ਕਿਸਾਨ ਮਜ਼ਦੂਰ ਜੱਥੇਬੰਦੀ ਨੇ ਫ਼ਿਰੋਜ਼ਪੁਰ ਵਿਖੇ ਕੀਤੀ ਸੂਬਾ ਪੱਧਰੀ ਮੀਟਿੰਗ..!!!

Last Updated: Jul 08 2018 17:13

ਕਿਸਾਨੀ ਮਸਲਿਆਂ ਨੂੰ ਲੈ ਕੇ ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ ਅੱਜ ਸੂਬਾ ਪੱਧਰੀ ਮੀਟਿੰਗ ਫ਼ਿਰੋਜ਼ਪੁਰ ਵਿਖੇ ਕੀਤੀ ਗਈ। ਮੀਟਿੰਗ ਦੌਰਾਨ ਕਿਸਾਨਾਂ ਦੇ ਸਮੁੱਚੇ ਕਰਜ਼ ਮੁਆਫ਼, ਡਾ. ਸੁਆਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਅਤੇ ਹੋਰ ਮਸਲਿਆਂ ਨੂੰ ਲੈ ਕੇ 8 ਅਗਸਤ ਤੋਂ ਪੰਜਾਬ ਭਰ ਦੇ ਡੀਸੀ ਦਫ਼ਤਰਾਂ ਅੱਗੇ ਤਿੰਨ ਰੋਜ਼ਾ ਧਰਨੇ ਦੇਣ ਦਾ ਐਲਾਣ ਕੀਤਾ ਗਿਆ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਪ੍ਰਧਾਨ ਸਤਨਾਮ ਸਿੰਘ ਪੰਨੂੰ ਨੇ ਕਿਹਾ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਕਿਸਾਨਾਂ ਮਜ਼ਦੂਰਾਂ ਦੀ ਸਮੁੱਚਾ ਕਰਜਾ ਮੁਆਫ਼ੀ, ਡਾ. ਸੁਆਮੀਨਾਥਨ ਕਮਿਸ਼ਨ ਦੀ ਰਿਪੋਰਟ ਪੂਰਨ ਰੂਪ ਵਿੱਚ ਲਾਗੂ ਕਰਨ, ਸਮਾਜਿਕ ਸੁਰੱਖਿਆ ਕਾਨੂੰਨ ਅਧੀਨ ਕਿਸਾਨਾਂ ਮਜ਼ਦੂਰਾਂ ਨੂੰ ਕੁਸ਼ਲ ਕਾਮਾ ਗਿਣ ਕੇ 5 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ, ਹਰ ਤਰ੍ਹਾਂ ਦੇ ਅਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ, ਬਾਸਮਤੀ ਸਮੇਤ ਸਾਰੀਆਂ ਫਸਲਾਂ ਦੇ ਭਾਅ ਐਲਾਨਣ ਅਤੇ ਖ਼ਰੀਦ ਦੀ ਗਾਰੰਟੀ ਕਰਨ, ਨਸ਼ਿਆਂ ਦਾ ਖ਼ਾਤਮਾ, ਘਰੇਲੂ ਬਿਜਲੀ ਦਰ 1 ਰੁਪਏ ਪ੍ਰਤੀ ਯੂਨਿਟ ਕਰਨਾ ਆਦਿ ਮੰਗਾਂ ਹਨ।

ਉਨ੍ਹਾਂ ਕਿਹਾ ਕਿ ਉਕਤ ਮੰਗਾਂ ਨੂੰ ਲੈ ਕੇ 8 ਅਗਸਤ ਤੋਂ ਪੰਜਾਬ ਭਰ ਦੇ ਡੀਸੀ ਦਫ਼ਤਰਾਂ ਅੱਗੇ ਤਿੰਨ ਰੋਜ਼ਾ ਧਰਨੇ ਦਿੱਤੇ ਜਾਣਗੇ, ਜਿਸ ਵਿੱਚ ਹਜ਼ਾਰਾਂ ਕਿਸਾਨ ਮਜ਼ਦੂਰ ਬੀਬੀਆਂ ਨੌਜਵਾਨ ਆਪਣੇ ਪਿੰਡਾਂ ਵਿੱਚੋਂ ਰਸਦ ਪਾਣੀ ਲੈ ਕੇ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਪੂਰੇ ਰੋਹ ਨਾਲ ਹਿੱਸਾ ਲੈਣਗੇ। ਇਸ ਮੌਕੇ ਮੀਟਿੰਗ ਨੂੰ ਸਰਵਨ ਸਿੰਘ ਪੰਧੇਰ, ਸਵਿੰਦਰ ਸਿੰਘ ਚਤਾਲਾ, ਜਸਬੀਰ ਸਿੰਘ, ਬਖਸ਼ੀਸ਼ ਸਿੰਘ, ਰਣਬੀਰ ਸਿੰਘ ਗੁਰਦਾਸਪੁਰ, ਕੁਲਦੀਪ ਸਿੰਘ ਟਾਹਲੀ, ਬਾਬਾ ਸ਼ਵਿੰਦਰ ਸਿੰਘ ਹੁਸ਼ਿਆਰਪੁਰ, ਸਾਹਬ ਸਿੰਘ ਦੀਨੇਕੇ, ਸੁਰਜੀਤ ਸਿੰਘ ਫ਼ਿਰੋਜ਼ਪੁਰ, ਸਲਵਿੰਦਰ ਸਿੰਘ ਜਲੰਧਰ, ਪਰਮਜੀਤ ਸਿੰਘ ਖਾਲਸਾ, ਮੁਖਤਾਰ ਸਿੰਘ ਕਪੂਰਥਲਾ ਨੇ ਵੀ ਸੰਬੋਧਨ ਕੀਤਾ।