ਨਸ਼ਿਆਂ ਨੂੰ ਲੈ ਕੇ ਡੀਸੀ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ

Last Updated: Jul 11 2018 19:15

ਪੰਜਾਬ ਸਰਕਾਰ ਦੇ ਮਿਸ਼ਨ ਡੇਪੋ ਅਧੀਨ ਜ਼ਿਲ੍ਹਾ ਪਠਾਨਕੋਟ ਵਿੱਚ ਚਲਾਈ ਗਈ ਮੁਹਿੰਮ ਨੂੰ ਤੇਜ਼ ਕੀਤਾ ਜਾਵੇਗਾ ਅਤੇ 20 ਜੁਲਾਈ ਤੱਕ 100 ਫ਼ੀਸਦੀ ਟੀਚਾ ਪੂਰਾ ਕਰਦੇ ਹੋਏ ਜ਼ਿਲ੍ਹੇ ਦੇ 402 ਪਿੰਡਾਂ ਨੂੰ ਕਵਰ ਕੀਤਾ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਨੀਲਿਮਾ ਨੇ ਪੰਜਾਬ ਸਰਕਾਰ ਦੇ ਨਸ਼ਾ ਵਿਰੋਧੀ ਪ੍ਰੋਗਰਾਮ ਡੇਪੋ ਅਧੀਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਮੀਟਿੰਗ ਹਾਲ ਵਿਖੇ ਆਯੋਜਿਤ ਕੀਤੀ ਇੱਕ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਸਣੇ ਪੁਲਿਸ ਅਧਿਕਾਰੀ ਹਾਜ਼ਰ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੀਲਿਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਡੇਪੋ ਪ੍ਰੋਗਰਾਮ ਨੂੰ ਸਫ਼ਲ ਕਰਨ ਦੇ ਲਈ ਪਿੰਡ ਪੱਧਰ ਅਤੇ ਵਾਰਡ ਪੱਧਰ ਤੇ ਵੀ ਨਸ਼ਾ ਰੋਕੂ ਨਿਗਰਾਨ ਕਮੇਟੀਆਂ ਲੋਕਾਂ ਨੂੰ ਨਸ਼ੇ ਖ਼ਿਲਾਫ਼ ਜਾਗਰੂਕ ਕਰਨ ਦਾ ਕੰਮ ਕਰ ਰਹੀਆਂ ਹਨ, ਜਿੰਨਾ ਵੱਲੋਂ ਪਿੰਡ ਪੱਧਰੀ ਅਤੇ ਵਾਰਡ ਪੱਧਰ ਤੇ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾ ਕੇ ਨੌਜਵਾਨਾਂ ਅਤੇ ਹੋਰ ਪਰਿਵਾਰਿਕ ਮੈਂਬਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪਠਾਨਕੋਟ ਵਿੱਚ ਡੇਪੋ ਮੁਹਿੰਮ ਨੂੰ ਕਾਮਯਾਬ ਕਰਨ ਦੇ ਲਈ 20 ਜੁਲਾਈ ਤੱਕ ਰੱਖੇ ਟੀਚੇ ਨੂੰ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਹੀ ਸਾਰੇ ਅਧਿਕਾਰੀਆਂ ਨੂੰ ਪਿੰਡਾਂ ਅਤੇ ਵਾਰਡਾਂ ਦੀ ਵੰਡ ਕੀਤੀ ਹੋਈ ਹੈ ਅਤੇ ਸਾਰੇ ਅਧਿਕਾਰੀ ਨਿਰਧਾਰਿਤ ਸਮੇਂ ਅਨੁਸਾਰ ਸਾਰੇ ਪਿੰਡਾਂ ਨੂੰ ਕਵਰ ਕਰਨਗੇ। ਉਨ੍ਹਾਂ ਨੇ ਕਿਹਾ ਕਿ ਡੇਪੋ ਅਧੀਨ ਸਾਡੀ ਸਾਰਿਆਂ ਦੀ ਜਿਮੇਦਾਰੀ ਬਣਦੀ ਹੈ ਕਿ ਅਸੀਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੈਦਾ ਕਰੀਏ ਅਤੇ ਨਸ਼ੇ 'ਚ ਫਸੇ ਲੋਕਾਂ ਦੀ ਪਹਿਚਾਣ ਕਰਕੇ ਉਨ੍ਹਾਂ ਦਾ ਨਸ਼ਾ ਮੁਕਤੀ ਕੇਂਦਰ ਨਾਲ ਵੀ ਸੰਪਰਕ ਬਣਾਈਏ। ਉਨ੍ਹਾਂ ਨੇ ਕਿਹਾ ਕਿ ਸਿਵਲ ਹਸਪਤਾਲ ਪਠਾਨਕੋਟ ਵਿਖੇ ਓ.ਓ.ਏ.ਟੀ. ਸੈਂਟਰ ਵੀ ਬਣਾਇਆ ਗਿਆ ਹੈ ਜੋ ਕੋਈ ਨੌਜਵਾਨ ਜੋ ਨਸ਼ੇ ਦੀ ਦਲਦਲ ਵਿੱਚ ਫਸ ਚੁੱਕਾ ਹੈ ਅਤੇ ਮਨ ਤੋਂ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਉਹ ਉਪਰੋਕਤ ਸੈਂਟਰ ਵਿੱਚ ਸੰਪਰਕ ਕਰ ਸਕਦਾ ਹੈ। ਉਨ੍ਹਾਂ ਨੇ ਐਸ.ਐਮ.ਓ. ਪਠਾਨਕੋਟ ਨੂੰ ਹਦਾਇਤ ਕਰਦਿਆਂ ਕਿਹਾ ਕਿ ਹਸਪਤਾਲ ਅੰਦਰ ਬਣਾਏ ਓ.ਓ.ਏ.ਟੀ. ਸੈਂਟਰ ਵੱਲੋਂ ਦਿੱਤੀਆਂ ਜਾ ਰਹੀਆਂ ਸਾਰੀਆਂ ਦਵਾਈਆਂ ਦਾ ਰਿਕਾਰਡ ਰੱਖਿਆ ਜਾਵੇ। ਉਨ੍ਹਾਂ ਨੇ ਕਿਹਾ ਕਿ ਡੇਪੋ ਅਧੀਨ ਜ਼ਿਲ੍ਹਾ ਪਠਾਨਕੋਟ ਦੇ ਕੈਮਿਸਟਾਂ ਨਾਲ ਵੀ ਮੀਟਿੰਗ ਕਰ ਕੇ ਵਿਸ਼ੇਸ਼ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਸਾਰੇ ਪਿੰਡਾਂ ਅਤੇ ਵਾਰਡਾਂ ਨੂੰ ਕੈਟਾਗਰੀ ਵਿੱਚ ਵੰਡਿਆ ਜਾਵੇਗਾ ਅਤੇ ਪੁਸ਼ਟੀ ਕੀਤੀ ਜਾਵੇਗੀ ਕਿ ਕਿਸ ਪਿੰਡ ਵਿੱਚ ਨਸ਼ਾ ਪੂਰੀ ਤਰ੍ਹਾਂ ਨਾਲ ਖ਼ਤਮ ਹੋ ਚੁੱਕਾ ਹੈ, ਉਨ੍ਹਾਂ ਪਿੰਡਾਂ ਨੂੰ ਡਰੱਗ ਫ੍ਰੀ ਘੋਸ਼ਿਤ ਕੀਤਾ ਜਾਵੇਗਾ। 

ਇਸ ਮੌਕੇ ਤੇ ਸੰਬੋਧਨ ਕਰਦਿਆਂ ਵਿਵੇਕਸ਼ੀਲ ਸੋਨੀ ਐਸ.ਐਸ.ਪੀ ਪਠਾਨਕੋਟ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਜ਼ਿਲ੍ਹਾ ਪਠਾਨਕੋਟ ਅੰਦਰ ਵੀ ਨਸ਼ੇ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਜਿਸ ਵਿੱਚ ਅਸੀਂ ਤੱਦ ਹੀ ਕਾਮਯਾਬ ਹੋ ਸਕਦੇ ਹਾਂ ਜਦ ਤੱਕ ਨਸ਼ਾ ਛੱਡਣ ਦਾ ਸੁਨੇਹਾ ਘਰ ਘਰ ਇੱਕ ਇੱਕ ਆਦਮੀ ਤੱਕ ਨਹੀਂ ਪਹੁੰਚ ਜਾਂਦਾ। ਉਨ੍ਹਾਂ ਨੇ ਜ਼ਿਲ੍ਹਾ ਪਠਾਨਕੋਟ ਅਧੀਨ ਸਾਰੇ ਪੁਲਿਸ ਥਾਣਿਆਂ ਦੇ ਮੁਖੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਹਰੇਕ ਥਾਨਾਂ ਮੁੱਖ ਹਰ ਰੋਜ਼ 2 ਪਿੰਡਾਂ ਵਿੱਚ ਲੋਕਾਂ ਨਾਲ ਮੀਟਿੰਗ ਕਰੇਗਾ ਅਤੇ ਉਨ੍ਹਾਂ ਨੂੰ ਸਰਕਾਰ ਦੇ ਡੇਪੋ ਪ੍ਰੋਗਰਾਮ ਬਾਰੇ ਜਾਗਰੂਕ ਕਰੇਗਾ, ਇਸ ਤੋਂ ਇਲਾਵਾ ਅਗਰ ਕੋਈ ਅਜਿਹਾ ਨੌਜਵਾਨ ਜੋ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਨਿਕਲਣਾ ਚਾਹੁੰਦਾ ਹੈ ਤਾਂ ਉਸ ਦਾ ਸੰਪਰਕ ਓ.ਓ.ਏ.ਟੀ. ਸੈਂਟਰ ਨਾਲ ਕਰਵਾਏਗਾ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਹਰੇਕ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਵੀ ਅਨਾਊਂਸ ਕਰਵਾਇਆ ਜਾਵੇਗਾ ਅਤੇ ਇਸ ਸਾਰੇ ਕਾਰਜ ਦੀ ਰਿਪੋਰਟ ਹਰ ਰੋਜ਼ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਕਰੇਗਾ। ਉਨ੍ਹਾਂ ਨੇ ਜ਼ਿਲ੍ਹਾ ਪਠਾਨਕੋਟ ਅਧੀਨ ਪੁਲਿਸ ਥਾਨਾਂ ਸਦਰ, ਨੰਗਲਭੁਰ ਅਤੇ ਡਿਵੀਜ਼ਨ ਨੰਬਰ 2 ਦੇ ਮੁਖੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਥਾਣਿਆਂ ਅਧੀਨ ਜਿਹੜੇ ਵੀ ਸੁੰਨਸਾਨ ਖੇਤਰ ਹਨ, ਉਨ੍ਹਾਂ ਦੀ ਗਸ਼ਤ ਵਧਾਈ ਜਾਵੇ ਅਤੇ ਅਗਰ ਕੋਈ ਸੁੰਨਸਾਨ ਜਗ੍ਹਾ ਤੇ ਇਕੱਲਾ ਜਾਂ ਫਿਰ ਗਰੁੱਪ ਵਿੱਚ ਕੋਈ ਪਾਇਆ ਜਾਂਦਾ ਹੈ ਤਾਂ ਸਖ਼ਤੀ ਨਾਲ ਉਸ ਦੀ ਪੁੱਛ ਗਿੱਛ ਕੀਤੀ ਜਾਵੇ।