ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੀ ਰਿਹਰਸਲ ਦਾ ਏਡੀਸੀ ਨੇ ਕੀਤਾ ਨਿਰੀਖਣ

Gurpreet Singh Josan
Last Updated: Aug 10 2018 17:49

ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੀ ਰਿਹਰਸਲ ਅੱਜ ਵਧੀਕ ਡਿਪਟੀ ਕਮਿਸ਼ਨਰ ਗੁਰਮੀਤ ਸਿੰਘ ਮੁਲਤਾਨੀ ਦੀ ਅਗਵਾਈ ਹੇਠ ਹੋਈ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ (ਜਨ.) ਰਣਜੀਤ ਸਿੰਘ ਵੀ ਹਾਜ਼ਰ ਸਨ। ਗੁਰਮੀਤ ਸਿੰਘ ਮੁਲਤਾਨੀ ਨੇ ਦੱਸਿਆ ਕਿ 15 ਅਗਸਤ ਦਾ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਪੂਰੀ ਸ਼ਰਧਾ, ਅਦਬ, ਸ਼ਾਨ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿੱਚ ਦੇਸ਼ ਭਗਤੀ ਨੂੰ ਦਰਸਾਉਂਦੀਆਂ ਕੋਰੀਓਗ੍ਰਾਫੀ, ਪੀ.ਟੀ. ਸ਼ੋਅ, ਪੁਲਿਸ, ਪੰਜਾਬ ਹੋਮ ਗਾਰਡ ਅਤੇ ਐਨ.ਸੀ.ਸੀ. ਦੀ ਪਰੇਡ ਤੋਂ ਇਲਾਵਾ ਫ਼ੌਜ ਅਤੇ ਪੰਜਾਬ ਪੁਲਿਸ ਦੇ ਨਾਲ-ਨਾਲ ਵੱਖ-ਵੱਖ ਸਕੂਲਾਂ ਦੇ ਬੈਂਡ ਦਰਸ਼ਕਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ।

ਇਸ ਤੋਂ ਇਲਾਵਾ ਪੰਜਾਬ ਦੇ ਲੋਕ ਨਾਚ ਗਿੱਧਾ ਤੇ ਭੰਗੜਾ ਵੀ ਦਰਸ਼ਕਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ। ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 15 ਅਗਸਤ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਵੱਧ ਚੜ੍ਹ ਕੇ ਭਾਗ ਲੈਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਸਬੰਧੀ ਫਾਈਨਲ ਰਿਹਰਸਲ 13 ਅਗਸਤ 2018 ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਹੋਵੇਗੀ। ਇਸ ਮੌਕੇ ਐਸ.ਡੀ.ਐਮ ਨਰਿੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਸਿੱਖਿਆ ਅਫ਼ਸਰ ਨੇਕ ਸਿੰਘ, ਅਸ਼ੋਕ ਬਹਿਲ ਸਕੱਤਰ ਰੈੱਡ ਕਰਾਸ, ਜ਼ਿਲ੍ਹਾ ਖੇਡ ਅਫ਼ਸਰ ਸੁਨੀਲ ਸ਼ਰਮਾ, ਮੈਡਮ ਮੀਨਾ ਕੁਮਾਰੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਸਕੂਲੀ ਬੱਚੇ ਹਾਜ਼ਰ ਸਨ।