ਮਾਤਰੂ ਵੰਦਨਾ ਯੋਜਨਾ ਵਰਦਾਨ ਸਾਬਤ ਹੋ ਰਹੀ ਹੈ ਗਰਭਵਤੀ ਔਰਤਾਂ ਲਈ !!!

Last Updated: Aug 24 2019 14:38
Reading time: 0 mins, 46 secs

ਡਿਪਟੀ ਕਮਿਸ਼ਨਰ ਲੁਧਿਆਣਾ ਨੇ ਦੱਸਿਆ ਕਿ ਮਹਿਲਾਵਾਂ ਨੂੰ ਜਣੇਪੇ ਦੌਰਾਨ ਅੰਸ਼ਿਕ ਲਾਭ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 'ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ' ਦੀ ਸ਼ੁਰੂਆਤ ਕੀਤੀ ਗਈ ਹੈ, ਜੋ ਕਿ ਗਰਭਵਤੀ ਮਹਿਲਾਵਾਂ ਨੂੰ ਪੌਸ਼ਟਿਕ ਖੁਰਾਕ ਦੇਣ ਲਈ ਵਰਦਾਨ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ।

ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਪਹਿਲੀ ਵਾਰ ਮਾਂ ਬਣਨ ਵਾਲੀਆਂ ਗਰਭਵਤੀ ਮਹਿਲਾਵਾਂ ਨੂੰ 5000 ਰੁਪਏ ਦੀ ਰਾਸ਼ੀ ਤਿੰਨ ਕਿਸ਼ਤਾਂ ਵਿੱਚ ਜਾਰੀ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ 1000 ਰੁਪਏ ਦੀ ਪਹਿਲੀ ਕਿਸ਼ਤ ਦੀ ਰਾਸ਼ੀ ਗਰਭਵਤੀ ਮਹਿਲਾ ਵੱਲੋਂ ਆਂਗਣਵਾੜੀ ਵਰਕਰ ਕੋਲ ਰਜਿਸਟਰੇਸ਼ਨ ਅਤੇ ਜੱਚਾ-ਬੱਚਾ ਕਾਰਡ ਬਣਾਉਣ ਸਮੇਂ ਦਿੱਤੀ ਜਾਂਦੀ ਹੈ, ਜਦਕਿ ਦੂਜੀ ਕਿਸ਼ਤ 2 ਹਜ਼ਾਰ ਰੁਪਏ ਦੀ ਰਾਸ਼ੀ 6 ਮਹੀਨੇ ਦੀ ਗਰਭ ਅਵਸਥਾ ਦੌਰਾਨ ਡਾਕਟਰੀ ਜਾਂਚ ਤੋਂ ਬਾਅਦ ਅਤੇ ਤੀਜੀ ਕਿਸ਼ਤ 2 ਹਜ਼ਾਰ ਰੁਪਏ ਦੀ ਰਾਸ਼ੀ ਬੱਚੇ ਦੇ ਜਨਮ ਤੋਂ ਬਾਅਦ ਪਹਿਲਾ ਟੀਕਾਕਰਨ ਹੋਣ ਉਪਰੰਤ ਦਿੱਤੀ ਜਾਂਦੀ ਹੈ।