ਜ਼ਿਲ੍ਹੇ ਦੇ ਪਿੰਡਾਂ 'ਚ ਸਵੇਰ ਦੀ ਸੈਰ ਅਤੇ ਕਸਰਤ ਮੁਹਿੰਮ ਸ਼ੁਰੂ

Last Updated: Jul 11 2018 15:20

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਯੁਵਕ ਸੇਵਾਵਾਂ ਵਿਭਾਗ ਵੱਲੋਂ ਕਸਰਤ ਤੇ ਸਵੇਰ ਦੀ ਸੈਰ ਦੀ ਮਹੱਤਤਾ ਬਾਰੇ ਪਿੰਡਾਂ ਦੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤਹਿਤ ਜ਼ਿਲ੍ਹੇ ਦੇ ਪਿੰਡ ਚਾਂਦ ਮਾਰੀ ਤੇ ਸੈਣੀਆਂ ਵਿਖੇ ਸਵੇਰ ਦੀ ਸੈਰ ਤੇ ਕਸਰਤ ਸ਼ੁਰੂ ਕਰਵਾਈ ਗਈ।

ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਦੇ ਨੁਮਾਇੰਦੇ ਅੰਕਿਤ ਕੁਮਾਰ ਨੇ ਦੱਸਿਆ ਕਿ ਨਿਰੋਈ ਸਿਹਤ ਹਾਸਲ ਕਰਨ ਲਈ ਨੌਜਵਾਨਾਂ ਨੂੰ ਰੋਜ਼ਾਨਾ ਕਸਰਤ, ਯੋਗਾ ਤੇ ਸਵੇਰ ਦੀ ਸੈਰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਕਸਰਤ ਕਰਨ ਵਾਲੇ ਵਿਅਕਤੀ ਨੂੰ ਕਦੇ ਡਾਕਟਰ ਕੋਲ ਜਾਣ ਦੀ ਜ਼ਰੂਰਤ ਨਹੀਂ ਪੈਂਦੀ।

ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦੇ ਨੁਮਾਇੰਦੇ ਨੇ ਪਿੰਡ ਵਾਸੀਆਂ ਨੂੰ ਦੱਸਿਆ ਕਿ ਕਸਰਤ ਤੇ ਸਵੇਰ ਦੀ ਸੈਰ ਕਰਨ ਨਾਲ ਸਰੀਰ ਵਿੱਚ ਹਰ ਸਮੇਂ ਤਾਜ਼ਗੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਦੇ ਹੋਰਨਾਂ ਪਿੰਡਾਂ ਵਿੱਚ ਵੀ ਕਸਰਤ ਤੇ ਸਵੇਰ ਦੀ ਸੈਰ ਸ਼ੁਰੂ ਕਰਵਾਈ ਜਾਵੇਗੀ ਤੇ ਇਸਦੀ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ।