ਸਦਰ ਪੁਲਿਸ ਦਾ ਦਾਅਵਾ, ਨਸ਼ੀਲੇ ਪਾਊਡਰ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ.!!!

Gurpreet Singh Josan
Last Updated: Jul 10 2018 13:30

ਜ਼ਿਲ੍ਹਾ ਪੁਲਿਸ ਮੁਖੀ ਫ਼ਿਰੋਜ਼ਪੁਰ ਪ੍ਰੀਤਮ ਸਿੰਘ ਨੇ ਨਸ਼ਿਆਂ ਵਿਰੁੱਧ ਮੁਹਿੰਮ ਛੇੜੀ ਹੋਈ ਹੈ। ਇਸੇ ਮੁਹਿੰਮ ਦੇ ਚੱਲਦਿਆਂ ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਨੇ ਪਿੰਡ ਪੱਲਾ ਮੇਘਾ ਵਿਖੇ ਨਾਕੇਬੰਦੀ ਕਰਕੇ 4 ਵਿਅਕਤੀਆਂ ਨੂੰ ਨਸ਼ੀਲੇ ਪਾਊਡਰ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧ ਵਿੱਚ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਪਰਚਾ ਦਰਜ ਕੀਤਾ ਹੈ। ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸਹਾਇਕ ਸਬ ਇੰਸਪੈਕਟਰ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਜਦੋਂ ਉਹ ਬੀਤੇ ਦਿਨ ਪਿੰਡ ਪੱਲਾ ਮੇਘਾ ਕੋਲ ਨਾਕੇਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ ਤਾਂ ਇਸ ਦੌਰਾਨ ਉਨ੍ਹਾਂ ਦੀ ਪੁਲਿਸ ਪਾਰਟੀ ਨੇ ਦੋ ਵਾਹਨ ਨੂੰ ਰੋਕਿਆ, ਜਿਸ 'ਤੇ ਚਾਰ ਵਿਅਕਤੀ ਸਵਾਰ ਸਨ।

ਪੁਲਿਸ ਨੇ ਦਾਅਵਾ ਕਰਦਿਆਂ ਦੱਸਿਆ ਕਿ ਜਦੋਂ ਉਕਤ ਵਿਅਕਤੀਆਂ ਦੀ ਸ਼ੱਕ ਦੇ ਤਹਿਤ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਦੇ ਕਬਜ਼ੇ ਵਿੱਚੋਂ 50 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਪੁਲਿਸ ਨੇ ਦੱਸਿਆ ਕਿ ਨਸ਼ੀਲੇ ਪਾਊਡਰ ਸਮੇਤ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਸਤਨਾਮ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪ੍ਰੀਤਮ ਸਿੰਘ ਵਾਲਾ, ਸੁਖਚੈਨ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਮਹਾਲਮ, ਚਿਮਨ ਸਿੰਘ ਪੁੱਤਰ ਤਾਰਾ ਸਿੰਘ ਅਤੇ ਵੀਰੂ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਕਮਾਲੇ ਵਾਲਾ ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਉਕਤ ਚਾਰਾਂ ਵਿਅਕਤੀਆਂ ਦੇ ਵਿਰੁੱਧ 22, 61, 85 ਐਨਡੀਪੀਐਸ ਐਕਟ ਤਹਿਤ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੂੰ ਅੱਜ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।