ਗੰਦੇ ਪਾਣੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਨੇ ਕੀਤਾ ਉਪਰਾਲਾ

Last Updated: Jul 09 2018 17:30

ਪੰਜਾਬ ਸਰਕਾਰ ਦੇ "ਮਿਸ਼ਨ ਤੰਦਰੁਸਤ ਪੰਜਾਬ" ਅਧੀਨ ਹਰੇਕ ਵਿਭਾਗ ਨੂੰ ਆਪਣੇ-ਆਪਣੇ ਅਧਿਕਾਰ ਖੇਤਰ ਅੰਦਰ ਕੋਈ ਤਿੰਨ ਅਜਿਹੇ ਕਾਰਜਾਂ ਦਾ ਚੁਨਾਬ ਕਰਨਾ ਹੈ ਜੋ ਅਤਿ ਗੰਭੀਰ ਹੋਣ, ਸੁਜਾਨਪੁਰ ਵਿਖੇ ਧਿਆਨ ਵਿੱਚ ਆਈਆਂ ਸਮੱਸਿਆਵਾਂ ਵਿੱਚੋਂ ਸੁਜਾਨਪੁਰ ਨਗਰ ਕੌਂਸਲ ਦੀ ਵੱਡੀ ਸਮੱਸਿਆ ਹੈ ਕਿ ਸ਼ਹਿਰ ਦਾ ਗੰਦਾ ਪਾਣੀ ਜੋ ਕਿ ਕੁਦਰਤੀ ਜਲ ਸਰੋਤਾਂ ਵਿੱਚ ਮਿਲ ਕੇ ਕੁਦਰਤੀ ਸੋਮਿਆਂ ਨੂੰ ਦੂਸ਼ਿਤ ਕਰ ਰਿਹਾ ਹੈ। ਇਹ ਪ੍ਰਗਟਾਵਾ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਟੈਂਡਿੰਗ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਅੰਦਰ "ਮਿਸ਼ਨ ਤੰਦਰੁਸਤ ਪੰਜਾਬ" ਚਲਾਇਆ ਜਾ ਰਿਹਾ ਹੈ। ਜਿਸ ਅਧੀਨ ਜ਼ਿਲ੍ਹਾ ਪਠਾਨਕੋਟ ਵਿੱਚ ਵੀ ਉਪਰੋਕਤ ਮਿਸ਼ਨ ਨੂੰ ਪੂਰੇ ਜੋਸ਼ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਇਸ ਅਧੀਨ ਹੀ ਹਰੇਕ ਖੇਤਰ ਅੰਦਰ ਅਤਿ ਗੰਭੀਰ ਮੁੱਦਿਆਂ ਨੂੰ ਉਠਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਮੱਸਿਆਵਾਂ ਦੇ ਉਚਿੱਤ ਹੱਲ ਕਰਨ ਲਈ ਜ਼ਿਲ੍ਹਾ ਪੱਧਰ ਤੇ ਇੱਕ ਸਟੈਂਡਿੰਗ ਕੋਆਰਡੀਨੇਸ਼ਨ ਕਮੇਟੀ ਬਣਾਈ ਗਈ ਹੈ ਜਿਸ ਅਧੀਨ ਹਰੇਕ ਸਾਹਮਣੇ ਆਉਣ ਵਾਲੀ ਸਮੱਸਿਆ ਨੂੰ ਹੱਲ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਸੁਜਾਨਪੁਰ ਅੰਦਰ ਘਰਾਂ ਦਾ ਪਾਣੀ ਜੋ ਕਿ ਕੁਦਰਤੀ ਜਲ ਸਰੋਤਾਂ ਅੰਦਰ ਪੈ ਰਿਹਾ ਹੈ ਦੇ ਹਲ ਲਈ ਅੱਜ ਬਣਾਈ ਗਈ ਸਟੈਂਡਿੰਗ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਉਕਤ ਸਮੱਸਿਆ ਦੇ ਹੱਲ ਲਈ ਸੁਜਾਨਪੁਰ ਅੰਦਰ ਦੋ ਸੀਵਰੇਜ ਟਰੀਟਮੈਂਟ ਪਲਾਂਟ ਲਗਾਏ ਜਾਣੇ ਹਨ। ਜਿਸ ਲਈ ਦੋ ਸਥਾਨਾਂ ਦੀ ਚੋਣ ਵੀ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਉਪਰਾਲਾ ਹੈ ਕਿ ਟਰੀਟਮੈਂਟ ਪਲਾਂਟ ਲੱਗਣ ਤੋਂ ਬਾਅਦ ਨਗਰ ਕੌਂਸਲ ਦੇ ਗੰਦੇ ਪਾਣੀ ਨੂੰ ਫਿਲਟਰ ਕਰ ਕੇ ਖੇਤੀ ਲਈ ਪ੍ਰਯੋਗ ਕੀਤਾ ਜਾ ਸਕਦਾ ਹੈ ਜਾਂ ਕੋਈ ਹੋਰ ਵੀ ਹੱਲ ਕੱਢਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅੱਜ ਇਸ ਸਬੰਧੀ ਮੀਟਿੰਗ ਕੀਤੀ ਗਈ ਹੈ ਅਤੇ ਜਲਦੀ ਹੀ ਇੱਕ ਹੋਰ ਮੀਟਿੰਗ ਕੀਤੀ ਜਾਵੇਗੀ ਜਿਸ ਵਿੱਚ ਹੋਰ ਸਬੰਧਿਤ ਵਿਭਾਗ ਵੀ ਸ਼ਾਮਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਉਪਰਾਲਾ ਹੈ ਕਿ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਲੋਕਾਂ ਨੂੰ ਸਾਫ਼ ਪਾਣੀ, ਸਾਫ਼ ਵਾਤਾਵਰਨ, ਸਾਫ਼ ਰਹਿਣ ਸਹਿਣ ਦਿੱਤਾ ਜਾਵੇ ਤਾਂ ਜੋ ਲੋਕ ਪੂਰੀ ਤਰ੍ਹਾਂ ਨਾਲ ਤੰਦਰੁਸਤ ਰਹਿ ਸਕਣ।