ਦੰਦਾਂ ਦੀਆਂ ਬਿਮਾਰੀਆਂ ਸਬੰਧੀ ਡੈਂਟਲ ਸਿਹਤ ਪੰਦਰਵਾੜੇ ਤਹਿਤ ਕੀਤੀ ਗਈ ਮਰੀਜ਼ਾਂ ਦੇ ਦੰਦਾਂ ਦੀ ਜਾਂਚ

Last Updated: Jan 06 2020 14:08
Reading time: 1 min, 12 secs

ਦੰਦਾਂ ਦੀਆਂ ਬਿਮਾਰੀਆਂ ਤੋਂ ਬਚਾਅ ਅਤੇ ਇਲਾਜ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਡੈਂਟਲ ਸਿਹਤ ਜਾਗਰੂਕਤਾ ਪੰਦਰਵਾੜੇ ਤਹਿਤ ਸਿਵਲ ਹਸਪਤਾਲ ਚ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕਰਵਾਇਆ ਗਿਆ। ਜਾਗਰੂਕਤਾ ਸਮਾਰੋਹ ਦੌਰਾਨ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਸਿਵਲ ਸਰਜਨ ਡਾ. ਐਨ.ਕੇ ਅਗਰਵਾਲ ਨੇ ਪ੍ਰੋਗਰਾਮ ਦਾ ਉਦਘਾਟਨ ਕੀਤਾ। ਇਸ ਪੰਦਰਵਾੜੇ ਦੌਰਾਨ ਜ਼ਿਲ੍ਹੇ ਦੇ ਸਮੂਹ ਸਰਕਾਰੀ ਹਸਪਤਾਲਾਂ ਵਿੱਚ ਵਿਸ਼ੇਸ਼ ਤੌਰ ਤੇ ਦੰਦਾਂ ਦੀਆਂ ਬਿਮਾਰੀਆਂ ਦੀ ਜਾਂਚ ਕੀਤੀ ਗਈ ਅਤੇ ਜ਼ਰੂਰਤਮੰਦ ਵਿਅਕਤੀਆਂ ਦੇ ਡੈਂਚਰ ਲਗਾਏ ਜਾਣਗੇ।

ਸਮਾਰੋਹ ਦੌਰਾਨ ਜ਼ਿਲ੍ਹਾ ਡੈਂਟਲ ਹੈਲਥ ਅਫਸਰ ਡਾ. ਸੁਦਰਸ਼ਨ ਕੌਰ ਨੇ ਦੱਸਿਆ ਕਿ ਜ਼ਿਆਦਾ ਮਿੱਠੀਆਂ ਚੀਜ਼ਾਂ ਖਾਣ ਨਾਲ, ਚਾਹ ਅਤੇ ਕਾਫੀ ਜ਼ਿਆਦਾ ਪੀਣ ਨਾਲ ਜਾਂ ਤੰਬਾਕੂ ਦਾ ਇਸਤੇਮਾਲ ਕਰਨ ਨਾਲ ਦੰਦਾਂ ਚ ਪੀਲਾਪਨ ਆ ਜਾਂਦਾ ਹੈ ਅਤੇ ਕਰੇੜਾ ਲੱਗਣ ਤੇ ਖੋੜਾਂ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਦੰਦਾਂ ਦੀਆਂ ਬਿਮਾਰੀਆਂ ਤੋਂ ਬਚਣ ਲਈ ਦਿਨ ਵਿੱਚ ਦੋ ਵਾਰੀ ਟੁੱਥ ਬ੍ਰਸ਼ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਤਾਜ਼ੇ ਫਲ ਅਤੇ ਕੱਚੀਆਂ ਸਬਜ਼ੀਆਂ ਜਿਵੇਂ ਕਿ ਗਾਜਰ, ਮੂਲੀ ਸਲਾਦ ਅਤੇ ਸਾਬਤ ਅਨਾਜ ਜਿਵੇਂ ਕਿ ਭੁੱਜੇ ਹੋਏ ਛੋਲੇ, ਮੱਕੀ ਦੇ ਦਾਣੇ ਖਾਣੇ ਚਾਹੀਦੇ ਹਨ।

ਇਸ ਮੌਕੇ ਡਾ. ਸੁਦਰਸ਼ਨ ਕੌਰ ਨੇ ਅੱਗੇ ਕਿਹਾ ਕਿ ਦੰਦਾਂ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਹਰੇਕ ਵਿਅਕਤੀ ਨੂੰ ਸਮੇਂ-ਸਮੇਂ ਤੇ ਆਪਣੇ ਦੰਦਾਂ ਦਾ ਚੈਕਅੱਪ ਕਰਵਾਉਂਦੇ ਰਹਿਣਾ ਬਹੁਤ ਹੀ ਜ਼ਰੂਰੀ ਹੈ। ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ. ਕਿਰਪਾਲ ਸਿੰਘ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਪ੍ਰਸ਼ੋਤਮ ਦਾਸ, ਜ਼ਿਲ੍ਹਾ ਸਿਹਤ ਅਫਸਰ ਡਾ. ਨਵਜੋਤ ਕੌਰ, ਸਕੂਲ ਹੈਲਥ ਮੈਡੀਕਲ ਅਫ਼ਸਰ ਡਾ. ਨਵਨੀਤ ਕੌਰ ਆਦਿ ਤੋਂ ਇਲਾਵਾ ਜ਼ਿਲ੍ਹਾ ਮਾਸ ਮੀਡੀਆ ਅਫਸਰ ਪਰਮਿੰਦਰ ਸਿੰਘ ਤੇ ਹੋਰ ਮੁਲਾਜ਼ਮ ਵੀ ਮੌਜੂਦ ਸਨ।