ਐਸ.ਡੀ.ਐਮ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

Last Updated: Jul 11 2018 12:38

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ ਮੁਹੰਮਦ ਤਇਅਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਧਾਨ ਸਭਾ ਹਲਕਾ ਕਪੂਰਥਲਾ ਦੇ ਪੋਲਿੰਗ ਸਟੇਸ਼ਨਾਂ ਦੇ ਪੁਨਰਗਠਨ ਸਬੰਧੀ ਐਸ.ਡੀ.ਐਮ ਕਪੂਰਥਲਾ ਡਾ. ਨਯਨ ਭੁੱਲਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਡਾ. ਨਯਨ ਭੁੱਲਰ ਨੇ ਉਨ੍ਹਾਂ ਨੂੰ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਪੋਲਿੰਗ ਸਟੇਸ਼ਨਾਂ ਦਾ ਪੁਨਰਗਠਨ ਇਸ ਤਰੀਕੇ ਨਾਲ ਕੀਤਾ ਜਾਣਾ ਹੈ ਕਿ ਪੋਲਿੰਗ ਸਟੇਸ਼ਨ ਵਿੱਚ ਪੇਂਡੂ ਖੇਤਰ ਵਿੱਚ 1200 ਅਤੇ ਸ਼ਹਿਰੀ ਖੇਤਰ ਵਿੱਚ 1400 ਤੋਂ ਵੱਧ ਵੋਟਰ ਨਾ ਹੋਣ। ਉਨ੍ਹਾਂ ਦੱਸਿਆ ਕਿ ਜਿਸ ਪੋਲਿੰਗ ਸਟੇਸ਼ਨ 'ਤੇ ਵੋਟਰਾਂ ਦੀ ਗਿਣਤੀ ਜ਼ਿਆਦਾ ਹੈ, ਉੱਥੇ ਨਵੇਂ ਪੋਲਿੰਗ ਸਟੇਸ਼ਨ ਬਣਾਏ ਜਾਣਗੇ।

ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਪੋਲਿੰਗ ਸਟੇਸ਼ਨਾਂ ਸਬੰਧੀ ਤਜਵੀਜ਼ਾਂ ਜਲਦ ਤੋਂ ਜਲਦ ਉਨ੍ਹਾਂ ਨੂੰ ਦੇਣ ਤਾਂ ਜੋ ਇਸ ਕੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਵੇਲੇ ਵਿਧਾਨ ਸਭਾ ਹਲਕਾ ਕਪੂਰਥਲਾ ਵਿੱਚ ਕੁੱਲ 182 ਪਲਿੰਗ ਬੂਥ ਹਨ, ਜਿਨ੍ਹਾਂ ਵਿੱਚ 140973 ਵੋਟਰ ਹਨ ਅਤੇ ਪ੍ਰਤੀ ਪੋਲਿੰਗ ਸਟੇਸ਼ਨ ਵਿੱਚ ਔਸਤਨ 774 ਵੋਟਾਂ ਹਨ। ਉਨ੍ਹਾਂ ਨੇ ਕਿਹਾ ਕਿ ਜਿਹੜੀਆਂ ਤਜਵੀਜਾਂ ਲੇਟ ਪ੍ਰਸ਼ਾਸਨ ਕੋਲ ਪਹੁੰਚਣਗੀਆਂ, ਉਨ੍ਹਾਂ ਤੇ ਵਿਚਾਰ ਨਹੀਂ ਕੀਤਾ ਜਾਵੇਗਾ। ਇਸ ਲਈ ਇਹਨਾਂ ਤਜਵੀਜਾਂ ਨੂੰ ਪਹਿਲ ਦੇ ਆਧਾਰ ਤੇ ਮੁਕੰਮਲ ਕਰਕੇ ਭੇਜਿਆ ਜਾਵੇ।