ਕੈਬਨਿਟ ਸਹਿਯੋਗੀਆਂ ਨਾਲ ਮੁੱਖ ਮੰਤਰੀ ਨੇ ਲਿਆ ਕਰਤਾਰਪੁਰ ਸਾਹਿਬ ਕਾਰੀਡੋਰ ਦੀ ਉਸਾਰੀ ਦੇ ਕੰਮਾਂ ਦਾ ਜਾਇਜ਼ਾ

Last Updated: Sep 20 2019 12:06
Reading time: 4 mins, 22 secs

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਤਿਆਰੀ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਕਾਰੀਡੋਰ ਦੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ ਅਤੇ ਇਤਿਹਾਸਕ ਕਸਬੇ ਡੇਰਾ ਬਾਬਾ ਨਾਨਕ ਲਈ ਸੜਕਾਂ ਦੀ ਮਜ਼ਬੂਤੀ ਅਤੇ ਚੌੜਾ ਕਰਨ ਲਈ 75.23 ਕਰੋੜ ਰੁਪਏ ਦੀ ਮਨਜ਼ੂਰੀ ਦਿੱਤੀ।

ਮੁੱਖ ਮੰਤਰੀ ਨੇ ਹੈਰੀਟੇਜ ਤੇ ਫੂਡ ਸਟਰੀਟ ਦੀ ਉਸਾਰੀ ਲਈ 3.70 ਕਰੋੜ ਰੁਪਏ ਦੀ ਵੀ ਮਨਜ਼ੂਰੀ ਦਿੱਤੀ ਅਤੇ ਵੱਖੋ-ਵੱਖ ਵਿਭਾਗਾਂ ਨੂੰ ਸਮੇਂ ਸਿਰ ਸਾਰੇ ਕੰਮ ਪੂਰੇ ਕਰਨ ਲਈ ਨਿਰਦੇਸ਼ ਦਿੱਤੇ। ਆਪਣੇ ਕੈਬਨਿਟ ਸਹਿਯੋਗੀਆਂ ਨਾਲ ਮੁੱਖ ਮੰਤਰੀ ਨੇ ਇੱਥੇ ਭਾਰਤ-ਪਾਕਿ ਸਰਹੱਦ ਨੇੜੇ ਕਰਤਾਰਪੁਰ ਸਾਹਿਬ ਕਾਰੀਡੋਰ ਦੀ ਉਸਾਰੀ ਦੇ ਕੰਮਾਂ ਦਾ ਜਾਇਜ਼ਾ ਲਿਆ ਜਿਸ ਵਿੱਚ ਇੱਕ ਸਾਂਝੀ ਚੈੱਕ ਪੋਸਟ ਉਸਾਰਨੀ ਵੀ ਸ਼ਾਮਲ ਹੈ। ਉਨ੍ਹਾਂ ਉਸਾਰੀ ਕਾਮਿਆਂ ਨਾਲ ਮੁਲਾਕਾਤ ਵੀ ਕੀਤੀ ਜਿੱਥੇ ਉਨ੍ਹਾਂ ਨੂੰ ਦੱਸਿਆ ਗਿਆ ਕਿ ਇਸ ਚੈੱਕ ਪੋਸਟ ਨੂੰ ਅਤਿ-ਆਧੁਨਿਕ ਸੁਵਿਧਾਵਾਂ ਨਾਲ ਲੈਸ ਕੀਤਾ ਜਾਵੇਗਾ ਅਤੇ ਇਸ ਦੀ ਸਮਰੱਥਾ 5 ਹਜ਼ਾਰ ਤੋਂ 10 ਹਜ਼ਾਰ ਦੀ ਹੋਵੇਗੀ।
 
ਕੈਪਟਨ ਅਮਰਿੰਦਰ ਸਿੰਘ ਨੇ ਦੂਰਬੀਨ ਦੀ ਮਦਦ ਨਾਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਵੀ ਕੀਤੇ ਅਤੇ ਇਹ ਫ਼ੈਸਲਾ ਵੀ ਕੀਤਾ ਗਿਆ ਕਿ ਅਗਲੀ ਕੈਬਨਿਟ ਮੀਟਿੰਗ ਬਟਾਲਾ ਵਿਖੇ ਹੋਵੇਗੀ। ਉਨ੍ਹਾਂ ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਦਾ ਇਹ ਸੁਝਾਅ ਵੀ ਮੰਨਿਆ ਕਿ ਮੁੱਖ ਸਕੱਤਰ ਨੂੰ ਬਟਾਲਾ ਵਿਖੇ ਇੱਕ ਵਿਸ਼ੇਸ਼ ਮੀਟਿੰਗ ਸੱਦਣ ਲਈ ਨਿਰਦੇਸ਼ ਦਿੱਤੇ ਜਾਣ। ਡੇਰਾ ਬਾਬਾ ਨਾਨਕ ਵਿਕਾਸ ਅਥਾਰਿਟੀ ਜਿਸ ਨੂੰ ਪਹਿਲੀ ਪਾਤਸ਼ਾਹੀ ਨਾਲ ਜੁੜੇ ਇਸ ਇਤਿਹਾਸਕ ਕਸਬੇ ਦੇ ਵਿਕਾਸ ਲਈ ਬਣਾਇਆ ਗਿਆ ਸੀ, ਦੀ ਤੀਸਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ, ਮੁੱਖ ਮੰਤਰੀ ਨੇ ਸਾਰੇ ਚੋਟੀ ਦੇ ਅਧਿਕਾਰੀਆਂ ਨੂੰ ਪ੍ਰਕਾਸ਼ ਪੁਰਬ ਨਾਲ ਸਬੰਧਿਤ ਸਾਰੇ ਕੰਮ ਸਮੇਂ ਸਿਰ ਪੂਰੇ ਕਰਨ ਲਈ ਕਿਹਾ। 

ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਸੁਲਤਾਨਪੁਰ ਲੋਧੀ, ਬਿਆਸ, ਬਟਾਲਾ ਅਤੇ ਡੇਰਾ ਬਾਬਾ ਨਾਨਕ ਰੋਡ ਜਿਸ ਨੂੰ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ ਦਾ ਨਾਂ ਦਿੱਤਾ ਜਾਵੇਗਾ, ਨੂੰ ਰਾਸ਼ਟਰੀ ਰਾਜ ਮਾਰਗ ਐਲਾਨਣ ਲਈ ਵੀ ਕਿਹਾ। ਇਤਿਹਾਸਕ ਕਸਬੇ ਦੇ ਬਿਜਲੀ ਸਬੰਧੀ ਪ੍ਰਾਜੈਕਟਾਂ ਦਾ ਨਿਰੀਖਣ ਕਰਦੇ ਹੋਏ ਮੁੱਖ ਮੰਤਰੀ ਨੇ ਪਾਵਰਕਾਮ ਚੇਅਰਮੈਨ ਨੂੰ ਕਰਤਾਰਪੁਰ ਸਾਹਿਬ ਕਾਰੀਡੋਰ ਵੱਲ ਜਾਂਦੇ ਲਾਂਘੇ ਵਿਖੇ ਲਾਏ ਜਾ ਰਹੇ ਬਿਜਲੀ ਦੇ ਖੰਬਿਆਂ ਦੀ ਅੰਡਰ ਗਰਾਊਂਡ ਤਾਰਬੰਦੀ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਸਿਹਤ ਮੰਤਰੀ ਨੂੰ ਇਸ ਇਤਿਹਾਸਕ ਮੌਕੇ ਆਉਣ ਵਾਲੇ ਸ਼ਰਧਾਲੂਆਂ ਦੇ ਹਿਤ ਲਈ ਇਕ ਵਿਸਤਾਰਿਥ ਸਿਹਤ ਸੰਭਾਲ ਯੋਜਨਾ ਬਣਾਉਣ ਲਈ ਵੀ ਕਿਹਾ।

ਉਨ੍ਹਾਂ ਨੇ ਡੇਰਾ ਬਾਬਾ ਨਾਨਕ ਵਿਖੇ ਇੱਕ ਡੀ.ਐੱਸ.ਪੀ. ਦਫ਼ਤਰ ਅਤੇ ਇੱਕ ਥਾਣਾ ਕਾਇਮ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਡੀ.ਜੀ.ਪੀ. ਨੂੰ ਨਿਰਦੇਸ਼ ਦਿੱਤੇ ਜਿਸ ਲਈ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਜ਼ਮੀਨ ਮੁਹੱਈਆ ਕਰਵਾਈ ਹੈ। ਬਾਰਡਰ ਰੇਂਜ ਦੇ ਆਈ.ਜੀ. ਐਸ.ਪੀ.ਐਸ. ਪਰਮਾਰ ਨੇ ਮੁੱਖ ਮੰਤਰੀ ਨੂੰ ਮੁੱਖ ਸਮਾਗਮ ਦੇ ਸੁਰੱਖਿਆ ਇੰਤਜ਼ਾਮਾਂ ਸਬੰਧੀ ਵਿਸਥਾਰਤ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣਗੇ ਅਤੇ ਸ਼ਰਧਾਲੂਆਂ ਨੂੰ ਕੋਈ ਤਕਲੀਫ਼ ਨਹੀਂ ਹੋਵੇਗੀ। 
ਮੁੱਖ ਮੰਤਰੀ ਨੇ ਇੱਕ ਹੋਰ ਹੁਕਮ ਦਿੰਦੇ ਹੋਏ ਸ਼ਹਿਰੀ ਹਵਾਬਾਜ਼ੀ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਲੰਡਨ ਅਤੇ ਹੋਰ ਯੂਰਪੀ ਦੇਸ਼ਾਂ ਤੋਂ ਵਿਸ਼ੇਸ਼ ਚਾਰਟਿਡ ਉਡਾਣਾਂ ਅੰਮ੍ਰਿਤਸਰ ਵਿਖੇ ਸ਼ਰਧਾਲੂਆਂ ਦੀ ਸੁਵਿਧਾ ਹਿਤ ਸ਼ੁਰੂ ਕਰਨ ਦਾ ਮੁੱਦਾ ਚੁੱਕਣ ਦੀ ਹਿਦਾਇਤ ਵੀ ਦਿੱਤੀ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਭਾਰਤੀ ਰੇਲਵੇ ਕੋਲ ਇਸ ਇਤਿਹਾਸਕ ਮੌਕੇ ਸਬੰਧੀ ਵਿਸ਼ੇਸ਼ ਰੇਲ-ਗੱਡੀਆਂ ਦੀ ਗਿਣਤੀ ਵਧਾਉਣ ਦਾ ਮੁੱਦਾ ਚੁੱਕਣ ਲਈ ਵੀ ਕਿਹਾ।

ਨਾਲ ਲੱਗਦੇ 12 ਪਿੰਡਾਂ ਦੇ ਬੁਨਿਆਦਾਂ ਢਾਂਚੇ ਦੇ ਵਿਕਾਸ ਸਬੰਧੀ ਚੱਲ ਰਹੇ ਕੰਮ ਦਾ ਨਿਰੀਖਣ ਕਰਦੇ ਹੋਏ ਮੁੱਖ ਮੰਤਰੀ ਨੇ ਸ਼ਰਧਾਲੂਆਂ ਦੀ ਸੁਵਿਧਾ ਲਈ ਸਮੇਂ ਸਿਰ ਇੰਤਜ਼ਾਮ ਪੂਰੇ ਕਰਨ ਦੇ ਨਿਰਦੇਸ਼ ਅਧਿਕਾਰੀਆਂ ਨੂੰ ਦਿੱਤੇ। ਮੀਟਿੰਗ ਦੌਰਾਨ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਨੇ ਕਿਹਾ ਕਿ ਸੁਲਤਾਨਪੁਰ ਲੋਧੀ, ਬਟਾਲਾ ਅਤੇ ਗੁਰਦਾਸਪੁਰ ਵਿਖੇ 450 ਕਰੋੜ ਰੁਪਏ ਦੇ ਕੰਮ ਸ਼ੁਰੂ ਕੀਤੇ ਗਏ ਹਨ ਅਤੇ ਇੱਕ ਵਿਸ਼ੇਸ਼ ਯੋਜਨਾ ਵੀ ਬਣਾਈ ਗਈ ਹੈ ਤਾਂ ਜੋ ਕਿਸੇ ਵੀ ਹੰਗਾਮੀ ਹਾਲਾਤ ਨਾਲ ਨਿਪਟਿਆਂ ਜਾ ਸਕੇ ਅਤੇ ਸ਼ਰਧਾਲੂਆਂ ਨੂੰ ਕੋਈ ਸਮੱਸਿਆ ਨਾ ਆਵੇ। ਉਨ੍ਹਾਂ ਇਹ ਵੀ ਦੱਸਿਆ ਕਿ ਮੁੱਖ ਸਮਾਗਮ ਸਬੰਧੀ ਅਧਿਕਾਰਤ ਪ੍ਰੋਗਰਾਮ ਛੇਤੀ ਹੀ ਜਾਰੀ ਹੋਵੇਗਾ।

ਇਸ ਤੋਂ ਇਲਾਵਾ ਅਧਿਕਾਰਤ ਬੁਲਾਰੇ ਅਨੁਸਾਰ, ਮੁੱਖ ਮੰਤਰੀ ਵੱਲੋਂ ਡੇਰਾ ਬਾਬਾ ਨਾਨਕ ਵਿਖੇ ਸੜਕਾਂ ਨੂੰ ਚੌੜਾ ਕਰਨ/ਮਜ਼ਬੂਤ ਕਰਨ ਲਈ ਮਨਜ਼ੂਰ 75.23 ਕਰੋੜ ਰੁਪਏ ਵਿੱਚੋਂ 64.60 ਕਰੋੜ ਰੁਪਏ 35 ਕਿੱਲੋਮੀਟਰ ਲੰਮੀ ਅੰਮ੍ਰਿਤਸਰ-ਸੋਹੀਆਂ-ਫਤਹਿਗੜ ਚੂੜੀਆਂ- ਡੇਰਾ ਬਾਬਾ ਨਾਨਕ ਰੋਡ ਲਈ ਰੱਖੇ ਗਏ ਹਨ। ਇਸ ਦੀ ਤਕਨੀਕੀ ਤੌਰ ਉੱਤੇ ਪਰਖ ਹੋ ਚੁੱਕੀ ਹੈ। ਜਿੱਥੇ 4.33 ਕਰੋੜ ਰੁਪਏ ਰਮਦਾਸ-ਡੇਰਾ ਬਾਬਾ ਨਾਨਕ ਰੋਡ ਉੱਤੇ ਖ਼ਰਚੇ ਜਾਣਗੇ ਉੱਥੇ ਹੀ 3.49 ਕਰੋੜ ਰੁਪਏ ਬਟਾਲਾ-ਡੇਰਾ ਬਾਬਾ ਨਾਨਕ ਸੜਕ ਦੇ 2.10 ਕਿੱਲੋਮੀਟਰ ਲੰਮੇ ਟੋਟੇ ਦੇ ਨਵੀਨੀਕਰਨ ਲਈ ਰੱਖੇ ਗਏ ਹਨ ਅਤੇ 1.73 ਕਰੋੜ ਰੁਪਏ ਫਤਹਿਗੜ ਚੂੜੀਆਂ-ਡੇਰਾ ਬਾਬਾ ਨਾਨਕ ਸੜਕ ਲਈ ਰੱਖੇ ਗਏ ਹਨ।

ਮੁੱਖ ਮੰਤਰੀ ਨੇ ਡੇਰਾ ਬਾਬਾ ਨਾਨਕ ਵਿਖੇ ਪਾਰਕ ਦੇ ਵਿਸਥਾਰ ਲਈ 1.18 ਕਰੋੜ ਰੁਪਏ ਦੀ ਵਾਧੂ ਰਕਮ ਵੀ ਮਨਜ਼ੂਰ ਕੀਤੀ। ਇਸ ਪ੍ਰਾਜੈਕਟ ਲਈ ਪਹਿਲਾਂ ਹੀ 127.31 ਕਰੋੜ ਰੁਪਏ ਪ੍ਰਸਤਾਵਿਤ ਕੀਤੇ ਜਾ ਚੁੱਕੇ ਹਨ। ਮੁੱਖ ਮੰਤਰੀ ਨੇ ਇਸ ਇਤਿਹਾਸਕ ਕਸਬੇ ਵਿਖੇ ਉਸਾਰੇ ਜਾ ਰਹੇ ਪਾਰਕ ਲਈ ਐਲ.ਈ.ਡੀ. ਲਾਈਟਾਂ ਵਾਲੇ ਹੈਰੀਟੇਜ ਪੋਲਾਂ ਦੀ ਸਥਾਪਨਾ ਲਈ 18.21 ਲੱਖ ਰੁਪਏ ਵੀ ਮਨਜ਼ੂਰ ਕੀਤੇ। ਮੁੱਖ ਮੰਤਰੀ ਨੇ ਗੁਰਦੁਆਰਾ ਡੇਰਾ ਸਾਹਿਬ ਵਿਖੇ ਮੱਥਾ ਵੀ ਟੇਕਿਆ।
         
ਇਸ ਮੌਕੇ ਪੀ.ਪੀ.ਸੀ.ਸੀ. ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ, ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਤਿ੍ਰਪਤ ਰਜਿੰਦਰ ਸਿੰਘ ਬਾਜਵਾ, ਭਾਰਤ ਭੂਸ਼ਨ ਆਸ਼ੂ, ਸੁੰਦਰ ਸ਼ਾਮ ਅਰੋੜਾ, ਬਲਬੀਰ ਸਿੰਘ ਸਿੱਧੂ, ਵਿਜੇ ਇੰਦਰ ਸਿੰਗਲਾ, ਅਰੁਣਾ ਚੌਧਰੀ, ਓ.ਪੀ. ਸੋਨੀ, ਗੁਰਪ੍ਰੀਤ ਸਿੰਘ ਕਾਂਗੜ ਅਤੇ ਰਾਣਾ ਗੁਰਮੀਤ ਸਿੰਘ ਸੋਢੀ, ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਫਤਿਹਜੰਗ ਸਿੰਘ ਬਾਜਵਾ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਵਧੀਕ ਮੁੱਖ ਸਕੱਤਰ ਸਤੀਸ਼ ਚੰਦਰਾ, ਵਿਨੀ ਮਹਾਜਨ, ਕਲਪਨਾ ਮਿੱਤਲ ਬਰੂਆ, ਰਵਨੀਤ ਕੌਰ, ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ, ਹੁਸਨ ਲਾਲ, ਕੇ. ਸਿਵਾ ਪ੍ਰਸਾਦ ਅਤੇ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਦਿਨਕਰ ਗੁਪਤਾ,  ਡਵੀਜ਼ਨਲ ਕਮਿਸ਼ਨਰ ਜਲੰਧਰ ਬੀ.ਪੁਰੂਸ਼ਾਰਥਾ, ਡਿਪਟੀ ਕਮਿਸ਼ਨਰ ਵਿਪੁਲ ਉਜਵਲ, ਐਸ.ਐਸ.ਪੀ. ਗੁਰਦਾਸਪੁਰ ਸਵਰਨਦੀਪ ਸਿੰਘ, ਐਸ.ਐਸ.ਪੀ. ਬਟਾਲਾ ਉਪਿੰਦਰਜੀਤ ਸਿੰਘ ਘੁੰਮਣ, ਪ੍ਰਾਜੈਕਟ ਡਾਇਰੈਕਟਰ ਐਨ.ਐਚ.ਏ.ਆਈ. ਵਾਈਪੀਐਸ ਜੌਰਡਨ, ਲੈਂਡਪੋਰਟ ਅਥਾਰਿਟੀ ਆਫ ਇੰਡੀਆ ਦੇ ਮੈਂਬਰ ਅਖਿਲ ਸਕਸੇਨਾ ਵੀ ਹਾਜ਼ਰ ਸਨ।