ਵਿਦੇਸ਼ ਜਾਣ ਦੇ ਇੱਛੁਕ ਨੌਜਵਾਨਾਂ ਲਈ ਜ਼ਿਲ੍ਹਾ ਰੋਜ਼ਗਾਰ ਬਿਊਰੋ 'ਚ ਕਾਊਂਸਲਿੰਗ ਕੈਂਪ 24 ਨੂੰ- ਏਡੀਸੀ

Last Updated: Jun 20 2019 12:30
Reading time: 1 min, 2 secs

ਵਿਦੇਸ਼ ਜਾਣ ਦੇ ਇੱਛੁਕ ਨੌਜਵਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਨ੍ਹਾਂ ਨੂੰ ਵਿਦੇਸ਼ ਜਾਣ ਤੋਂ ਪਹਿਲਾਂ ਇਸ ਸਬੰਧੀ ਵੱਖ-ਵੱਖ ਪਹਿਲੂਆਂ ਸਬੰਧੀ ਜਾਣਕਾਰੀ ਦੇਣ ਦੇ ਉਦੇਸ਼ ਨਾਲ ਜ਼ਿਲ੍ਹਾ ਰੋਜ਼ਗਾਰ ਬਿਊਰੋ ਅਤੇ ਮਾਡਲ ਕੈਰੀਅਰ ਸੈਂਟਰ ਵੱਲੋਂ 24 ਜੂਨ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਦਫ਼ਤਰ 'ਚ ਕਾਊਂਸਲਿੰਗ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਸਵੇਰੇ 11 ਵਜੇ ਸ਼ੁਰੂ ਹੋਵੇਗਾ ਅਤੇ ਨੌਜਵਾਨਾਂ ਨੂੰ ਮਾਹਿਰਾਂ ਦੀ ਟੀਮ ਵੱਲੋਂ ਵਿਦੇਸ਼ ਜਾਣ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਇਹ ਜਾਣਕਾਰੀ ਦਿੰਦੇ ਹੋਏ ਅਸਿਸਟੈਂਟ ਡਿਪਟੀ ਕਮਿਸ਼ਨਰ (ਜਨਰਲ) ਜਸਪ੍ਰੀਤ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਨੂੰ ਵਿਦੇਸ਼ ਜਾਣ ਦੇ ਸਹੀ ਤਰੀਕਿਆਂ ਤੇ ਵਿਦੇਸ਼ਾਂ 'ਚ ਕੈਰੀਅਰ ਬਣਾਉਣ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ।

ਅਸਿਸਟੈਂਟ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਨੌਜਵਾਨਾਂ ਨੂੰ ਵਿਦੇਸ਼ਾਂ 'ਚ ਰੋਜ਼ਗਾਰ ਦੇ ਮੌਕਿਆਂ, ਵਿਦੇਸ਼ਾਂ 'ਚ ਕੀਤੀ ਜਾਣ ਵਾਲੀ ਪੜ੍ਹਾਈ ਅਤੇ ਵਿਦੇਸ਼ਾਂ ਸਬੰਧੀ ਬਹੁਪੱਖੀ ਜਾਣਕਾਰੀ ਮਾਹਿਰਾਂ ਦੀ ਵਿਸ਼ੇਸ਼ ਟੀਮ ਵੱਲੋਂ ਦਿੱਤੀ ਜਾਵੇਗੀ। ਵਿਦੇਸ਼ ਜਾਣ ਸਬੰਧੀ ਪੁਖ਼ਤਾ ਜਾਣਕਾਰੀ ਦੀ ਘਾਟ ਕਾਰਨ ਕਈ ਵਾਰ ਨੌਜਵਾਨਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਕਈ ਵਾਰ ਵਿਦੇਸ਼ ਪਹੁੰਚਣ ਦੇ ਬਾਅਦ ਵੀ ਉਨ੍ਹਾਂ ਨੂੰ ਮੁਸ਼ਕਲਾਂ ਆਉਂਦੀਆਂ ਹਨ। ਇਸਦੇ ਮੱਦੇਨਜ਼ਰ ਇਹ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਦਾ ਵੱਧ ਤੋਂ ਵੱਧ ਫ਼ਾਇਦਾ ਲੈਣ।