ਪ੍ਰਨੀਤ ਕੌਰ ਨੇ ਕੀਤੀ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਦੀ ਵਕਾਲਤ!!

Last Updated: Jul 12 2018 12:41

ਭਾਰਤੀ ਜਨਤਾ ਪਾਰਟੀ ਅਤੇ ਅਕਾਲੀ ਦਲ ਵਾਲੇ ਅਗਰ ਖੁਦ ਨੂੰ ਕਿਸਾਨਾਂ ਦੇ ਇੰਨੇ ਹੀ ਹਿਤੈਸ਼ੀ ਸਮਝਦੇ ਹਨ ਤਾਂ ਕਿਉਂ ਨਹੀਂ ਉਹ ਦੇਸ਼ ਦੇ ਪ੍ਰਧਾਨ ਮੰਤਰੀ ਦੇ ਰਾਹੀਂ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਵਾ ਲੈਂਦੇ ਹਨ। ਇਹ ਕਹਿਣਾ ਹੈ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ ਦਾ। ਉਨ੍ਹਾਂ ਕਿਹਾ ਕਿ, ਇਹ ਕੰਮ ਤਾਂ ਭਾਜਪਾਈਆਂ ਲਈ ਚੁਟਕੀਆਂ ਦਾ ਕੰਮ ਹੋਣਾ ਚਾਹੀਦਾ ਹੈ ਕਿਉਂਕਿ, ਪ੍ਰਧਾਨ ਮੰਤਰੀ ਉਨ੍ਹਾਂ ਦੀ ਪਾਰਟੀ ਦਾ ਹੈ।

ਉਨ੍ਹਾਂ ਕਿਹਾ ਕਿ, ਭਾਜਪਾ ਸਰਕਾਰ ਵੱਲੋਂ ਝੋਨੇ ਸਮੇਤ ਕੁਝ ਫ਼ਸਲਾਂ ਦੇ ਸਮਰਥਨ ਮੁੱਲ ਵਿੱਚ ਮਾਮੂਲੀ ਵਾਧਾ ਕਰਨ ਉਪਰੰਤ ਫੋਕੀਆਂ ਰੈਲੀਆਂ ਕਰਕੇ ਵਾਹਵਾਹੀ ਖੱਟਣ ਤੋਂ ਪਹਿਲਾਂ ਕਿਸਾਨਾਂ ਦਾ ਮੁੱਖ ਮੁੱਦਾ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕੀਤਾ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ, ਫ਼ਸਲਾਂ ਉੱਪਰ ਵਰਤੀਆਂ ਜਾਣ ਵਾਲੀਆਂ ਖਾਦਾਂ, ਦਵਾਈਆਂ ਉੱਪਰੋਂ ਜੀ.ਐਸ.ਟੀ. ਤੁਰੰਤ ਖ਼ਤਮ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ, ਕੇਂਦਰ ਵਿੱਚ ਅਕਾਲੀ ਦਲ ਦੀ ਭਾਈਵਾਲ ਭਾਜਪਾ ਸਰਕਾਰ ਨੂੰ ਪਿਛਲੇ 4 ਸਾਲਾਂ ਦੌਰਾਨ ਕਦੇ ਵੀ ਕਿਸਾਨਾਂ ਦੀਆਂ ਫ਼ਸਲਾਂ ਦੇ ਸਮਰਥਨ ਮੁੱਲ ਵਧਾਉਣ ਬਾਰੇ ਖ਼ਿਆਲ ਨਹੀਂ ਆਇਆ ਪਰ ਹੁਣ ਲੋਕ ਸਭਾ ਚੋਣਾਂ ਨੇੜੇ ਆਉਂਦੀਆਂ ਵੇਖ ਕੇ ਕੇਂਦਰ ਨੂੰ ਕਿਸਾਨਾਂ ਦਾ ਵੈਰਾਗ ਜਾਗ ਪਿਆ ਹੈ। 

ਉਨ੍ਹਾਂ ਕਿਹਾ ਕਿ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੰਦੇ ਹੋਏ ਕਿਸਾਨਾਂ ਦੇ ਕਰਜ਼ੇ ਮਾਫ਼ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੀ ਤਰਜ਼ 'ਤੇ ਕੇਂਦਰ ਸਰਕਾਰ ਵੀ ਕਿਸਾਨਾਂ ਦੇ ਕਰਜ਼ੇ ਮਾਫ਼ ਕਰੇ।