ਵੱਖ-ਵੱਖ ਪੈਨਸ਼ਨ ਸਕੀਮਾਂ ਦੇ ਲਾਭਪਾਤਰਾਂ ਨੂੰ ਐਮਐਲਏ ਨਾਗਰਾ ਨੇ ਵੰਡੇ ਮਨਜ਼ੂਰੀ ਪੱਤਰ

Last Updated: Jul 12 2018 17:37

ਸੂਬੇ ਦੇ ਆਰਥਿਕ ਪੱਖੋਂ ਕਮਜ਼ੋਰ ਅਤੇ ਜਰੂਰਤਮੰਦ ਪਰਿਵਾਰਾਂ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਮੌਜੂਦਾ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜ਼ਰੂਰਤਮੰਦ ਵਿਅਕਤੀਆਂ ਨੂੰ ਵੱਖ-ਵੱਖ ਪੈਨਸ਼ਨ ਸਕੀਮਾਂ ਤਹਿਤ ਦਿੱਤੀ ਜਾਣ ਵਾਲੀ 500 ਰੁਪਏ ਦੀ ਰਾਸ਼ੀ ਨੂੰ ਵਧਾ ਕੇ 750 ਰੁਪਏ ਕੀਤਾ ਗਿਆ ਹੈ। ਉੱਥੇ ਹੀ ਜਰੂਰਤਮੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਮੌਕੇ ਆਸ਼ੀਰਵਾਦ ਸਕੀਮ ਤਹਿਤ ਦਿੱਤੀ ਜਾਣ ਵਾਲੀ 15 ਹਜਾਰ ਰੁਪਏ ਦੀ ਰਾਸ਼ੀ 'ਚ ਵਾਧਾ ਕਰਕੇ 21 ਹਜਾਰ ਰੁਪਏ ਕੀਤਾ ਗਿਆ ਹੈ ਤਾਂ ਕਿ ਜਰੂਰਤਮੰਦ ਪਰਿਵਾਰਾਂ ਨੂੰ ਆਪਣੀ ਲੜਕੀ ਦੀ ਸ਼ਾਦੀ ਮੌਕੇ ਆਰਥਿਕ ਸਮੱਸਿਆ ਨਾ ਆਵੇ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪਿੰਡ ਨਬੀਪੁਰ ਵਿਖੇ ਵੱਖ-ਵੱਖ ਪੈਨਸ਼ਨ ਸਕੀਮਾਂ ਦੇ ਲਾਭਪਾਤਰਾਂ ਨੂੰ ਮਨਜ਼ੂਰੀ ਪੱਤਰ ਵੰਡਣ ਮੌਕੇ ਮੀਡੀਆ ਨਾਲ ਸਾਂਝਾ ਕੀਤਾ।

ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵੱਖ-ਵੱਖ ਪੈਨਸ਼ਨ ਸਕੀਮਾਂ ਦੇ 46061 ਲਾਭਪਾਤਰ ਹਨ ਜਿਨ੍ਹਾਂ ਦੀ ਮਈ ਮਹੀਨੇ ਤੱਕ ਦੀ ਪੈਨਸ਼ਨ ਉਨ੍ਹਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾ ਚੁੱਕੀ ਹੈ ਅਤੇ ਜੂਨ ਮਹੀਨੇ ਦੀ ਪੈਨਸ਼ਨ ਦੇ ਬਿਲ ਖਜਾਨੇ ਭੇਜੇ ਗਏ ਹਨ ਜੋ ਕਿ ਛੇਤੀ ਹੀ ਪਾਸ ਹੋ ਜਾਣਗੇ। ਜ਼ਿਲ੍ਹੇ ਵਿੱਚ ਬੁਢਾਪਾ ਪੈਨਸ਼ਨ ਦੇ 30153 ਲਾਭਪਾਤਰ, 9217 ਵਿਧਵਾ ਪੈਨਸ਼ਨ, 3218 ਆਸ਼ਰਿਤ ਬੱਚੇ ਅਤੇ 3478 ਅਪੰਗ ਵਿਅਕਤੀ ਪੈਨਸ਼ਨ ਸਕੀਮ ਦਾ ਲਾਭ ਲੈ ਰਹੇ ਹਨ। ਜਿਨ੍ਹਾਂ ਨੂੰ ਮਈ ਮਹੀਨੇ ਤੱਕ 3 ਕਰੋੜ 45 ਲੱਖ 45 ਹਜਾਰ 750 ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਪ੍ਰਦੇਸ਼ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਗਰੀਬ ਵਰਗ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਜਲਦੀ ਹੀ ਜਰੂਰਤਮੰਦ ਲੋਕਾਂ ਨੂੰ ਸਰਕਾਰ ਵੱਲੋਂ ਆਟਾ-ਦਾਲ ਸਕੀਮ ਦੇ ਨਾਲ ਚੀਨੀ ਅਤੇ ਚਾਹਪੱਤੀ ਵੀ ਮੁਹੱਈਆ ਕਰਵਾਈ ਜਾਵੇਗੀ। ਸਰਕਾਰ ਬਣਨ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਜਰੂਰਤਮੰਦ ਅਤੇ ਆਰਥਿਕ ਪੱਖੋਂ ਕਮਜ਼ੋਰ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੜਾਅ ਵਾਰ ਪੂਰਾ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਵੱਲੋਂ ਕੀਤੇ ਗਏ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ।

ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਧਰਮਿੰਦਰ ਸਿੰਘ ਨਬੀਪੁਰ, ਪਰਮਿੰਦਰ ਚੀਮਾ, ਪਲਵਿੰਦਰ ਸਿੰਘ, ਗੁਰਨਾਮ ਸਿੰਘ, ਰਜਿੰਦਰ ਸਿੰਘ, ਮਨਜੀਤ ਸਿੰਘ, ਸਿਕੰਦਰ ਰਾਮ, ਦੀਪਾ ਰਾਮ, ਨਸੀਬ ਸਿੰਘ, ਜਰਨੈਲ ਸਿੰਘ, ਦਿਲਪ੍ਰੀਤ ਸਿੰਘ, ਸੁਮਨਜੀਤ ਕੌਰ, ਰਾਜਵੰਤ ਕੌਰ, ਸਤਨਾਮ ਸਿੰਘ, ਗੁਰਮੁੱਖ ਸਿੰਘ ਆਦਿ ਤੋਂ ਇਲਾਵਾ ਹੋਰ ਇਲਾਕਾਵਾਸੀ ਵੀ ਮੌਜੂਦ ਸਨ।