ਗੁਰਦਾਸਪੁਰ ਜ਼ਿਲ੍ਹੇ ਅੰਦਰ 5 ਹਜ਼ਾਰ ਹੈਕਟੇਅਰ ਰਕਬੇ 'ਚ ਮੱਕੀ ਦੀ ਕਾਸ਼ਤ ਕਰਵਾਈ ਜਾਵੇਗੀ-ਡਾ.ਹਰਤਰਨਪਾਲ ਸਿੰਘ

Last Updated: Jun 20 2019 11:26
Reading time: 1 min, 25 secs

ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲਾ ਪਾਣੀ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਚਲਦਿਆਂ ਜ਼ਿਲ੍ਹਾ ਗੁਰਦਾਸਪੁਰ ਅੰਦਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ 5 ਹਜ਼ਾਰ ਹੈਕਟੇਅਰ ਰਕਬੇ ਵਿੱਚ ਮੱਕੀ ਦੀ ਬਿਜਾਈ ਕਰਵਾਈ ਜਾਵੇਗੀ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੇ ਮੁੱਖ ਖੇਤੀਬਾੜੀ ਅਫਸਰ ਡਾ.ਹਰਤਰਨਪਾਲ ਸਿੰਘ ਨੇ ਦੱਸਿਆ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਡਿਗ ਰਿਹਾ ਹੈ, ਜਿਸ ਕਾਰਨ ਰਵਾਇਤੀ ਫਸਲਾਂ ਦੀ ਕਾਸ਼ਤ ਕਰਨ ਦੀ ਬਜਾਏ ਮੱਕੀ ਵਰਗੀਆਂ ਫਸਲਾਂ ਬੀਜਣ ਦੀ ਲੋੜ ਹੈ। 

ਉਨਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਅੰਦਰ ਪੋਲਟਰੀ ਫਾਰਮਾਂ ਅਤੇ ਪਸ਼ੂ ਪਾਲਕਾਂ ਨੂੰ ਮੱਕੀ ਦੀ ਕਾਫੀ ਜ਼ਰੂਰਤ ਪੈਂਦੀ ਹੈ। ਪਰ ਇਸ ਜ਼ਿਲ੍ਹੇ ਅੰਦਰ ਮੱਕੀ ਦੀ ਕਾਸ਼ਤ ਘੱਟ ਹੋਣ ਕਾਰਨ ਬਾਹਰੇ ਜ਼ਿਲ੍ਹਿਆਂ ਅਤੇ ਸੂਬਿਆਂ ਦੀ ਮੱਕੀ ਮੰਗਵਾਈ ਜਾਂਦੀ ਹੈ। ਇਸ ਲਈ ਜ਼ਿਲ੍ਹੇ ਅੰਦਰ ਮੱਕੀ ਦੀ ਕਾਸ਼ਤ ਕਰਵਾ ਕੇ ਜਿੱਥੇ ਧਰਤੀ ਹੇਠਲੇ ਪਾਣੀ ਦੇ ਸੰਕਟ ਦਾ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ ਉਸ ਦੇ ਨਾਲ ਹੀ ਜ਼ਿਲ੍ਹੇ ਅੰਦਰ ਮੱਕੀ ਦੀ ਥੁੜ ਵੀ ਪੂਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੱਕੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਸਬਸਿਡੀ ਵੀ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਵਾਰ ਮੱਕੀ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਕਿਸਾਨਾਂ ਕੋਲੋਂ ਸਿਰਫ 10 ਹਜ਼ਾਰ ਰੁਪਏ ਲੈ ਕੇ ਮੱਕੀ ਦੇ ਖੇਤਾਂ ਵਿੱਚ ਕਰੀਬ 1 ਲੱਖ 30 ਹਜ਼ਾਰ ਰੁਪਏ ਦੀ ਕੀਮਤ ਵਾਲਾ ਤੁਪਕਾ ਸਿੰਚਾਈ ਸਿਸਟਮ ਲਗਵਾ ਕੇ ਦੇਵੇਗੀ। ਇਸ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲਣ ਦੇ ਨਾਲ-ਨਾਲ ਪਾਣੀ ਦੀ ਬੱਚਤ ਵੀ ਹੋਵੇਗੀ। ਉਨ੍ਹਾਂ ਕਿਹਾ ਕਿ ਹਰੇਕ ਬਲਾਕ ਅੰਦਰ ਸਮੁੱਚੇ ਫੀਲਡ ਸਟਾਫ ਨੂੰ ਮੱਕੀ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਵਿਭਾਗ ਦਾ ਸਮੂਹ ਸਟਾਫ ਕਿਸਾਨਾਂ ਨੂੰ ਮੱਕੀ ਦੀ ਕਾਸ਼ਤ ਕਰਨ ਸਬੰਧੀ ਪ੍ਰੇਰਿਤ ਕਰਨ ਲਈ ਦਿਨ ਰਾਤ ਯਤਨਸ਼ੀਲ ਹੈ। ਇਸ ਲਈ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਇਸ ਵਾਰ ਕਿਸਾਨ ਮੱਕੀ ਦੀ ਕਾਸ਼ਤ ਕਰਕੇ ਪਾਣੀ ਬਚਾਉਣ ਵਿਚ ਆਪਣਾ ਯੋਗਦਾਨ ਪਾਊ।