ਪੁਲਿਸ ਦਾ ਦਾਅਵਾ, ਹੈਰੋਇਨ ਅਤੇ ਸਮੈਕ ਸਮੇਤ ਦੋ ਸਕੇ ਭਰਾਵਾਂ ਸਣੇ 3 ਗ੍ਰਿਫ਼ਤਾਰ..!!

Last Updated: Jul 09 2018 12:45

ਬੀਤੇ ਦਿਨ ਨਾਕੇਬੰਦੀ ਅਤੇ ਗਸ਼ਤ ਦੇ ਦੌਰਾਨ ਥਾਣਾ ਸਿਟੀ ਫਿਰੋਜ਼ਪੁਰ ਅਤੇ ਥਾਣਾ ਆਰਫ ਕੇ ਪੁਲਿਸ ਨੇ ਹੈਰੋਇਨ ਅਤੇ ਸਮੈਕ ਸਮੇਤ ਦੋ ਸਕੇ ਭਰਾਵਾਂ ਸਣੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧ ਵਿੱਚ ਪੁਲਿਸ ਨੇ ਤਿੰਨਾਂ ਵਿਅਕਤੀਆਂ ਦੇ ਵਿਰੁੱਧ ਐਨਡੀਪੀਐਸ ਐਕਟ ਤਹਿਤ ਮੁਕੱਦਮੇ ਦਰਜ ਕੀਤੇ ਹਨ। ਵਧੇਰੇ ਜਾਣਕਾਰੀ ਦਿੰਦੇ ਹੋਏ ਥਾਣਾ ਆਰਫ ਦੇ ਸਹਾਇਕ ਸਬ ਇੰਸਪੈਕਟਰ ਮਹਿਲ ਸਿੰਘ ਨੇ ਦੱਸਿਆ ਕਿ ਜਦੋਂ ਉਹ ਬਾਹੱਦ ਰਕਬਾ ਗੁਲਾਮੀ ਵਾਲਾ ਕੋਲ ਬੀਤੀ ਦੁਪਹਿਰ ਆਪਣੀ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਇਸ ਦੌਰਾਨ ਉਨ੍ਹਾਂ ਦੀ ਪੁਲਿਸ ਪਾਰਟੀ ਨੇ ਸ਼ੱਕ ਦੇ ਤਹਿਤ ਇੱਕ ਵਿਅਕਤੀ ਨੂੰ ਕਾਬੂ ਕੀਤਾ।

ਪੁਲਿਸ ਨੇ ਦਾਅਵਾ ਕਰਦਿਆਂ ਦੱਸਿਆ ਕਿ ਜਦੋਂ ਉਕਤ ਵਿਅਕਤੀ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ ਵਿੱਚੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਗੁਰਮੇਲ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਬੱਗੇ ਵਾਲਾ ਵਜੋਂ ਹੋਈ ਹੈ। ਇਸੇ ਤਰ੍ਹਾਂ ਥਾਣਾ ਸਿਟੀ ਫਿਰੋਜ਼ਪੁਰ ਦੇ ਸਹਾਇਕ ਸਬ ਇੰਸਪੈਕਟਰ ਅਜਮੇਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਬਜ਼ਾਜ ਡੇਅਰੀ ਸਿਟੀ ਫਿਰੋਜ਼ਪੁਰ ਕੋਲ ਨਾਕੇਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ ਤਾਂ ਇਸ ਦੌਰਾਨ ਉਨ੍ਹਾਂ ਦੀ ਪੁਲਿਸ ਪਾਰਟੀ ਨੇ ਇੱਕ ਸ਼ੱਕੀ ਵਾਹਨ ਨੂੰ ਰੋਕਿਆ, ਜਿਸ 'ਤੇ ਦੋ ਵਿਅਕਤੀ ਸਵਾਰ ਸਨ।

ਪੁਲਿਸ ਨੇ ਦਾਅਵਾ ਕਰਦਿਆਂ ਦੱਸਿਆ ਕਿ ਜਦੋਂ ਉਕਤ ਵਿਅਕਤੀਆਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਦੇ ਕਬਜ਼ੇ ਵਿੱਚੋਂ 24 ਗ੍ਰਾਮ ਸਮੈਕ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਸਮੈਕ ਸਮੇਤ ਫੜੇ ਗਏ ਵਿਅਕਤੀਆਂ ਨੇ ਆਪਣਾ ਨਾਂਅ ਸਲੀਮ ਅਤੇ ਰਾਹੁਲ ਪੁੱਤਰਾਨ ਸ਼ਿੰਦਾ ਵਾਸੀਅਨ ਬਸਤੀ ਆਵਾ ਫਿਰੋਜ਼ਪੁਰ ਸ਼ਹਿਰ ਦੱਸਿਆ ਹੈ। ਪੁਲਿਸ ਨੇ ਦੱਸਿਆ ਕਿ ਉਕਤ ਤਿੰਨਾਂ ਵਿਅਕਤੀਆਂ ਵਿਰੁੱਧ ਐਨਡੀਪੀਐਸ ਐਕਟ ਤਹਿਤ ਪਰਚੇ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।