ਮਾਨਸਿਕ ਪਰੇਸ਼ਾਨੀ ਕਾਰਨ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖ਼ੁਦਕੁਸ਼ੀ

Last Updated: Aug 11 2018 12:27

ਮਾਨਸਿਕ ਤੌਰ ਤੇ ਪਰੇਸ਼ਾਨ ਇੱਕ ਨੌਜਵਾਨ ਨੇ ਨਜ਼ਦੀਕੀ ਪਿੰਡ ਦੀਵਾਲਾ ਸਥਿਤ ਆਪਣੇ ਘਰ ਅੰਦਰ ਕੋਈ ਜ਼ਹਿਰੀਲੀ ਵਸਤੂ ਦਾ ਸੇਵਨ ਕਰਕੇ ਖ਼ੁਦਕੁਸ਼ੀ ਕਰ ਲਈ। ਆਤਮਹੱਤਿਆ ਕਰਨ ਵਾਲੇ ਮ੍ਰਿਤਕ ਦੀ ਪਹਿਚਾਣ ਸੁਖਪ੍ਰੀਤ ਸਿੰਘ (23) ਵਾਸੀ ਪਿੰਡ ਦੀਵਾਲਾ (ਥਾਣਾ ਸਮਰਾਲਾ) ਦੇ ਤੌਰ ਤੇ ਹੋਈ ਹੈ। ਘਟਨਾ ਸਬੰਧੀ ਸੂਚਨਾ ਮਿਲਣ ਦੇ ਬਾਅਦ ਮੌਕੇ ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਕਰਵਾਉਣ ਦੇ ਲਈ ਸਿਵਲ ਹਸਪਤਾਲ ਪਹੁੰਚਾਇਆ।

ਮਿਲੀ ਜਾਣਕਾਰੀ ਦੇ ਮੁਤਾਬਿਕ ਮ੍ਰਿਤਕ ਸੁਖਪ੍ਰੀਤ ਸਿੰਘ ਸ਼ੁੱਕਰਵਾਰ ਦੁਪਹਿਰ ਆਪਣੇ ਘਰ ਆਇਆ ਅਤੇ ਖਾਣਾ ਖਾਣ ਦੇ ਬਾਅਦ ਆਪਣੇ ਕਮਰੇ ਅੰਦਰ ਚਲਾ ਗਿਆ। ਜਿਸਦੇ ਬਾਅਦ ਉਸਨੇ ਮਾਨਸਿਕ ਪਰੇਸ਼ਾਨੀ ਦੇ ਚੱਲਦੇ ਆਪਣੇ ਘਰ ਵਿੱਚ ਕੋਈ ਜ਼ਹਿਰੀਲੀ ਦਵਾਈ ਪੀ ਲਈ। ਬਾਅਦ 'ਚ ਉਸਦੀ ਹਾਲਤ ਵਿਗੜਦੀ ਦੇਖਕੇ ਉਸਦੇ ਪਰਿਵਾਰਕ ਮੈਂਬਰਾਂ ਨੇ ਸੁਖਪ੍ਰੀਤ ਨੂੰ ਇਲਾਜ ਦੇ ਲਈ ਸਿਵਲ ਹਸਪਤਾਲ ਖੰਨਾ 'ਚ ਦਾਖਲ ਕਰਵਾਇਆ, ਜਿੱਥੋਂ ਡਾਕਟਰਾਂ ਵੱਲੋਂ ਉਸਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਰੈਫ਼ਰ ਕਰ ਦਿੱਤਾ ਗਿਆ।

ਬਾਅਦ 'ਚ ਉਸਦੇ ਪਰਿਵਾਰ ਵਾਲਿਆਂ ਨੇ ਨੌਜਵਾਨ ਨੂੰ ਇਲਾਜ ਲਈ ਦੋਰਾਹਾ ਸ਼ਹਿਰ ਸਥਿਤ ਸਿੱਧੂ ਹਸਪਤਾਲ 'ਚ ਦਾਖਲ ਕਰਵਾਇਆ, ਜਿੱਥੇ ਬੀਤੀ ਸ਼ਾਮ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਇਸਦੇ ਉਪਰੰਤ ਸੂਚਨਾ ਮਿਲਣ ਤੇ ਪੁਲਿਸ ਮੁਲਾਜ਼ਮਾਂ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਦੀ ਮੌਰਚਰੀ 'ਚ ਪਹੁੰਚਾਇਆ।

ਇਸ ਮਾਮਲੇ ਦੀ ਤਫ਼ਤੀਸ਼ ਕਰ ਰਹੇ ਜਾਂਚ ਅਧਿਕਾਰੀ ਏਐਸਆਈ ਤਰਵਿੰਦਰ ਕੁਮਾਰ ਬੇਦੀ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਬਿਆਨ ਦਰਜ ਕਰਵਾਇਆ ਹੈ ਕਿ ਸੁਖਪ੍ਰੀਤ ਸਿੰਘ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ ਤੇ ਪਰੇਸ਼ਾਨ ਚੱਲ ਰਿਹਾ ਸੀ। ਇਸੇ ਪਰੇਸ਼ਾਨੀ ਦੇ ਕਾਰਨ ਉਸਨੇ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ ਹੈ। ਸ਼ਨੀਵਾਰ ਸਵੇਰੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਬਾਅਦ ਧਾਰਾ 174 ਅਧੀਨ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਕਰਵਾਉਣ ਦੇ ਬਾਅਦ ਲਾਸ਼ ਨੂੰ ਉਸਦੇ ਵਾਰਸਾਂ ਹਵਾਲੇ ਕਰ ਦਿੱਤਾ ਗਿਆ ਹੈ। ਘਟਨਾ ਸਬੰਧੀ ਅਗਲੀ ਜਾਂਚ ਕੀਤੀ ਜਾ ਰਹੀ ਹੈ।