ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਲਗਾਏ ਕੈਂਪ 'ਚ 804 ਦਰਖਾਸਤਕਾਰਾਂ ਨੇ ਭਰੇ ਫਾਰਮ

Last Updated: Jun 20 2019 18:46
Reading time: 2 mins, 49 secs

ਆਰਥਿਕ ਪੱਖੋਂ ਕਮਜ਼ੋਰ ਅਤੇ ਜ਼ਰੂਰਤਮੰਦ ਪਰਿਵਾਰਾਂ ਦੇ ਲੋਕਾਂ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀ ਲੋਕ ਭਲਾਈ ਸਕੀਮਾਂ ਦਾ ਲਾਭਪਾਤਰੀਆਂ ਤੱਕ ਲਾਭ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ' ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀਰਵਾਰ ਖਮਾਣੋਂ ਦੇ ਅਮਰ ਪੈਲੇਸ 'ਚ ਜ਼ਿਲ੍ਹਾ ਪੱਧਰੀ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਯੋਜਨਾ ਤਹਿਤ ਲਗਾਏ ਕੈਂਪ ਦੌਰਾਨ 17 ਵਿਭਾਗਾਂ ਨਾਲ ਸਬੰਧਿਤ 44 ਲੋਕ ਭਲਾਈ ਸਕੀਮਾਂ ਦਾ ਯੋਗ ਲਾਭਪਾਤਰੀਆਂ ਤੱਕ ਲਾਭ ਪਹੁੰਚਾਉਣ ਲਈ 804 ਫਾਰਮ ਭਰੇ ਗਏ, ਜਿਨ੍ਹਾਂ ਵਿੱਚੋਂ 102 ਦਰਖਾਸਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ। ਜਦਕਿ 66 ਬਿਨੈਪੱਤਰ ਅਯੋਗ ਪਾਏ ਜਾਣ ਤੇ ਦਰਖਾਸਤਾਂ ਰੱਦ ਕਰ ਦਿੱਤੀਆਂ ਗਈਆਂ। ਹਲਕਾ ਬਸੀ ਪਠਾਣਾਂ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰਸ਼ਾਂਤ ਕੁਮਾਰ ਗੋਇਲ ਨੇ ਹੋਰ ਅਧਿਕਾਰੀਆਂ ਨਾਲ ਕੈਂਪ 'ਚ ਪਹੁੰਚ ਕੇ ਜਾਇਜ਼ਾ ਲਿਆ।

ਕੈਂਪ ਦੌਰਾਨ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਨੇ ਕਿਹਾ ਕਿ ਲੋਕਾਂ ਨੂੰ ਅਜਿਹੇ ਕੈਂਪਾਂ ਦਾ ਵੱਧ ਤੋਂ ਵੱਧ ਫ਼ਾਇਦਾ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਯੋਜਨਾ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਕਿ ਲੋਕ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਉਸਾਰੂ ਸੋਚ ਸਦਕਾ ਸ਼ੁਰੂ ਕੀਤੀ ਗਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦਾ ਮੁੱਖ ਉਦੇਸ਼ ਜ਼ਰੂਰਤਮੰਦ ਅਤੇ ਗ਼ਰੀਬ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਦੇ ਨਾਲ-ਨਾਲ ਉਨ੍ਹਾਂ ਨੂੰ ਸਹਾਇਕ ਧੰਦੇ ਸ਼ੁਰੂ ਕਰਨ ਲਈ ਘੱਟ ਵਿਆਜ ਦਰ ਅਤੇ ਸਬਸਿਡੀ ਤੇ ਕਰਜ਼ੇ ਵੀ ਮੁਹੱਈਆ ਕਰਵਾਉਣਾ ਹੈ।

ਕੈਂਪ ਮੌਕੇ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਪ੍ਰਸ਼ਾਂਤ ਕੁਮਾਰ ਗੋਇਲ ਨੇ ਕਿਹਾ ਕਿ ਅਜਿਹੇ ਕੈਂਪ ਲਗਾਉਣ ਦਾ ਮੁੱਖ ਉਦੇਸ਼ ਜ਼ਰੂਰਤਮੰਦਾਂ ਤੇ ਯੋਗ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਨੂੰ ਯਕੀਨੀ ਬਣਾਉਣਾ ਹੈ। ਅਜਿਹੇ ਕੈਂਪਾਂ ਸਦਕਾ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਂਦੇ ਬਲਕਿ ਮੌਕੇ ਤੇ ਹੀ ਜ਼ਿਆਦਾਤਰ ਕੇਸਾਂ 'ਚ ਬਣਦਾ ਲਾਭ ਯੋਗ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਯੋਜਨਾ ਤਹਿਤ ਜ਼ਿਲ੍ਹੇ 'ਚ ਹੁਣ ਤੱਕ ਲਗਾਏ ਗਏ ਕੈਂਪਾਂ ਦੌਰਾਨ 37 ਹਜ਼ਾਰ ਤੋਂ ਵੱਧ ਯੋਗ ਲਾਭਪਾਤਰੀ ਵੱਖ-ਵੱਖ ਭਲਾਈ ਸਕੀਮਾਂ ਦਾ ਫ਼ਾਇਦਾ ਲੈ ਚੁੱਕੇ ਹਨ। ਕੈਂਪ ਦੌਰਾਨ ਵੱਖ-ਵੱਖ ਸਕੀਮਾਂ ਸਬੰਧੀ ਭਰੇ ਗਏ ਫਾਰਮਾਂ ਦੀ ਪੜਤਾਲ ਕਰਕੇ ਬਿਨਾਂ ਦੇਰੀ ਯੋਗ ਲਾਭਪਾਤਰੀਆਂ ਨੂੰ ਲਾਭ ਪਹੁੰਚਾਇਆ ਜਾਵੇਗਾ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰਸ਼ਾਂਤ ਕੁਮਾਰ ਗੋਇਲ ਅਤੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਪਿੰਡ ਵਿੱਚ 550 ਬੂਟੇ ਲਗਾਉਣ ਦੀ ਲੜੀ ਵਿੱਚ ਪਿੰਡਾਂ ਦੇ ਲੋਕਾਂ ਨੂੰ ਬੂਟੇ ਵੀ ਵੰਡੇ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਕਰਨ ਲਈ ਵੀ ਪ੍ਰੇਰਿਤ ਕੀਤਾ। ਕੈਂਪ ਦੌਰਾਨ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਵੀ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਧਰਤੀ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਹਰੇਕ ਵਿਅਕਤੀ ਨੂੰ ਆਪਸ 'ਚ ਰਲ ਮਿਲ ਕੇ ਕੰਮ ਕਰਨ ਦੀ ਜ਼ਰੂਰਤ ਹੈ।

ਜਦਕਿ ਅਸਿਸਟੈਂਟ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਸੰਧੂ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਵੱਖ-ਵੱਖ ਸਕੀਮਾਂ 'ਚ ਸ਼ਗਨ ਸਕੀਮ, ਆਟਾ-ਦਾਲ, ਪੈਨਸ਼ਨਾਂ, ਐੱਸ.ਸੀ,ਬੀ.ਸੀ ਕਰਜ਼ਾ ਯੋਜਨਾ, ਘਰ-ਘਰ ਰੋਜ਼ਗਾਰ, ਮੁਦਰਾ ਲੋਨ, ਪੋਸਟ ਮੈਟ੍ਰਿਕ ਸਕਾਲਰਸ਼ਿਪ, ਬੇਘਰਿਆਂ ਨੂੰ ਪਲਾਟ ਤੇ ਆਵਾਸ ਯੋਜਨਾ ਤਹਿਤ ਘਰ ਦੇਣ ਦੀ ਸਕੀਮ, ਸਕਿੱਲ ਡਿਵੈਲਪਮੈਂਟ ਸਿਖਲਾਈ ਦੀ ਜਾਣਕਾਰੀ, ਉਸਾਰੀ ਕਾਮਿਆਂ ਲਈ ਭਲਾਈ ਸਕੀਮਾਂ, ਮਗਨਰੇਗਾ ਤਹਿਤ ਰਜਿਸਟ੍ਰੇਸ਼ਨ, ਮੁੱਖ ਮੰਤਰੀ ਕੈਂਸਰ ਰਾਹਤ ਫ਼ੰਡ ਤਹਿਤ ਮੁਫ਼ਤ ਇਲਾਜ ਆਦਿ ਸਬੰਧੀ 804 ਦਰਖਾਸਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 102 ਨੂੰ ਮੌਕੇ ਤੇ ਹੀ ਸਕੀਮਾਂ ਦਾ ਲਾਭ ਦਿੱਤਾ ਗਿਆ ਤੇ 66 ਬਿਨੈ ਪੱਤਰ ਅਯੋਗ ਪਾਏ ਗਏ ਅਤੇ ਬਾਕੀ ਦਰਖਾਸਤਾਂ ਦੀ ਪੜਤਾਲ ਕੀਤੀ ਜਾਵੇਗੀ।

ਇਸ ਮੌਕੇ ਐਸਡੀਐਮ ਖਮਾਣੋਂ ਸ਼੍ਰੀਮਤੀ ਜਸ਼ਨਪ੍ਰੀਤ ਕੌਰ ਗਿੱਲ, ਡੀਐਸਪੀ ਧਰਮਪਾਲ ਸਿੰਘ, ਡੀ.ਡੀ.ਪੀ.ਓ ਰਵਿੰਦਰ ਸਿੰਘ ਸੰਧੂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਜੋਬਨਜੀਤ ਕੌਰ ਗਿੱਲ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਭਾਸ਼ ਸੂਦ, ਸੂਬਾ ਸਕੱਤਰ ਹਰਬੰਸ ਸਿੰਘ ਪੰਧੇਰ ਆਦਿ ਦੇ ਨਾਲ ਆਲੇ-ਦੁਆਲੇ ਦੇ ਪਿੰਡਾਂ ਦੇ ਪੰਚਾਂ ਤੇ ਸਰਪੰਚਾਂ ਤੋਂ ਇਲਾਵਾ ਵੱਡੀ ਗਿਣਤੀ ਇਲਾਕਾ ਵਾਸੀ ਮੌਜੂਦ ਸਨ।