550 ਸਾਲਾਂ ਪ੍ਰਕਾਸ਼ ਯਾਤਰਾ ਦਾ 'ਗੁਰਦੁਆਰਾ ਦੁੱਖ ਨਿਵਾਰਣ' ਸਾਹਿਬ ਵਿਖੇ ਭਰਵਾਂ ਸਵਾਗਤ: ਡੀ ਪੀ ਸਿੰਘ ਚਾਵਲਾ

Last Updated: Jul 21 2019 18:08
Reading time: 1 min, 15 secs

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਕਰਨਾਟਕ ਤੋਂ ਕੱਢੀ ਗਈ ਪ੍ਰਕਾਸ਼ ਯਾਤਰਾ ਦਾ ਲੁਧਿਆਣਾ ਵਿਖੇ ਗੁਰਦੁਆਰਾ ਦੁੱਖ ਨਿਵਾਰਣ ਸਾਹਿਬ ਵਿਖੇ ਪਹੁੰਚਣ ਤੇ ਸਮੂਹ ਪ੍ਰਬੰਧਕਾਂ ਅਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਖ਼ਤ ਸੱਚਖੰਡ ਸ੍ਰੀ ਹਜੂਰ ਸਾਹਿਬ ਬੋਰਡ ਦੇ ਪ੍ਰਸ਼ਾਸਨਿਕ ਅਧਿਕਾਰੀ ਅਤੇ ਯਾਤਰਾ ਦੇ ਪ੍ਰਬੰਧਕ ਸਰਦਾਰ ਡੀ ਪੀ ਸਿੰਘ ਚਾਵਲਾ ਨੇ ਦੱਸਿਆ ਕਿ ਇਸ ਯਾਤਰਾ ਨੂੰ ਲੈ ਕੇ ਸਮੂਹ ਸੰਗਤਾਂ ਵਿੱਚ ਡਾਹਢਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਤੇ ਹਰ ਕੋਈ ਇਸ ਯਾਤਰਾ ਦਾ ਭਰਵਾਂ ਸਵਾਗਤ ਕਰ ਰਿਹਾ ਹੈ।

ਸਰਦਾਰ ਚਾਵਲਾ ਨੇ ਦੱਸਿਆ ਕਿ ਇਹ ਯਾਤਰਾ 2 ਜੂਨ ਨੂੰ ਗੁਰਦੁਆਰਾ ਨਾਨਕ ਝੀਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਅਤੇ ਖਾਲਸਾ ਨਿਸ਼ਾਨਾ ਦੀ ਅਗਵਾਈ ਵਿੱਚ ਸ਼ੁਰੂ ਹੋਈ ਸੀ ਜਿਸ ਦਾ ਮੁੱਖ ਮਕਸਦ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਣਾ ਹੈ ਤੇ ਇਸ ਯਾਤਰਾ ਰਾਹੀ ਸਿੱਖ ਪੰਥ ਦਾ ਪ੍ਰਚਾਰ ਤੇ ਪ੍ਰਸਾਰ ਵੀ ਕੀਤਾ ਜਾ ਰਿਹਾ ਹੈ। ਸਰਦਾਰ ਚਾਵਲਾ ਨੇ ਦੱਸਿਆ ਕਿ ਇਸ ਯਾਤਰਾ ਵਿੱਚ ਸ਼ਾਮਲ ਸੰਗਤਾਂ ਦੇ ਵਾਸਤੇ ਲੰਗਰ ਦੇ ਪ੍ਰਬੰਧ ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋਂ ਹਰ ਪੜਾਅ ਤੇ ਕੀਤੇ ਗਏ ਹਨ ਤੇ ਰਸਤੇ ਵਿੱਚ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਨਾਲ ਵੀ ਸੰਗਤਾਂ ਦੀ ਸੇਵਾ ਕੀਤੀ ਜਾ ਰਹੀ ਹੈ। ਜਿੱਥੇ ਰਾਤ ਦਾ ਪੜਾਅ ਕੀਤਾ ਜਾਂਦਾ ਹੈ ਉਸ ਗੁਰੂਘਰ ਦੇ ਪ੍ਰਬੰਧਕਾਂ ਅਤੇ ਇਲਾਕਾ ਵਾਸੀਆਂ ਵੱਲੋਂ ਵੀ ਯਾਤਰਾ ਵਿੱਚ ਸ਼ਾਮਲ ਸੰਗਤਾਂ ਦੀ ਖੂਬ ਟਹਿਲ ਸੇਵਾ ਕੀਤੀ ਜਾ ਰਹੀ ਹੈ। ਚਾਵਲਾ ਨੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਗੁਰੂ ਸਾਹਿਬ ਜੀ ਦੇ ਸ਼ਤਾਬਦੀ ਸਮਾਗਮਾਂ ਨੂੰ ਵੱਡੇ ਪੱਧਰ ਤੇ ਮਨਾਇਆ ਜਾਵੇ।