ਸਿੱਖੀ ਨੂੰ ਪ੍ਰਫੁੱਲਤ ਕਰਨ ਲਈ ਸ਼੍ਰੋਮਣੀ ਕਮੇਟੀ ਚਲਾ ਰਹੀ ਹੈ ਵਿਸ਼ੇਸ਼ ਮੁਹਿੰਮ - ਬੱਜੂਮਾਨ

Last Updated: Aug 11 2018 12:46

ਸਿੱਖ ਧਰਮ ਦੀ ਸਿਰਮੌਰ ਧਾਰਮਿਕ ਸੰਸਥਾ "ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ" ਵੱਲੋਂ ਸਿੱਖੀ ਨੂੰ ਪ੍ਰਫੁੱਲਤ ਕਰਨ ਲਈ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਜੀ ਦੀ ਸਰਪ੍ਰਸਤੀ ਵਿੱਚ ਇੱਕ ਵਿਸ਼ੇਸ਼ ਧਰਮ ਪ੍ਰਚਾਰ ਲਹਿਰ ਚਲਾਈ ਜਾ ਰਹੀ ਹੈ, ਤਾਂ ਜੋ ਅਜੋਕੀ ਨੌਜਵਾਨ ਪੀੜ੍ਹੀ ਨੂੰ ਧਰਮ ਅਤੇ ਸਿੱਖ ਇਤਿਹਾਸ ਨਾਲ ਜੋੜ ਕੇ ਸਮਾਜ ਵਿੱਚ ਫੈਲੀਆਂ ਕੁਰੀਤੀਆਂ ਅਤੇ ਪਤਿਤਪੁਣੇ ਤੋਂ ਬਚਾਇਆ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਇਲਾਕੇ ਦੇ ਸੀਨੀਅਰ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੱਜਣ ਸਿੰਘ ਬੱਜੂਮਾਨ ਨੇ ਕੀਤਾ। ਜਥੇਦਾਰ ਸੱਜਣ ਸਿੰਘ ਬੱਜੂਮਾਨ ਨੇ ਦੱਸਿਆ ਕਿ ਮੌਜੂਦਾ ਸਮੇਂ ਸਮਾਜ ਵਿੱਚ ਫੈਲੀਆਂ ਕਈ ਤਰ੍ਹਾਂ ਦੀਆਂ ਕੁਰੀਤੀਆਂ ਅਤੇ ਫ਼ਿਲਮੀ ਦੁਨੀਆ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਸਿੱਖਾਂ ਦੇ ਬੱਚੇ ਧਰਮ ਨਾਲੋਂ ਟੁੱਟ ਕੇ ਰੋਮਾਂ ਦੀ ਬੇਅਦਬੀ ਕਰਕੇ ਪਤਿਤ ਹੋ ਰਹੇ ਹਨ। 

ਉਨ੍ਹਾਂ ਕਿਹਾ ਕਿ ਇਸ ਧਰਮ ਪ੍ਰਚਾਰ ਲਹਿਰ ਦਾ ਮੁੱਖ ਮੰਤਵ ਛੋਟੇ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜ ਕੇ ਧਰਮ ਨੂੰ ਪ੍ਰਫੁੱਲਤ ਕਰਨਾ ਹੈ, ਤਾਂ ਜੋ ਇਹ ਬੱਚੇ ਸਿੱਖ ਇਤਿਹਾਸ ਤੋਂ ਸੇਧ ਲੈ ਕੇ ਛੋਟੀ ਉਮਰ ਵਿੱਚ ਹੀ ਸਿੱਖੀ ਵਿੱਚ ਪ੍ਰਪੱਕ ਹੋ ਜਾਣ ਅਤੇ ਵੱਡੇ ਹੋ ਕੇ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਵੀ ਬਚੇ ਰਹਿਣ। ਉਨ੍ਹਾਂ ਅੱਗੇ ਦੱਸਿਆ ਕਿ ਸਿੱਖ ਧਰਮ ਦਾ ਪ੍ਰਚਾਰ ਅਤੇ ਪ੍ਰਸਾਰ ਕਰਨ ਲਈ ਇਲਾਕੇ ਦੇ ਸਾਰੇ ਪਿੰਡਾਂ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ ਕਰਵਾਏ ਜਾ ਰਹੇ ਹਨ। ਕਮੇਟੀ ਦੇ ਪ੍ਰਚਾਰਕਾਂ ਵੱਲੋਂ ਹਰੇਕ ਪਿੰਡ ਵਿੱਚ ਜਾ ਕੇ ਕੀਰਤਨ, ਕਥਾ ਵਿਚਾਰਾਂ ਅਤੇ ਕਵੀਸ਼ਰੀ ਰਾਹੀਂ ਸੰਗਤਾਂ ਨੂੰ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਮਿਤੀ 13 ਅਗਸਤ ਨੂੰ ਪਿੰਡ ਦਿਆਲਗੜ੍ਹ ਵਿਖੇ ਇੱਕ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਉਨ੍ਹਾਂ  ਸਿੱਖ ਬੀਬੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ, ਜਿਨ੍ਹਾਂ ਦੇ (1ਤੋਂ20 ਸਾਲ) ਤੱਕ ਦੇ ਬੱਚਿਆਂ ਨੇ ਰੋਮਾਂ ਦੀ ਬੇਅਦਬੀ ਨਾ ਕਰਕੇ ਸਿੱਖੀ ਸੰਭਾਲ ਕੇ ਰੱਖੀ ਹੋਈ ਹੈ। ਉਨ੍ਹਾਂ ਦੱਸਿਆ ਕਿ ਅਜਿਹਾ ਅਗਲਾ ਸਮਾਗਮ ਗੁਰੂਦਵਾਰਾ ਸ਼੍ਰੀ ਹੋਠੀਆਂ ਸਾਹਿਬ ਵਿਖੇ ਕਰਵਾਇਆ ਜਾਵੇਗਾ।