ਧਨੇਰ ਦੀ ਉਮਰ ਕੈਦ ਦੀ ਸਜ਼ਾ ਰੱਦ ਕਰਵਾਉਣ ਲਈ ਬਰਨਾਲਾ ਜੇਲ੍ਹ ਅੱਗੇ 22 ਅਕਤੂਬਰ ਨੂੰ ਪੀਐਸਯੂ ਅਤੇ ਐਨਬੀਐਸ ਵੱਲੋਂ ਕੀਤੀ ਜਾਵੇਗੀ ਸ਼ਮੂਲੀਅਤ !!!

Last Updated: Oct 20 2019 17:10
Reading time: 1 min, 38 secs

ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਲੋਕ ਆਗੂ ਮਨਜੀਤ ਧਨੇਰ ਦੀ ਉਮਰ ਕੈਦ ਦੀ ਸਜ਼ਾ ਰੱਦ ਕਰਵਾਉਣ ਲਈ ਬਰਨਾਲਾ ਜੇਲ੍ਹ ਅੱਗੇ 20 ਦਿਨਾਂ ਚੱਲ ਰਹੇ ਸੰਘਰਸ਼ ਵਿੱਚ 22 ਅਕਤੂਬਰ ਦਿਨ ਮੰਗਲਵਾਰ ਨੂੰ ਪੰਜਾਬ ਸਟੂਡੈਂਟਸ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵੱਲੋਂ ਕੀਤੀ ਜਾ ਰਹੀ ਸ਼ਮੂਲੀਅਤ ਸਬੰਧੀ ਵੱਖ-ਵੱਖ ਸਕੂਲਾਂ ਵਿੱਚ ਵਿਦਿਆਰਥੀਆਂ-ਨੌਜਵਾਨਾਂ ਨੂੰ ਪਹੁੰਚਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਵੱਖ-ਵੱਖ ਥਾਵਾਂ 'ਤੇ ਜਾਣਕਾਰੀ ਦਿੰਦਿਆਂ ਪੀ.ਐੱਸ.ਯੂ. ਦੇ ਜ਼ਿਲ੍ਹਾ ਪ੍ਰਧਾਨ ਮੋਹਨ ਸਿੰਘ ਔਲਖ, ਜ਼ਿਲ੍ਹਾ ਖ਼ਜ਼ਾਨਚੀ ਜਗਵੀਰ ਕੌਰ ਮੋਗਾ ਅਤੇ ਜ਼ਿਲ੍ਹਾ ਆਗੂ ਜਸਪ੍ਰੀਤ ਸਿੰਘ ਰਾਜੀਆਣਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕਿਰਨਦੀਪ ਕੌਰ (ਮਹਿਲ ਕਲਾਂ) ਕਤਲ ਕਾਂਡ ਦੇ ਦੋਸ਼ੀਆਂ ਦੇ ਵਿਰੁੱਧ ਸੰਘਰਸ਼ ਦੀ ਅਗਵਾਈ ਕਰਦਿਆਂ ਤਿੰਨ ਸਾਥੀ ਪ੍ਰੇਮ ਕੁਮਾਰ, ਨਰਿੰਦਰ ਨੱਤ ਅਤੇ ਮਨਜੀਤ ਧਨੇਰ ਨੂੰ ਨਿਹੱਕੀ ਉਮਰ ਕੈਦ ਦੀ ਸਜਾ ਸੁਣਾਈ ਸੀ।

ਜਿਸ ਵਿੱਚ ਦੋ ਸਾਥੀਆਂ ਦੀ ਉਮਰ ਕੈਦ ਦੀ ਸਜ਼ਾ ਰੱਦ ਕਰ ਦਿੱਤੀ ਗਈ, ਪਰ ਮਨਜੀਤ ਧਨੇਰ ਦੀ ਸਜ਼ਾ ਬਰਕਰਾਰ ਰੱਖੀ ਗਈ ਅਤੇ ਜੋ ਪਿਛਲੀ ਕੁਝ ਦਿਨਾਂ ਤੋਂ ਜੇਲ੍ਹ ਵਿੱਚ ਹਨ। ਜਿਨ੍ਹਾਂ ਦੀ ਉਮਰ ਕੈਦ ਦੀ ਸਜ਼ਾ ਰੱਦ ਕਰਵਾਉਣ ਲਈ ਪਿਛਲੇ ਵੀਹ ਦਿਨਾਂ ਤੋਂ ਬਰਨਾਲਾ 'ਚ ਸੰਘਰਸ਼ ਚੱਲ ਰਿਹਾ ਹੈ ਅਤੇ 22 ਤਰੀਕ ਨੂੰ ਪੰਜਾਬ ਸਟੂਡੈਂਟਸ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵੱਲੋਂ ਮਨਜੀਤ ਧਨੇਰ ਦੀ ਸਜ਼ਾ ਰੱਦ ਕਰਵਾਉਣ ਦੇ ਹੱਕ ਵਿੱਚ ਸੂਬੇ ਭਰ ਦਾ ਇਕੱਠ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਵੱਡੇ-ਵੱਡੇ ਸਿਆਸੀ ਲੀਡਰ ਆਮ ਲੋਕਾਂ ਦੀਆਂ ਬਹੂਆਂ-ਬੇਟੀਆਂ ਨਾਲ ਧੱਕਾ ਕਰਦੇ ਹਨ ਤਾਂ ਉਨ੍ਹਾਂ ਨੂੰ ਵੱਡੇ-ਵੱਡੇ ਅਹੁਦਿਆਂ 'ਤੇ ਬਿਠਾ ਦਿੱਤਾ ਜਾਂਦਾ ਹੈ।

ਪਰ ਜਦੋਂ ਕੋਈ ਆਮ ਲੋਕਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਾ ਹੈ ਤਾਂ ਉਨ੍ਹਾਂ ਨੂੰ ਦੇਸ਼ ਧਰੋਹ ਅਤੇ ਦੋਸ਼ੀ ਠਹਿਰਾ ਕੇ ਜੇਲ੍ਹਾਂ ਵਿੱਚ ਬੰਦ ਕਰ ਦਿੱਤਾ ਜਾਂਦਾ ਹੈ। ਇਸ ਤਰ੍ਹਾਂ ਅਜੋਕੇ ਸਮੇਂ ਵਿੱਚ ਲੋਕਾਂ ਨੂੰ ਡਰਾਉਣ ਵਾਸਤੇ ਮਾਹੌਲ ਬਣਾਇਆ ਜਾ ਰਿਹਾ ਹੈ, ਜਿਵੇਂ ਕਿ ਗਊ-ਰੱਖਿਆ, ਜੈ ਸ਼੍ਰੀ ਰਾਮ ਦੇ ਨਾਅਰੇ ਆਦਿ ਰਾਹੀਂ ਆਮ ਲੋਕਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਜਾਣਕਾਰੀ ਦਿੰਦਿਆਂ ਇਹ ਵੀ ਦੱਸਿਆ ਕਿ ਸਜ਼ਾ ਮਨਜੀਤ ਧਨੇਰ ਨੂੰ ਨਹੀਂ, ਇਹ ਸਜ਼ਾ ਲੋਕਾਂ ਦੇ ਹੱਕ-ਹਕੂਕ ਦੀ ਗੱਲ ਕਰਨ ਵਾਲਿਆਂ ਨੂੰ ਹੈ। ਇਸ ਧੱਕੇ ਦੇ ਵਿਰੋਧ ਵਿੱਚ 22 ਤਰੀਕ ਨੂੰ ਪੰਜਾਬ ਦੀ ਜਵਾਨੀ ਉੱਤਰੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਪ੍ਰੀਤ ਸਿੰਘ, ਸੁਖਦੀਪ ਸਿੰਘ, ਕਾਹਨ ਦਾਸ, ਵਰੁਨ, ਰਮਨਦੀਪ ਸਿੰਘ ਆਦਿ ਵਿਦਿਆਰਥੀ ਹਾਜ਼ਰ ਸਨ।