550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ-2019 ਦੀਆਂ ਤਿਆਰੀਆਂ ਜ਼ੋਰਾਂ 'ਤੇ

Last Updated: Dec 05 2019 18:25
Reading time: 1 min, 41 secs

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ 'ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ-2019' ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ ਤੇ ਫਾਈਨਲ ਮੈਚ ਅਤੇ ਸਮਾਪਤੀ ਸਮਾਗਮ ਨੂੰ ਸਫਲ ਬਣਾਉਣ ਲਈ ਵਿਭਾਗਾਂ ਵੱਲੋਂ ਪੂਰੀ ਮਿਹਨਤ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਕਰਦਿਆਂ ਸ੍ਰੀ ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦੱਸਿਆ ਕਿ 10 ਦਸੰਬਰ ਨੂੰ ਸਮਾਪਤੀ ਸਮਾਗਮ ਅਤੇ ਫਾਈਨਲ ਮੈਚ ਡੇਰਾ ਬਾਬਾ ਨਾਨਕ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਹੋਣਗੇ।

ਵਧੀਕ ਡਿਪਟੀ ਕਮਿਸ਼ਨਰ ਸੰਧੂ ਨੇ ਆਪਣੇ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਕੀਤੀਆਂ ਜਾ ਰਹੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ ਤੇ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਖੇਡ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਖੇਡ ਵਿਭਾਗ ਤੇ ਕੋਚਾਂ ਵੱਲੋਂ ਖੇਡ ਮੈਦਾਨ ਦੀ ਤਿਆਰੀ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਇਸੇ ਤਰਾਂ ਵੱਖ-ਵੱਖ ਵਿਭਾਗਾਂ ਪੀ.ਡਬਲਿਊ.ਡੀ, ਵਾਟਰ ਸਪਲਾਈ ਤੇ ਸੈਨੀਟੇਸ਼ਨ, ਪੁਲਿਸ ਵਿਭਾਗ, ਲੋਕਾਂ ਦੀ ਸਹੂਲਤ ਲਈ ਆਵਾਜਾਈ ਦੇ ਪ੍ਰਬੰਧ ਸਮੇਤ ਸਬੰਧਿਤ ਵਿਭਾਗਾਂ ਵੱਲੋਂ ਤਿਆਰੀਆਂ ਪੂਰੀ ਮਿਹਨਤ ਨਾਲ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦੱਸਿਆ ਕਿ 10 ਦਸੰਬਰ ਤੋਂ ਪਹਿਲਾਂ ਤਿਆਰੀਆਂ ਮੁਕੰਮਲ ਕਰ ਲਈਆਂ ਜਾਣਗੀਆਂ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਪਤੀ ਸਮਾਗਮ ਅਤੇ ਫਾਈਨਲ ਮੈਚ (ਪਹਿਲੇ ਤੇ ਤੀਸਰੇ ਸਥਾਨ ਦੇ ਮੁਕਾਬਲੇ) 10 ਦਸੰਬਰ ਨੂੰ ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਸਵੇਰੇ ਕਰੀਬ 11 ਵਜੇ ਹੋਣਗੇ। ਉਨ੍ਹਾਂ ਨੇ ਅੱਗੇ ਦੱਸਿਆ ਕਿ ਟੂਰਨਾਮੈਂਟ ਵਿੱਚ ਹਿੱਸਾ ਲੈ ਰਹੀਆਂ ਟੀਮਾਂ ਨੂੰ ਦੋ ਗਰੁੱਪਾਂ ਵਿੱਚ ਵੰਡਿਆ ਗਿਆ ਹੈ। ਗਰੁੱਪ 'ਏ' ਵਿੱਚ ਭਾਰਤ, ਇੰਗਲੈਂਡ, ਅਸਟਰੇਲੀਆ ਅਤੇ ਸ੍ਰੀਲੰਕਾ ਹਨ ਜਦਕਿ ਗਰੁੱਪ 'ਬੀ' ਵਿੱਚ ਕੈਨੇਡਾ, ਅਮਰੀਕਾ, ਨਿਊਜ਼ੀਲੈਂਡ ਅਤੇ ਕੀਨੀਆ ਹਨ। ਇਸ ਟੂਰਨਾਮੈਂਟ ਵਿੱਚ 8 ਵੱਖ-ਵੱਖ ਦੇਸ਼ਾਂ ਦੇ 150 ਦੇ ਕਰੀਬ ਖਿਡਾਰੀ ਹਿੱਸਾ ਲੈ ਰਹੇ ਹਨ। ਟੂਰਨਾਮੈਂਟ ਵਿੱਚ ਪਹਿਲੇ ਸਥਾਨ 'ਤੇ ਆਉਣ ਵਾਲੀ ਟੀਮ ਨੂੰ 25 ਲੱਖ ਰੁਪਏ ਦਾ ਨਗਦ ਇਨਾਮ ਦਿੱਤਾ ਜਾਵੇਗਾ ਜਦਕਿ ਦੂਜੇ ਅਤੇ ਤੀਜੇ ਸਥਾਨ 'ਤੇ ਰਹਿਣ ਵਾਲੀਆਂ ਟੀਮਾਂ ਨੂੰ ਕ੍ਰਮਵਾਰ 15 ਲੱਖ ਅਤੇ 10 ਲੱਖ ਰੁਪਏ ਦੀ ਨਗਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।

ਇਸ ਮੌਕੇ ਸਰਵ ਸ੍ਰੀ ਰਣਬੀਰ ਸਿੰਘ ਮੂਧਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ ਡੇਰਾ ਬਾਬਾ ਨਾਨਕ, ਲਖਵਿੰਦਰ ਸਿੰਘ ਡੀ.ਡੀ.ਪੀ.ਓ, ਬਲਵਿੰਦਰ ਸਿੰਘ ਡਿਪਟੀ ਡਾਇਰੈਕਟਰ ਬਾਗਬਾਨੀ, ਪਰਮਿੰਦਰ ਸਿੰਘ ਸੈਣੀ ਜ਼ਿਲ੍ਹਾ ਗਾਈਡੈਂਸ ਕਾਊਂਸਲਰ, ਗੁਰਜੀਤ ਸਿੰਘ ਬੀਡੀਪੀਓ ਸਮੇਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।