ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਐੱਸ.ਐੱਸ.ਪੀ. ਬਟਾਲਾ ਵੱਲੋਂ ਪੁਲਿਸ ਅਧਿਕਾਰੀ ਨਾਲ ਅਹਿਮ ਮੀਟਿੰਗ

Last Updated: Sep 14 2018 17:56
Reading time: 1 min, 58 secs

ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਬਟਾਲਾ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਐਸ.ਐਸ.ਪੀ. ਬਟਾਲਾ ਸ. ਉਪਿੰਦਰਜੀਤ ਸਿੰਘ ਘੁੰਮਣ ਨੇ ਅੱਜ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਿਸ ਦੇ ਆਲਾ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਮੀਟਿੰਗ ਵਿੱਚ ਐੱਸ.ਪੀ. ਵਿਪਨ ਚੌਧਰੀ, ਐੱਸ.ਪੀ. ਬਲਜੀਤ ਸਿੰਘ ਢਿੱਲੋਂ, ਐੱਸ.ਪੀ. ਸੂਬਾ ਸਿੰਘ, ਡੀ.ਐੱਸ.ਪੀ. ਹਰੀਸ਼ਰਨ ਸ਼ਰਮਾ, ਡੀ.ਐੱਸ.ਪੀ. ਪ੍ਰਲਾਦ ਸਿੰਘ ਤੋਂ ਇਲਾਵਾ ਹੋਰ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਵੀ ਮੌਜੂਦ ਸਨ।

ਮੀਟਿੰਗ ਦੌਰਾਨ ਐੱਸ.ਐੱਸ.ਪੀ. ਬਟਾਲਾ ਸ. ਉਪਿੰਦਰਜੀਤ ਸਿੰਘ ਘੁੰਮਣ ਨੇ ਪੁਲਿਸ ਅਧਿਕਾਰੀਆਂ ਨੂੰ ਸਪਸ਼ਟ ਹਦਾਇਤਾਂ ਦਿੱਤੀਆਂ ਕਿ ਇਸ ਪਾਵਨ ਦਿਹਾੜੇ ਨੂੰ ਸ਼ਰਧਾ ਭਾਵਨਾ ਨਾਲ ਮਨਾਉਣ ਲਈ ਸੰਗਤਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ ਅਤੇ ਜੋ ਕੋਈ ਸ਼ਰਾਰਤੀ ਅਨਸਰ ਇਸ ਮੌਕੇ ਖੱਲੜ ਪਾਉਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਵਿੱਚ ਤੀਹਰੀ ਸਵਾਰੀ ਵਾਲੇ ਮੋਟਰਸਾਈਕਲ ਚਾਲਕਾਂ, ਬੁਲਟ ਮੋਟਰਸਾਈਕਲ ਰਾਹੀਂ ਪਟਾਕੇ ਮਾਰਨ ਵਾਲਿਆਂ ਅਤੇ ਟਰੈਕਟਰਾਂ 'ਤੇ ਉੱਚੀ ਅਵਾਜ਼ ਵਿੱਚ ਸਪੀਕਰ ਲਗਾ ਕਾ ਸੰਗਤਾਂ ਨੂੰ ਪਰੇਸ਼ਾਨ ਕਰਨ ਵਾਲੇ ਸ਼ਰਾਰਤੀਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵਿਆਹ ਪੁਰਬ ਦੌਰਾਨ ਕਿਸੇ ਨੂੰ ਵੀ ਗੜਬੜ ਕਰਨ ਦਾ ਕੋਈ ਮੌਕਾ ਨਹੀਂ ਦਿੱਤਾ ਜਾਵੇਗਾ। 

ਪੱਤਰਕਾਰਾਂ ਨੂੰ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ. ਉਪਿੰਦਰਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਬਟਾਲਾ ਪੁਲਿਸ ਨੇ ਸੁਰੱਖਿਆ ਦਾ ਸਾਰਾ ਖ਼ਾਕਾ ਤਿਆਰ ਕਰ ਲਿਆ ਗਿਆ ਹੈ ਅਤੇ ਪੂਰੇ ਬਟਾਲਾ ਸ਼ਹਿਰ ਨੂੰ ਸੁਰੱਖਿਆ ਛਤਰੀ ਨਾਲ ਢੱਕ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਬਟਾਲਾ ਪੁਲੀਸ ਸਮੇਤ 4 ਹੋਰ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਅਤੇ ਅੰਮ੍ਰਿਤਸਰ ਦੀ ਪੁਲੀਸ ਬਟਾਲਾ ਸ਼ਹਿਰ ਦੀ ਸੁਰੱਖਿਆ ਦਾ ਜ਼ਿੰਮਾ ਸੰਭਾਲ ਰਹੀ ਹੈ। ਸਾਰੇ ਸੁਰੱਖਿਆ ਪ੍ਰਬੰਧਾਂ ਦੀ ਕਮਾਂਡ ਉਹ ਖ਼ੁਦ ਕਰਨਗੇ ਅਤੇ ਉਨ੍ਹਾਂ ਦੇ ਨਾਲ 4 ਐਸਪੀ, 12 ਡੀਐਸਪੀ ਅਤੇ 27 ਇੰਸਪੈਕਟਰ ਪੱਧਰ ਦੇ ਅਧਿਕਾਰੀ ਤਾਇਨਾਤ ਰਹਿਣਗੇ। ਐਸਐਸਪੀ ਬਟਾਲਾ ਉਪਿੰਦਰਜੀਤ ਸਿੰਘ ਨੇ ਦੱਸਿਆ ਕਿ ਪੂਰੇ ਬਟਾਲਾ ਸ਼ਹਿਰ ਨੂੰ 7 ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਸੰਗਤਾਂ ਦੀ ਸੁਰੱਖਿਆ ਲਈ ਬਟਾਲਾ ਵਿੱਚ 1700 ਤੋਂ ਵੱਧ ਪੁਲੀਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਜਾਵੇਗਾ। 

ਐੱਸ.ਐੱਸ.ਪੀ. ਬਟਾਲਾ ਨੇ ਅੱਗੇ ਦੱਸਿਆ ਕਿ 15 ਅਤੇ 16 ਸਤੰਬਰ ਨੂੰ ਨਗਰ ਕੀਰਤਨ ਦੌਰਾਨ ਪਾਲਕੀ ਸਾਹਿਬ ਨਾਲ 2 ਐਸਪੀ ਅਤੇ 2 ਡੀਐਸਪੀ ਤਾਇਨਾਤ ਰਹਿਣਗੇ। ਇਸ ਤੋਂ ਇਲਾਵਾ ਸ਼ਹਿਰ ਵਿੱਚ 9 ਪੁਲੀਸ ਹੈਲਪ ਸੈਂਟਰ ਬਣਾਏ ਗਏ ਹਨ ਤਾਂ ਕਿ ਮੇਲੇ ਵਿੱਚ ਪਹੁੰਚੀ ਸੰਗਤ ਨੂੰ ਜੇਕਰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਆਵੇ ਤਾਂ ਉਹ ਤੁਰੰਤ ਪੁਲੀਸ ਨਾਲ ਸੰਪਰਕ ਕਰ ਸਕੇ। ਉਨ੍ਹਾਂ ਦੱਸਿਆ ਇਨ੍ਹਾਂ ਸਹਾਇਤਾ ਕੇਂਦਰਾਂ ਵਿੱਚ ਮੈਡੀਕਲ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਐੱਸ.ਐੱਸ.ਪੀ. ਬਟਾਲਾ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਹ ਪਵਿੱਤਰ ਪੁਰਬ ਨੂੰ ਪੂਰੀ ਸ਼ਰਧਾ ਭਾਵਨਾ ਨਾਲ ਮਨਾਉਂਦਿਆਂ ਪੁਲਿਸ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰਨ।