ਕੈਬਿਨਟ ਮੰਤਰੀ ਵਿਜੈ ਇੰਦਰ ਸਿੰਗਲਾ ਲਹਿਰਾਉਣਗੇ ਫਿਰੋਜ਼ਪੁਰ ਵਿਖੇ ਅਜ਼ਾਦੀ ਦਾ ਝੰਡਾ..!!

Gurpreet Singh Josan
Last Updated: Aug 10 2018 17:57

ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਹਰ ਸਾਲ ਦੀ ਤਰ੍ਹਾਂ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੇ ਸਬੰਧ ਵਿੱਚ ਅੱਜ ਰਿਹਰਸਲ ਹੋਈ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਵਧੀਕ ਡਿਪਟੀ ਕਮਿਸ਼ਨਰ ਗੁਰਮੀਤ ਸਿੰਘ ਮੁਲਤਾਨੀ ਨੇ ਅਜ਼ਾਦੀ ਦਿਵਸ ਦੇ ਸਬੰਧ ਵਿੱਚ ਨਿਰੀਖਣ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਗੁਰਮੀਤ ਸਿੰਘ ਮੁਲਤਾਨੀ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਦੇ ਤੌਰ 'ਤੇ ਕੈਬਿਨਟ ਮੰਤਰੀ (ਲੋਕ ਨਿਰਮਾਣ ਅਤੇ ਆਈ.ਟੀ) ਵਿਜੈ ਇੰਦਰ ਸਿੰਗਲਾ ਹੋਣਗੇ। ਉਨ੍ਹਾਂ ਦੱਸਿਆ ਕਿ ਅਜ਼ਾਦੀ ਦਿਵਸ ਦੇ ਸਬੰਧ ਵਿੱਚ ਪ੍ਰਸ਼ਾਸਨ ਵੱਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ 'ਤੇ ਕੀਤੀਆਂ ਜਾ ਰਹੀਆਂ ਹਨ। ਵਧੀਕ ਡਿਪਟੀ ਕਮਿਸ਼ਨਰ ਗੁਰਮੀਤ ਸਿੰਘ ਮੁਲਤਾਨੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 15 ਅਗਸਤ 2018 ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਵਿੱਚ ਵੱਧ ਚੜ੍ਹ ਕੇ ਭਾਗ ਲੈਣ।