ਪੰਜਾਬ ਦੇ ਪਾਣੀਆਂ ਦਾ ਮੁੱਦਾ ਪਾਰਲੀਮੈਂਟ ਵਿੱਚ ਜ਼ੋਰਦਾਰ ਢੰਗ ਨਾਲ ਉਠਾਵਾਂਗਾ: ਜਸਬੀਰ ਸਿੰਘ ਡਿੰਪਾ (ਨਿਊਜ਼ਨੰਬਰ ਖ਼ਾਸ ਖ਼ਬਰ) 

Last Updated: Jun 08 2019 17:51
Reading time: 3 mins, 12 secs

ਪੰਜਾਬ ਦੇ ਪਾਣੀਆਂ ਦਾ ਮੁੱਦਾ ਪਾਰਲੀਮੈਂਟ ਵਿੱਚ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ ਤਾਂ ਜੋ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਸੁਧਾਰ ਕੀਤਾ ਜਾ ਸਕੇ। ਇਹ ਪ੍ਰਗਟਾਵਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਗਿੱਲ ਡਿੰਪਾ ਨੇ ਇੱਥੇ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਲੋਕਾਂ ਦਾ ਧੰਨਵਾਦ ਕਰਨ ਮੌਕੇ ਕੀਤਾ। ਹਲਕਾ ਵਿਧਾਇਕ ਸੁਲਤਾਨਪੁਰ ਲੋਧੀ ਨਵਤੇਜ ਸਿੰਘ ਚੀਮਾ ਦੀ ਅਗਵਾਈ ਹੇਠ ਸਥਾਨਕ ਇੰਪੀਰੀਅਲ ਕੈਂਸਲ ਵਿਖੇ ਕਰਵਾਏ ਗਏ ਵਿਸ਼ਾਲ ਧੰਨਵਾਦ ਸਮਾਗਮ ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਜਸਬੀਰ ਸਿੰਘ ਗਿੱਲ ਨੇ ਕਿਹਾ ਕਿ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਬਹੁਤ ਹੇਠਾਂ ਚਲਾ ਗਿਆ ਹੈ ਅਤੇ ਜੇਕਰ ਇਹੀ ਹਾਲ ਰਿਹਾ ਤਾਂ ਪੰਜਾਬ ਤੇ ਰਾਜਸਥਾਨ ਵਿੱਚ ਕੋਈ ਫ਼ਰਕ ਨਹੀਂ ਰਹੇਗਾ । ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਉੱਚਾ ਚੁੱਕਣ ਲਈ ਜਲਦ ਹੀ ਹਰੇਕ ਪਿੰਡ ਵਿੱਚ ਡਰਿੱਪ ਇਰੀਗੇਸ਼ਨ ਸਿਸਟਮ ਲਿਆਂਦਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਮੰਡ ਖੇਤਰ ਦੇ ਪਿੰਡਾਂ ਨੂੰ ਪਾਈਪਾਂ ਰਾਹੀਂ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ।
 
ਉਨ੍ਹਾਂ ਕਿਹਾ ਕਿ ਉਹ ਖ਼ੁਸ਼ਕਿਸਮਤ ਹਨ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਸੇਵਾ ਦਾ ਉਨ੍ਹਾਂ ਨੂੰ ਸੁਭਾਗ ਪ੍ਰਾਪਤ ਹੋ ਰਿਹਾ ਹੈ ਅਤੇ ਉਹ ਦਿਨ-ਰਾਤ ਇੱਕ ਕਰ ਕੇ ਤਨਦੇਹੀ ਨਾਲ ਇਸ ਸੇਵਾ ਨੂੰ ਸੰਪੂਰਨ ਕਰਨਗੇ । ਉਨ੍ਹਾਂ ਕਿਹਾ ਕਿ ਸ਼ਤਾਬਦੀ ਸਮਾਗਮਾਂ ਨੂੰ ਮੁੱਖ ਰੱਖਦਿਆਂ ਸਮੁੱਚੇ ਖਡੂਰ ਸਾਹਿਬ ਲੋਕ ਸਭਾ ਹਲਕੇ ਵਿੱਚ ਨਾਨਕ ਬਗੀਚੀਆਂ ਬਣਾਈਆਂ ਜਾਣਗੀਆਂ, ਜਿਸ ਦੀ ਸ਼ੁਰੂਆਤ ਸੁਲਤਾਨਪੁਰ ਲੋਧੀ ਤੋਂ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਇਸ ਤਹਿਤ ਸਕੂਲਾਂ ਵਿੱਚ ਲੋੜੀਂਦੇ ਬੂਟੇ ਵੰਡ ਕੇ ਇਨ੍ਹਾਂ 'ਤੇ ਬੱਚਿਆਂ ਦੇ ਨਾਂਅ ਲਿਖੇ ਜਾਣਗੇ, ਜੋ ਕਿ ਇਨ੍ਹਾਂ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਨਿਭਾਉਣਗੇ । ਉਨ੍ਹਾਂ ਕਿਹਾ ਕਿ ਵਧੀਆ ਦੇਖਭਾਲ ਕਰਨ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ। ਇਸੇ ਤਰ੍ਹਾਂ ਹੋਰਨਾਂ ਸਾਂਝੀਆਂ ਥਾਵਾਂ 'ਤੇ ਵੀ ਨਾਨਕ ਬਗੀਚੀਆਂ ਬਣਾਈਆਂ ਜਾਣਗੀਆਂ । ਇਸ ਤੋਂ ਬਾਅਦ ਬਾਕੀ ਹਲਕਿਆਂ ਵਿੱਚ ਵੀ ਨਾਨਕ ਬਗੀਚੀਆਂ ਸ਼ੁਰੂ ਕੀਤੀਆਂ ਜਾਣਗੀਆਂ ਅਤੇ ਇਸ ਮੁਹਿੰਮ ਨੂੰ ਕੌਮੀ ਪੱਧਰ 'ਤੇ ਸ਼ੁਰੂ ਕੀਤੇ ਜਾਣ ਲਈ ਕੇਂਦਰ ਸਰਕਾਰ ਨੂੰ ਲਿਖਿਆ ਜਾਵੇਗਾ । ਉਨ੍ਹਾਂ ਕਿਹਾ ਕਿ ਸ਼ਤਾਬਦੀ ਸਮਾਗਮਾਂ ਸਬੰਧੀ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਤਿਆਰੀਆਂ ਚੱਲ ਰਹੀਆਂ ਹਨ ਅਤੇ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ । ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਜਾਂ ਵਿੱਚ ਕੇਂਦਰ ਸਰਕਾਰ ਨੂੰ ਵੀ ਭਾਗੀਦਾਰ ਬਣਾਉਣ ਲਈ ਯਤਨ ਕੀਤੇ ਜਾਣਗੇ । 

ਇਸ ਦੌਰਾਨ ਪੱਤਰਕਾਰਾਂ ਵੱਲੋਂ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਅਖੌਤੀ ਤੇ ਜਾਅਲੀ ਟਰੈਵਲ ਏਜੰਟਾਂ 'ਤੇ ਸ਼ਿਕੰਜਾ ਕੱਸਿਆ ਜਾਵੇਗਾ, ਤਾਂ ਜੋ ਉਹ ਭੋਲੇ-ਭਾਲੇ ਲੋਕਾਂ ਨੂੰ ਗੁੰਮਰਾਹ ਨਾ ਕਰ ਸਕਣ । ਉਨ੍ਹਾਂ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਾਨੂੰਨੀ ਢੰਗ ਨਾਲ ਹੀ ਵਿਦੇਸ਼ ਜਾਣ ਨੂੰ ਤਰਜੀਹ ਦੇਣ । ਉਨ੍ਹਾਂ ਸਮੂਹ ਹਲਕਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ । ਹਲਕਾ ਵਿਧਾਇਕ ਸ. ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਜਸਬੀਰ ਸਿੰਘ ਡਿੰਪਾ ਦੇ ਐਮ. ਪੀ ਬਣਨ ਨਾਲ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਹੋਰ ਹੁਲਾਰਾ ਮਿਲੇਗਾ । ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਦੀਆਂ ਸੜਕਾਂ ਅਤੇ ਪੁਲਾਂ ਆਦਿ ਦੀ ਨੁਹਾਰ ਬਦਲੀ ਜਾ ਰਹੀ ਹੈ ।

ਇਸੇ ਤਰ੍ਹਾਂ ਨਵੇਂ ਸ਼ਾਨਦਾਰ ਮੀਟਿੰਗ ਹਾਲ ਦੀ ਉਸਾਰੀ ਕੀਤੀ ਗਈ ਹੈ ਅਤੇ ਰੈਸਟ ਹਾਊਸ ਦੀ ਉਸਾਰੀ ਦਾ ਕੰਮ ਜਾਰੀ ਹੈ। ਸੁਲਤਾਨਪੁਰ ਸ਼ਹਿਰ ਦੇ ਸੁੰਦਰੀਕਰਨ ਦੇ ਕੰਮ ਵੀ ਜੰਗੀ ਪੱਧਰ 'ਤੇ ਚੱਲ ਰਹੇ ਹਨ । ਉਨ੍ਹਾਂ ਕਿਹਾ ਕਿ ਸਾਰੇ ਵਿਕਾਸ ਕਾਰਜ 30 ਸਤੰਬਰ ਤੱਕ ਮੁਕੰਮਲ ਕਰ ਲਏ ਜਾਣਗੇ । ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਵਿਖੇ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਦੀ ਆਓ-ਭਗਤ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਉਨ੍ਹਾਂ ਦੇ ਰਹਿਣ-ਸਹਿਣ ਅਤੇ ਹੋਰਨਾਂ ਸਹੂਲਤਾਂ ਦੇ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ । ਇਸ ਮੌਕੇ ਉਨ੍ਹਾਂ ਜਸਬੀਰ ਸਿੰਘ ਡਿੰਪਾ ਦਾ ਸਨਮਾਨ ਵੀ ਕੀਤਾ । ਇਸ ਮੌਕੇ ਆਲ ਇੰਡੀਆ ਕਾਂਗਰਸ ਕਮੇਟੀ ਦੀ ਮੈਂਬਰ ਜਸਪਾਲ ਕੌਰ ਚੀਮਾ, ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਪ੍ਰੋ. ਚਰਨ ਸਿੰਘ, ਪਲਵਿੰਦਰ ਸਿੰਘ ਪੱਪਾ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਕਰਮਵੀਰ ਸਿੰਘ ਕੇ. ਬੀ, ਸੰਤੋਖ ਸਿੰਘ ਭਾਗੋਅਰਾਈਆਂ, ਕੌਂਸਲਰ ਤੇਜਵੰਤ ਸਿੰਘ, ਅਸ਼ੋਕ ਮੋਗਲਾ ਤੇ ਜੁਗਲ ਕੋਹਲੀ, ਸੰਜੀਵ ਮਰਵਾਹਾ, ਮੁਖ਼ਤਿਆਰ ਸਿੰਘ ਭਗਤਪੁਰ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਆਸਾ ਸਿੰਘ ਵਿਰਕ, ਪ੍ਰਧਾਨ ਮਹਿਲਾ ਵਿੰਗ ਸੁਖਵਿੰਦਰ ਕੌਰ, ਸਤਿੰਦਰ ਸਿੰਘ ਚੀਮਾ, ਰਵਿੰਦਰ ਰਵੀ, ਬਲਜਿੰਦਰ ਸਿੰਘ, ਕੁੰਦਨ ਸਿੰਘ ਚੱਕਾ, ਬੱਬੂ ਖੈੜਾ, ਰਮੇਸ਼ ਡਡਵਿੰਡੀ, ਅਜੀਤ ਪਾਲ ਸਿੰਘ ਬਾਜਵਾ ਤੋਂ ਇਲਾਵਾ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰ, ਕੌਂਸਲਰ, ਸਰਪੰਚ-ਪੰਚ ਤੇ ਹੋਰ ਮੁਹਤਬਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ ।