ਕੇਂਦਰੀ ਜੇਲ੍ਹ ਫ਼ਿਰੋਜ਼ਪੁਰ 'ਚੋਂ 4 ਮੋਬਾਈਲ ਫੋਨ ਬਰਾਮਦ!!

Last Updated: Jan 06 2020 11:57
Reading time: 1 min, 9 secs

ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਵਿੱਚੋਂ ਚਾਰ ਮੋਬਾਈਲ ਫੋਨ ਬਰਾਮਦ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਸਬੰਧ ਵਿੱਚ ਸਿਟੀ ਥਾਣਾ ਫ਼ਿਰੋਜ਼ਪੁਰ ਦੇ ਵੱਲੋਂ ਇੱਕ ਕੈਦੀ ਅਤੇ ਕੁਝ ਅਣਪਛਾਤੇ ਵਿਅਕਤੀਆਂ ਦੇ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਦਿੰਦਿਆਂ ਹੋਇਆ ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਸਹਾਇਕ ਸੁਪਰਡੈਂਟ ਸੁਖਵੰਤ ਸਿੰਘ ਨੇ ਦੱਸਿਆ ਕਿ ਲੰਘੀ ਸ਼ਾਮ ਜੇਲ੍ਹ ਅੰਦਰ ਬੰਦ ਕੈਦੀ ਜਸਪ੍ਰੀਤ ਸਿੰਘ ਦੀ ਤਲਾਸ਼ੀ ਲੈਣ ਉਪਰੰਤ ਉਸ ਦੇ ਕਬਜ਼ੇ ਵਿੱਚੋਂ ਇੱਕ ਮੋਬਾਈਲ ਫੋਨ ਬੈਟਰੀ ਆਦਿ ਬਰਾਮਦ ਹੋਈ ਹੈ। ਇਸ ਤੋਂ ਇਲਾਵਾ ਪੁਰਾਣੀ ਬੈਰਕ ਨੰਬਰ ਤਿੰਨ ਦੀ ਤਲਾਸ਼ੀ ਲੈਣ ਉਪਰੰਤ ਇੱਕ ਨਿੱਕਰ ਦੇ ਵਿੱਚੋਂ ਮੋਬਾਈਲ ਫੋਨ ਬਰਾਮਦ ਹੋਇਆ ਹੈ। ਜੇਲ੍ਹ ਦੇ ਸਹਾਇਕ ਸੁਪਰਡੈਂਟ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਸਬੰਧੀ ਥਾਣਾ ਸਿਟੀ ਫ਼ਿਰੋਜ਼ਪੁਰ ਨੂੰ ਲਿਖਤੀ ਰੂਪ ਵਿੱਚ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ। ਇਸੇ ਤਰ੍ਹਾਂ ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਇੱਕ ਹੋਰ ਸਹਾਇਕ ਸੁਪਰਡੈਂਟ ਦਰਸ਼ਨ ਲਾਲ ਨੇ ਦੱਸਿਆ ਕਿ ਜੇਲ੍ਹ ਦੀ ਬੈਰਕ ਨੰਬਰ ਛੇ ਦੀ ਕੰਧ ਦੀ ਦਰਾੜ ਵਿੱਚੋਂ 2 ਮੋਬਾਈਲ ਫੋਨ ਬਰਾਮਦ ਹੋਏ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਸਬੰਧ ਵਿੱਚ ਉਨ੍ਹਾਂ ਦੇ ਵੱਲੋਂ ਸਿਟੀ ਫ਼ਿਰੋਜ਼ਪੁਰ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਇਨ੍ਹਾਂ ਮਾਮਲਿਆਂ ਦੀ ਜਾਂਚ ਕਰ ਰਹੇ ਹੌਲਦਾਰ ਗੁਰਮੇਲ ਸਿੰਘ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਸਹਾਇਕ ਸੁਪਰਡੈਂਟ ਸੁਖਵੰਤ ਸਿੰਘ ਅਤੇ ਦਰਸ਼ਨ ਲਾਲ ਵੱਲੋਂ ਭੇਜੀਆਂ ਗਈਆਂ ਸ਼ਿਕਾਇਤਾਂ ਦੇ ਆਧਾਰ ਤੇ ਕੈਦੀ ਜਸਪ੍ਰੀਤ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਪਿੰਡ ਧਾਲੀਵਾਲ ਤਹਿਸੀਲ ਪੱਟੀ ਜ਼ਿਲ੍ਹਾ ਤਰਨਤਾਰਨ ਅਤੇ ਕੁਝ ਅਣਪਛਾਤੇ ਵਿਅਕਤੀਆਂ ਦੇ ਵਿਰੁੱਧ ਪਰੀਸੰਨਜ ਐਕਟ ਬਰਾਮਦ ਪਰਚੇ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।