ਨਸ਼ਿਆਂ ਖ਼ਿਲਾਫ਼ ਜੰਗ ਲੜਨ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਬਣਾਏਗਾ ਸਾਂਝਾ ਐਕਸ਼ਨ ਪਲਾਨ

Last Updated: Jun 20 2019 16:02
Reading time: 1 min, 37 secs

ਨਸ਼ਿਆਂ ਦੇ ਖਾਤਮੇ ਲਈ ਪ੍ਰਦੇਸ਼ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਲੜਾਈ ਦੇ ਤਹਿਤ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਤਾਲਮੇਲ ਬਿਠਾਕੇ ਸਾਂਝਾ ਐਕਸ਼ਨ ਪਲਾਨ ਤਿਆਰ ਕਰਨ ਲਈ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਵੱਲੋਂ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਵਿੱਚਾਰ ਵਟਾਂਦਰਾ ਕਰਦੇ ਹੋਏ ਸਾਂਝਾ ਐਕਸ਼ਨ ਪਲਾਨ ਤਿਆਰ ਕਰਨ ਦੇ ਨਿਰਦੇਸ਼ ਦਿੱਤੇ, ਜਿਸਦੇ ਮੁਤਾਬਕ ਐਨਫੋਰਸਮੈਂਟ, ਨਸ਼ਾ ਮੁਕਤੀ ਤੇ ਰੋਕਥਾਮ ਆਦਿ ਕਾਰਜਾਂ ਨੂੰ ਆਪਸ ਵਿੱਚ ਵੰਡਿਆ ਜਾਵੇਗਾ।

ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਸ਼ਿਆਂ ਦੇ ਖਾਤਮੇ ਸਬੰਧੀ ਆਪਣਾ ਐਕਸ਼ਨ ਪਲਾਨ ਤਿਆਰ ਕਰਨ ਸਬੰਧੀ ਨਿਰਦੇਸ਼ ਦਿੱਤਾ ਹੈ। ਨਸ਼ਿਆਂ ਨੂੰ ਖਤਮ ਕਰਨ ਅਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੇ ਖਿਲਾਫ ਲੜਾਈ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ। ਇਸ ਦਿਸ਼ਾ 'ਚ ਜ਼ਿਲ੍ਹੇ ਅੰਦਰ ਨਸ਼ਿਆਂ ਖਿਲਾਫ ਜੰਗ ਲੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੂਹ ਵਿਭਾਗਾਂ ਦਾ ਸਾਂਝਾ ਐਕਸ਼ਨ ਪਲਾਨ ਬਣਾਇਆ ਜਾਵੇਗਾ।

ਡਿਪਟੀ ਕਮਿਸ਼ਨਰ ਦਿਆਲਨ ਨੇ ਕਿਹਾ ਕਿ ਸਬ ਡਿਵੀਜ਼ਨ ਪੱਧਰ ਤੇ ਐਸਡੀਐਮਜ਼ ਐਕਸ਼ਨ ਪਲਾਨ ਤੇ ਕੰਮ ਕਰਨ, ਜਦਕਿ ਪਿੰਡ ਪੱਧਰ ਤੇ ਸਰਪੰਚਾਂ ਦੀ ਅਗਵਾਈ 'ਚ ਕਮੇਟੀਆਂ ਬਣਾ ਕੇ ਨਸ਼ਿਆਂ ਖ਼ਿਲਾਫ਼ ਜੰਗ ਵਿੱਢੀ ਜਾਵੇ। ਇਸਦੇ ਨਾਲ ਹੀ ਸ਼ਹਿਰੀ ਪੱਧਰ ਤੇ ਨਸ਼ਾ ਨਿਗਰਾਨ ਕਮੇਟੀਆਂ ਕਾਇਮ ਕਰਕੇ ਇਸ ਜੰਗ ਨੂੰ ਅੱਗੇ ਵਧਾਇਆ ਜਾਵੇ। ਬੇਸ਼ੱਕ ਨਸ਼ਾ ਸਪਲਾਇਰਾਂ ਨੂੰ ਕਾਬੂ ਕਰਨਾ ਪੁਲਿਸ ਦਾ ਕੰਮ ਹੈ ਪਰ ਐਸਡੀਐਮ ਪੱਧਰ ਤੇ ਨਸ਼ਾ ਸਪਲਾਇਰਾਂ ਦੀਆਂ ਸੂਚੀਆਂ ਬਣਾਈਆਂ ਜਾਣ, ਜਿਸ ਵਿੱਚ ਉਨ੍ਹਾਂ ਨੂੰ ਸ਼੍ਰੇਣੀਆਂ 'ਚ ਵੰਡਿਆ ਜਾਵੇ। ਜ਼ਿਲ੍ਹੇ ਭਰ 'ਚ ਅਜਿਹੀਆਂ ਥਾਵਾਂ ਦੀ ਪਹਿਚਾਣ ਕੀਤੀ ਜਾਵੇ, ਜਿੱਥੇ ਨਸ਼ਾ ਵਿਕਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਿਹਤ ਵਿਭਾਗ ਨਸ਼ਾ ਮੁਕਤ ਇਲਾਕਿਆਂ ਦੀ ਸ਼ਨਾਖਤ ਕਰੇਗਾ। ਇਸਦੇ ਨਾਲ ਹੀ ਸਿਹਤ ਅਧਿਕਾਰੀ ਨਸ਼ਾ ਪੀੜਤਾਂ ਦੀਆਂ ਸੂਚੀਆਂ ਤਿਆਰ ਕਰਨ ਤਾਂ ਕਿ ਉਨ੍ਹਾਂ ਦਾ ਇਲਾਜ ਕਰਵਾਇਆ ਜਾ ਸਕੇ। ਮੀਟਿੰਗ ਦੌਰਾਨ ਐਸਡੀਐਮ ਪੂਜਾ ਸਿਆਲ ਨੇ ਸੁਝਾਅ ਦਿੱਤਾ ਕਿ ਨਸ਼ਿਆਂ ਖ਼ਿਲਾਫ਼ ਲੜਾਈ 'ਚ ਔਰਤਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ, ਜਦਕਿ ਐਸਡੀਐਮ ਜਗਦੀਪ ਸਹਿਗਲ ਨੇ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਸ਼ੁਰੂਆਤ ਹੇਠਲੇ ਪੱਧਰ ਤੋਂ ਕੀਤੀ ਜਾਵੇ ਕਿਉਂਕਿ ਪਹਿਲਾਂ ਕੋਈ ਵੀ ਵਿਅਕਤੀ ਤੰਬਾਕੂ ਤੋਂ ਹੀ ਨਸ਼ਿਆਂ ਦੀ ਸ਼ੁਰੂਆਤ ਕਰਦਾ ਹੈ।