ਸੇਵਾਮੁਕਤ ਮੁਲਾਜ਼ਮਾਂ ਦੀਆਂ ਪੈਨਸ਼ਨ ਸਬੰਧੀ ਸ਼ਿਕਾਇਤਾਂ ਦਾ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ 'ਚ ਹੋਵੇਗਾ ਨਿਪਟਾਰਾ

Last Updated: Sep 14 2018 19:22

ਸਰਕਾਰੀ ਵਿਭਾਗਾਂ ਚੋਂ ਰਿਟਾਇਰ ਹੋਏ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਪੈਨਸ਼ਨਾਂ ਸਬੰਧੀ ਪੇਸ਼ ਆਉਂਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ 18 ਸਤੰਬਰ ਨੂੰ ਜ਼ਿਲ੍ਹਾ ਫਤਹਿਗੜ ਸਾਹਿਬ ਦੇ ਬੱਚਤ ਭਵਨ ਵਿੱਚ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ। ਇਸ ਪੈਨਸ਼ਨ ਅਦਾਲਤ 'ਚ ਉੱਚ ਅਧਿਕਾਰੀਆਂ ਅਤੇ ਮਹਾਂਲੇਖਾਕਾਰ ਪੰਜਾਬ ਦੇ ਪ੍ਰਤੀਨਿਧੀ ਵੀ ਸ਼ਾਮਲ ਹੋਣਗੇ ਅਤੇ ਸੇਵਾ ਮੁਕਤ ਮੁਲਾਜ਼ਮਾਂ ਦੀਆਂ ਪੈਨਸ਼ਨਾਂ ਸਬੰਧੀ ਸ਼ਿਕਾਇਤਾਂ ਨੂੰ ਸੁਣਨਗੇ 'ਤੇ ਨਿਪਟਾਰਾ ਕਰਨਗੇ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਫਤਹਿਗੜ ਸਾਹਿਬ ਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸੇਵਾ ਮੁਕਤ ਮੁਲਾਜ਼ਮਾਂ ਦੀਆਂ ਪੈਨਸ਼ਨਾਂ ਸਬੰਧੀ ਸ਼ਿਕਾਇਤਾਂ ਅਤੇ ਮੁਸ਼ਕਲਾਂ ਦੇ ਨਿਪਟਾਰੇ ਲਈ 18 ਸਤੰਬਰ ਨੂੰ ਸਵੇਰੇ 11 ਵਜੇ ਬੱਚਤ ਭਵਨ ਵਿਖੇ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ 'ਚ ਮਹਾਂ ਲੇਖਾਕਾਰ ਪੰਜਾਬ, ਚੰਡੀਗੜ੍ਹ ਦੇ ਪ੍ਰਤੀਨਿਧੀ ਵੀ ਮੌਜੂਦ ਰਹਿਣਗੇ। ਜੋ ਕਿ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਨੂੰ ਸੁਣਦੇ ਹੋਏ ਸ਼ਿਕਾਇਤਾਂ ਦਾ ਨਿਪਟਾਰਾ ਕਰਨਗੇ।

ਡਿਪਟੀ ਕਮਿਸ਼ਨਰ ਸ. ਢਿੱਲੋਂ ਨੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ਨਾਲ ਸਬੰਧਿਤ ਪੰਜਾਬ ਸਰਕਾਰ ਦੇ ਪੈਨਸ਼ਨ ਲੈ ਰਹੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਪੈਨਸ਼ਨ ਸਬੰਧੀ ਕੋਈ ਮੁਸ਼ਕਿਲ ਜਾਂ ਸ਼ਿਕਾਇਤ ਹੈ ਤਾਂ ਉਹ 18 ਸਤੰਬਰ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਦਫ਼ਤਰ ਸਥਿਤ ਸ਼ਿਕਾਇਤ ਸ਼ਾਖਾ ਵਿੱਚ ਜਾਂ 18 ਸਤੰਬਰ ਨੂੰ ਲੱਗਣ ਵਾਲੀ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਵਿਚ ਆਪਣੀ ਸ਼ਿਕਾਇਤ ਸਮੇਤ ਦਸਤਾਵੇਜ਼ ਦੇ ਸਕਦੇ ਹਨ।