ਵੋਟਾਂ ਦੀ ਸੁਧਾਈ ਲਈ 15 ਅਤੇ 16 ਸਤੰਬਰ ਨੂੰ ਬੀ.ਐਲ.ਓਜ਼ ਵੱਲੋਂ ਕੀਤੀ ਜਾਵੇਗੀ ਪੜਤਾਲ

Last Updated: Sep 14 2018 19:11

ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2019 ਦੇ ਅਧਾਰ ਤੇ ਇਸ ਜ਼ਿਲ੍ਹੇ ਵਿਚਲੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਚਲਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਰਾਮਵੀਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਪਠਾਨਕੋਟ ਨੇ ਕੀਤਾ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਪਾਸੋਂ ਪ੍ਰਾਪਤ ਹੋਏ ਸ਼ਡਿਊਲ ਅਨੁਸਾਰ ਮਿਤੀ 01 ਸਤੰਬਰ, 2018 ਤੋਂ 31 ਅਕਤੂਬਰ, 2018 ਤੱਕ ਨਵੀਆਂ ਵੋਟਾਂ ਬਣਾਉਣ/ਕਟਵਾਉਣ/ਸੋਧ ਕਰਵਾਉਣ ਸਬੰਧੀ ਦਾਅਵੇ/ਇਤਰਾਜ਼ ਬੀ.ਐਲ.ਓਜ./ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਪ੍ਰਾਪਤ ਕੀਤੇ ਜਾ ਰਹੇ ਅਤੇ ਮਿਤੀ 04 ਜਨਵਰੀ, 2019 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਕੀਤੀ ਜਾਵੇਗੀ। 

ਡਿਪਟੀ ਕਮਿਸ਼ਨਰ ਵੱਲੋਂ ਇਹ ਵੀ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 15 ਸਤੰਬਰ, 2018 ਨੂੰ ਜ਼ਿਲ੍ਹੇ ਦੇ ਸਮੁੱਚੇ ਬੀ.ਐਲ.ਓਜ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ 'ਤੇ ਆਮ ਜਨਤਾ ਨੂੰ ਆਪਣੇ ਪੋਲਿੰਗ ਸਟੇਸ਼ਨ ਦੀ ਵੋਟਰ ਸੂਚੀ ਪੜ੍ਹ ਕੇ ਸੁਣਾਉਣਗੇ ਅਤੇ 16 ਸਤੰਬਰ, 2018 ਨੂੰ ਜ਼ਿਲ੍ਹੇ ਦੇ ਸਮੁੱਚੇ ਬੀ.ਐਲ.ਓਜ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ਤੇ ਸਵੇਰੇ 09:00 ਵਜੇ ਤੋਂ ਸ਼ਾਮ 05:00 ਵਜੇ ਤੱਕ ਹਾਜ਼ਰ ਰਹਿਣਗੇ ਅਤੇ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਦਾਅਵੇ ਇਤਰਾਜ਼ ਪ੍ਰਾਪਤ ਕਰਨਗੇ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਅਜਿਹੇ ਨੌਜਵਾਨ ਜਿਨ੍ਹਾਂ ਦੀ ਉਮਰ ਮਿਤੀ 01 ਜਨਵਰੀ 2019 ਨੂੰ 18 ਤੋਂ 19/20 ਸਾਲ ਦੀ ਹੋ ਗਈ ਹੈ ਅਤੇ ਉਨ੍ਹਾਂ ਦਾ ਹਾਲੇ ਤੱਕ ਆਪਣੀ ਵੋਟ ਨਹੀਂ ਬਣਵਾਈ ਗਈ ਹੈ। ਉਹ ਆਨਲਾਈਨ ਵਿਧੀ ਦਾ ਵੱਧ ਤੋਂ ਵੱਧ ਉਪਯੋਗ ਕਰਕੇ ਭਾਰਤ ਚੋਣ ਕਮਿਸ਼ਨ ਵੱਲੋਂ ਤਿਆਰ ਕੀਤੇ ਗਏ NVSP Portal (www.nvsp.in) ਤੇ Login ਕਰਕੇ "Apply Online for registration of new voter" ਤੇ ਫਾਰਮ ਨੰਬਰ 6 ਆਨਲਾਈਨ ਅਪਲਾਈ ਕਰਕੇ ਆਪਣੀ ਵੋਟ ਅਪਲਾਈ ਕਰਨ ਅਤੇ ਭਾਰਤ ਦੇ ਜ਼ਿੰਮੇਵਾਰ ਨਾਗਰਿਕ ਹੋਣ ਦਾ ਆਪਣਾ ਫ਼ਰਜ਼ ਨਿਭਾਉਣ।

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ/ਸਕੱਤਰਾਂ, ਕਲੱਬਾਂ, ਵਾਰਡ ਸੁਸਾਇਟੀਜ਼, ਐਨ.ਜੀ.ਓਜ਼ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ, ਬੀ.ਐਲ.ਓਜ਼., ਸੁਪਰਵਾਈਜ਼ਰ, ਸਕੂਲਾਂ ਕਾਲਜਾਂ ਦੇ ਨੋਡਲ ਅਫ਼ਸਰਾਂ/ਕੈਂਪਸ ਅੰਬੈਸਡਰਾਂ ਨੂੰ ਆਪਣਾ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜੋ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਵਿੱਚ ਵੱਧ ਤੋਂ ਵੱਧ ਵੋਟਰਾਂ ਨੂੰ ਰਜਿਸਟਰ ਕੀਤਾ ਜਾ ਸਕੇ।