ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਜੀਤ ਕੌਰ ਨੇ ਅਹੁਦਾ ਸੰਭਾਲਿਆ

Last Updated: Jul 20 2018 18:28
Reading time: 0 mins, 54 secs

ਨਵ-ਨਿਯੁਕਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਪੂਰਥਲਾ ਰਣਜੀਤ ਕੌਰ ਨੇ ਅੱਜ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। ਪੀ.ਸੀ.ਐਸ ਅਫ਼ਸਰ ਰਣਜੀਤ ਕੌਰ ਇਸ ਤੋਂ ਪਹਿਲਾਂ ਸ਼ਹੀਦ ਭਗਤ ਸਿੰਘ ਨਗਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਸੇਵਾਵਾਂ ਨਿਭਾਅ ਰਹੇ ਸਨ।

ਇਸ ਮੌਕੇ ਸਮੂਹ ਸਟਾਫ ਨੇ ਉਨ੍ਹਾਂ ਨੂੰ ਅਹੁਦਾ ਸੰਭਾਲਣ 'ਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਰਣਜੀਤ ਕੌਰ ਨੇ ਕਿਹਾ ਕਿ ਉਹ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਪੂਰੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨਗੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਚਲਾਏ ਜਾ ਰਹੇ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਦਿਵਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਪੰਚਾਇਤ ਚੋਣਾਂ ਪੂਰੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਲੋਕਾਂ ਦੇ ਕੰਮਾਂ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਨੇ ਸਟਾਫ ਨੂੰ ਵੀ ਹਿਦਾਇਤ ਕੀਤੀ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਪੇਸ਼ ਨਹੀਂ ਆਉਣੀ ਚਾਹੀਦੀ।