ਜੇਕਰ ਨਸ਼ਾ ਵੇਚਣ ਵਾਲੇ ਦਾ ਪਤਾ ਲੱਗਦਾ ਹੈ ਤਾਂ ਖੜਕਾਓ "181 ਅਤੇ 112" ਫ਼ੋਨ ਨੰਬਰ.!!!

Last Updated: Sep 14 2018 18:56
Reading time: 2 mins, 6 secs

ਡਰੱਗ ਅਬਿਊਜ਼ ਨੂੰ ਕੰਟਰੋਲ ਕਰਨ ਅਤੇ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਨਸ਼ਾ ਮੁਕਤ ਕਰਨ ਲਈ ਵੱਖ-ਵੱਖ ਵਿਭਾਗਾਂ ਵੱਲੋਂ ਪਾਏ ਯੋਗਦਾਨ ਬਾਰੇ ਅੱਜ ਸਰਕਟ ਹਾਊਸ ਫ਼ਿਰੋਜ਼ਪੁਰ ਵਿਖੇ ਬਸੰਤ ਗਰਗ ਵਿਸ਼ੇਸ਼ ਸਕੱਤਰ ਮਾਲ ਅਤੇ ਮਨੀਸ਼ ਚਾਵਲਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ, ਐੱਸ.ਐੱਸ.ਪੀ. ਪ੍ਰੀਤਮ ਸਿੰਘ ਵੀ ਹਾਜ਼ਰ ਸਨ। ਬਸੰਤ ਗਰਗ ਅਤੇ ਮਨੀਸ਼ ਚਾਵਲਾ ਵੱਲੋਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਡਰੱਗ ਅਬਿਊਜ਼ ਪ੍ਰੀਵੈਸ਼ਨਲ ਅਫ਼ਸਰ ਪ੍ਰੋਗਰਾਮ (ਡੈਪੋ) ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ। ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹੇ ਦੇ ਹਰੇਕ ਪਿੰਡ, ਸ਼ਹਿਰ, ਵਾਰਡ, ਮੁਹੱਲਿਆਂ ਆਦਿ ਵਿੱਚ ਲੋਕਾਂ ਨੂੰ ਨਸ਼ੇ ਨਾ ਕਰਨ ਅਤੇ ਜੋ ਲੋਕ ਨਸ਼ਿਆਂ ਦੇ ਦਲਦਲ ਵਿੱਚ ਫਸੇ ਹੋਏ ਹਨ, ਉਨ੍ਹਾਂ ਨੂੰ ਨਰੋਈ ਜ਼ਿੰਦਗੀ ਜਿਊਣ ਸਬੰਧੀ ਜਾਗਰੂਕ ਕਰਨ। 

ਉਨ੍ਹਾਂ ਕਿਹਾ ਕਿ ਸਬੰਧਿਤ ਅਧਿਕਾਰੀ ਇਸ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਮੂਹ ਪਿੰਡਾਂ ਅਤੇ ਵਾਰਡਾਂ ਦੀ ਪਹਿਚਾਣ ਕੀਤੀ ਗਈ ਹੈ ਕਿ ਕਿੰਨੇ ਵਿਅਕਤੀ ਉੱਥੇ ਡਰੱਗਜ਼ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਸਬ ਡਵੀਜ਼ਨ ਪੱਧਰ ਤੇ ਪਿੰਡਾਂ ਵਿੱਚ ਨਿਗਰਾਨ ਕਮੇਟੀਆਂ ਗਠਿਤ ਹੋ ਚੁੱਕੀਆਂ ਹਨ ਜੋ ਕਿ ਹਰੇਕ ਪਿੰਡ ਵਿੱਚ ਜਾ ਕੇ ਨਸ਼ੇ ਤੋਂ ਪ੍ਰਭਾਵਿਤ ਵਿਅਕਤੀਆਂ ਦੀ ਪਹਿਚਾਣ ਕਰ ਰਹੀਆਂ ਹਨ ਅਤੇ ਜੋ ਨਸ਼ੇ ਤੋਂ ਪ੍ਰਭਾਵਿਤ ਵਿਅਕਤੀ ਸਾਹਮਣੇ ਆਉਂਦੇ ਹਨ ਉਨ੍ਹਾਂ ਨੂੰ ਓਟਸ ਅਤੇ ਡੀ. ਐਡੀਕਸ਼ਨ ਸੈਂਟਰਾਂ ਰਾਹੀਂ ਨਸ਼ਾ ਛੁਡਾਉਣ ਲਈ ਦਵਾਈ ਦਿੱਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕੁੱਲ 7 ਓਟਸ  ਅਤੇ 3 ਡੀ. ਐਡੀਕਸ਼ਨ ਸੈਂਟਰ ਹਨ। ਉਨ੍ਹਾਂ ਕਿਹਾ ਕਿ ਓਟਸ ਰਾਹੀਂ ਅਗਸਤ ਮਹੀਨੇ ਵਿੱਚ 1341 ਨਸ਼ਾ ਪ੍ਰਭਾਵਿਤ ਵਿਅਕਤੀਆਂ ਦੀ ਯੂਨੀਕ ਆਈ.ਡੀ. ਬਣਾ ਲਈ ਗਈ ਹੈ ਅਤੇ ਉਨ੍ਹਾਂ ਨੂੰ ਲੋੜ ਅਨੁਸਾਰ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹੇ ਵਿੱਚ ਬੱਡੀਜ਼ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਸਮੂਹ ਜ਼ਿਲ੍ਹੇ ਦੇ ਸਕੂਲਾਂ ਵਿੱਚ 6ਵੀਂ ਤੋਂ 12ਵੀਂ ਤੱਕ ਦੇ ਬੱਚਿਆਂ ਦੇ 20278 ਬੱਡੀਜ਼ ਗਰੁੱਪ ਤਿਆਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹਰੇਕ ਸਕੂਲ ਦੇ ਪ੍ਰਿੰਸੀਪਲ ਨੂੰ ਨੋਡਲ ਅਫ਼ਸਰ ਵਜੋਂ ਨਿਯੁਕਤ ਕੀਤਾ ਗਿਆ ਹੈ ਜੋ ਕਿ ਬੱਚਿਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕਰ ਰਹੇ ਹਨ। 

ਐੱਸ.ਐੱਸ.ਪੀ. ਪ੍ਰੀਤਮ ਸਿੰਘ ਨੇ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਬਾਰੇ ਸੂਚਨਾ ਦੇਣ ਲਈ ਪੁਲਿਸ ਵਿਭਾਗ ਵੱਲੋਂ ਹੈਲਪ ਲਾਈਨ ਨੰਬਰ 181 ਅਤੇ 112 ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਨੂੰ ਇਨਾਮ ਦਿੱਤਾ ਜਾਵੇਗਾ ਅਤੇ ਉਸ ਦਾ ਨਾਮ ਵੀ ਗੁਪਤ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਐੱਸ.ਡੀ.ਐੱਮ. ਵੱਲੋਂ ਬਣੇ ਕਲੱਸਟਰ ਕੋਆਰਡੀਨੇਟਰ ਨਾਲ ਮਿਲ ਕੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋਂ ਬਚਾਉਣ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਐੱਸ.ਡੀ.ਐੱਮ. ਫ਼ਿਰੋਜ਼ਪੁਰ ਅਮਿਤ ਗੁਪਤਾ, ਐੱਸ.ਡੀ.ਐੱਮ. ਜ਼ੀਰਾ ਨਰਿੰਦਰ ਸਿੰਘ, ਐੱਸ.ਡੀ.ਐੱਮ. ਗੁਰੂਹਰਸਹਾਏ ਕੁਲਦੀਪ ਬਾਵਾ, ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ, ਐੱਸ.ਪੀ. ਬਲਜੀਤ ਸਿੱਧੂ ਆਦਿ ਹਾਜ਼ਰ ਸਨ।