨਾਲ ਬੰਨ੍ਹ ਕਮਜ਼ੋਰ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਜੇ ਸਮੇਂ ਸਿਰ ਇਸ ਬੰਨ੍ਹ ਦੀ ਮਜ਼ਬੂਤੀ ਨਾ ਕੀਤੀ ਜਾਂਦੀ ਤਾਂ ਭਾਰੀ ਨੁਕਸਾਨ ਹੋ ਸਕਦਾ ਸੀ।