ਆਦਰਸ਼ ਚੋਣ ਜ਼ਾਬਤੇ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਲਈ ਰਿਟਰਨਿੰਗ ਅਧਿਕਾਰੀ ਨੇ ਉਮੀਦਵਾਰਾਂ ਨਾਲ ਕੀਤੀ ਬੈਠਕ

Last Updated: Sep 14 2018 18:28
Reading time: 1 min, 39 secs

ਬਲਾਕ ਨਰੋਟ ਜੈਮਲ ਸਿੰਘ ਪੰਚਾਇਤ ਸੰਮਤੀ ਚੋਣਾਂ ਲਈ ਰਿਟਰਨਿੰਗ ਅਫ਼ਸਰ-ਕਮ-ਸਹਾਇਕ ਕਮਿਸ਼ਨਰ ਜਨਰਲ ਪਿਰਥੀ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਆਪਣੇ ਦਫ਼ਤਰ ਵਿਖੇ ਨਰੋਟ ਜੈਮਲ ਸਿੰਘ ਵਿਖੇ ਚੋਣਾਂ ਲੜ ਰਹੇ ਉਮੀਦਵਾਰਾਂ ਨਾਲ ਬੈਠਕ ਕਰਕੇ ਆਦਰਸ਼ ਚੋਣ ਜ਼ਾਬਤੇ ਨੂੰ ਇੰਨ ਬਿੰਨ ਲਾਗੂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਚੋਣਾਂ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਕਾਨੂੰਨ ਅਨੁਸਾਰ ਹੀ ਕਰਵਾਈਆਂ ਜਾਣਗੀਆਂ ਅਤੇ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਕੋਈ ਵਧੀਕੀ ਨਹੀਂ ਹੋਵੇਗੀ ਅਤੇ ਕਿਸੇ ਨੂੰ ਮਹੌਲ ਖ਼ਰਾਬ ਕਰਨ ਦੀ ਇਜਾਜ਼ਤ ਵੀ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਤੋਂ ਚੋਣਾ ਦੌਰਾਨ ਸਹਿਯੋਗ ਦੀ ਮੰਗ ਵੀ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾ ਦੌਰਾਨ ਚੋਣ ਕਮਿਸ਼ਨ ਵੱਲੋਂ ਉਮੀਦਵਾਰ ਵੱਲੋਂ ਕੀਤੇ ਜਾਣ ਵਾਲੇ ਖ਼ਰਚ ਦੀ ਮਿੱਥੀ ਗਈ ਹੱਦ ਅੰਦਰ ਹੀ ਖਰਚਾ ਕੀਤਾ ਜਾਵੇ ਅਤੇ ਖ਼ਰਚੇ ਦਾ ਲਿਖਿਤ ਰਿਕਾਰਡ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਖ਼ਰਚੇ ਸਬੰਧੀ ਪ੍ਰੋਫਾਰਮਾ ਪਹਿਲਾਂ ਹੀ ਉਮੀਦਵਾਰਾਂ ਨੂੰ ਦੇ ਦਿੱਤਾ ਗਿਆ ਹੈ ਅਤੇ ਉਮੀਦਵਾਰ ਖਰਚਾ ਰਜਿਸਟਰ ਵਿੱਚ ਆਪਣੇ ਚੋਣ ਖ਼ਰਚੇ ਦਾ ਹਿਸਾਬ ਰੱਖਣ। 

ਬੈਠਕ ਦੌਰਾਨ ਉਨ੍ਹਾਂ ਉਮੀਦਵਾਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਿਸੇ ਵੀ ਜਾਤ, ਭਾਈਚਾਰੇ, ਧਰਮ ਜਾਂ ਭਾਸ਼ਾ ਦੇ ਆਧਾਰ ਤੇ ਕਿਸੇ ਵਿਰੁੱਧ ਨਫ਼ਰਤ ਭਰੇ ਜਾਂ ਝਗੜਾ ਕਰਵਾਉਣ ਵਾਲੀ ਕਾਰਵਾਈ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਿਸ ਵੀ ਉਮੀਦਵਾਰ ਦਾ ਕੋਈ ਪੋਸਟਰ, ਇਸ਼ਤਿਹਾਰ, ਚਿੱਠੀ ਜਾਂ ਪੈਂਫ਼ਲਿਟ ਛਪਾਉਣਾ ਹੈ ਉਸ ਤੇ ਪ੍ਰਿੰਟ ਅਤੇ ਪਬਲਿਸ਼ਰ ਦਾ ਨਾਮ ਅਤੇ ਪਤਾ ਜ਼ਰੂਰ ਲਿਖਿਆ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਉਮੀਦਵਾਰ ਵੋਟ ਪਾਉਣ ਦੀ ਕਾਰਵਾਈ ਸ਼ੁਰੂ ਹੋਣ ਤੋਂ ਕਰੀਬ 40 ਘੰਟੇ ਪਹਿਲਾਂ ਚੋਣ ਪ੍ਰਚਾਰ ਅਤੇ ਮੀਟਿੰਗਾਂ ਬੰਦ ਕਰ ਦੇਣਗੇ। ਉਨ੍ਹਾਂ ਦੱਸਿਆ ਕਿ ਚੋਣਾਂ ਦੇ ਸਬੰਧ ਵਿੱਚ ਲਾਗੂ ਚੋਣ ਜ਼ਾਬਤਾ ਦੇ ਵਿਚਾਰਨ ਯੋਗ ਨੁਕਤਿਆਂ ਦੇ ਪੰਜਾਬੀ ਭਾਸ਼ਾ ਵਿੱਚ ਸੈਟ ਤਿਆਰ ਕਰਕੇ ਹਰੇਕ ਉਮੀਦਵਾਰ ਨੂੰ ਦੇ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸੁਪਰਵਾਈਜ਼ਰਾਂ ਨੂੰ ਹਦਾਇਤਾਂ ਜਾਰੀ ਕਰਕੇ ਬਲਾਕ ਦੇ ਹਰੇਕ ਪੋਲਿੰਗ ਸਟੇਸ਼ਨ ਦੀ ਚੈਕਿੰਗ ਕਰਵਾਈ ਗਈ ਹੈ ਅਤੇ ਹਦਾਇਤ ਕੀਤੀ ਗਈ ਹੈ ਕਿ ਚੋਣ ਜ਼ਾਬਤੇ ਦੀ ਕਿਸੇ ਵੀ ਤਰ੍ਹਾਂ ਨਾਲ ਉਲੰਘਣਾ ਨਹੀਂ ਹੋਣੀ ਚਾਹੀਦੀ। ਉਨ੍ਹਾਂ ਦੱਸਿਆ ਕਿ ਦਰਿਆ ਤੋਂ ਪਾਰ ਦੋ ਪੋਲਿੰਗ ਸਟੇਸ਼ਨਾਂ ਦੇ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਚੋਣ ਅਧਿਕਾਰੀਆਂ ਨੂੰ ਆਉਣ ਜਾਣ ਦੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।