ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸਕੱਤਰ ਅਨੁਰਾਗ ਵਰਮਾ ਨੇ ਕੀਤੀ ਪਠਾਨਕੋਟ ਫੇਰੀ

Last Updated: Oct 11 2018 18:22
Reading time: 2 mins, 49 secs

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਾਤਾਵਰਣ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਲਈ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਏ ਬਗੈਰ ਕਣਕ ਦੀ ਬਿਜਾਈ ਕਰਨ ਸਬੰਧੀ ਜਾਗਰੂਕ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਦਾ ਜਾਇਜ਼ਾ ਲੈਣ ਲਈ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸਕੱਤਰ ਅਨੁਰਾਗ ਵਰਮਾ ਵੱਲੋਂ ਅੱਜ ਜ਼ਿਲ੍ਹਾ ਪਠਾਨਕੋਟ ਦਾ ਵਿਸ਼ੇਸ਼ ਦੌਰਾ ਕਰਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੇ ਮੀਟਿੰਗ ਹਾਲ ਵਿਖੇ ਸਬੰਧਿਤ ਜ਼ਿਲ੍ਹਾ ਅਧਿਕਾਰੀਆਂ ਅਤੇ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਪਰਾਲੀ ਨੂੰ ਅੱਗ ਲਗਾਏ ਬਗੈਰ ਖੇਤੀ ਕਰਨ ਲਈ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਸੁਝਾਅ ਵੀ ਲਏ ਗਏ। ਇਸ ਮੀਟਿੰਗ ਵਿੱਚ ਰਾਮਵੀਰ ਡਿਪਟੀ ਕਮਿਸ਼ਨਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। 

ਸਕੱਤਰ ਅਨੁਰਾਗ ਵਰਮਾ ਨੇ ਹਾਜ਼ਰ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ ਤਾਂ ਜੋ ਜ਼ਮੀਨ ਦੀ ਸਿਹਤ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਮੀਟਿੰਗ ਦੌਰਾਨ ਸਕੱਤਰ ਅਨੁਰਾਗ ਵਰਮਾ ਨੇ ਸਹਿਕਾਰਤਾ ਵਿਭਾਗ ਪਠਾਨਕੋਟ ਦੇ ਡਿਪਟੀ ਰਜਿਸਟਰਾਰ ਨੂੰ ਹਦਾਇਤ ਕੀਤੀ ਕਿ ਉਹ ਵੱਧ ਤੋਂ ਵੱਧ ਸੁਸਾਇਟੀਆਂ ਬਣਾਉਣ ਅਤੇ ਖੇਤੀਬਾੜੀ ਨਾਲ ਸਬੰਧਿਤ ਸਾਰੇ ਸੰਦ ਇਹਨਾਂ ਸੁਸਾਇਟੀਆਂ ਨੂੰ ਮੁਹੱਈਆ ਕਰਵਾਉਣ ਤਾਂ ਜੋ ਛੋਟੇ ਕਿਸਾਨ ਇਹਨਾਂ ਸੰਦਾਂ ਦੀ ਵਰਤੋਂ ਕਰਕੇ ਆਪਣੀ ਆਮਦਨ ਵਿੱਚ ਵਾਧਾ ਕਰਨ ਸਕਣ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਸਬਸਿਡੀ 'ਤੇ ਖੇਤੀ ਸੰਦ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਇਸ ਦਾ ਲਾਭ ਉਠਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਏ ਬਗੈਰ ਹੈਪੀਸੀਡਰ ਜਾਂ ਹੋਰ ਸੰਦਾਂ ਰਾਹੀਂ ਕਣਕ ਦੀ ਸਿੱਧੀ ਬਿਜਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਪ੍ਰਦੂਸ਼ਣ ਹੋਣ ਨਾਲ ਹਰ ਵਿਅਕਤੀ ਨੂੰ ਨੁਕਸਾਨ ਝੱਲਣਾ ਪੈਂਦਾ ਹੈ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜ਼ਿਲ੍ਹੇ ਅੰਦਰ 16 ਟੀਮਾਂ ਬਣਾਈਆਂ ਗਈਆਂ ਹਨ ਅਤੇ ਇਹਨਾਂ ਟੀਮਾਂ ਵਿੱਚ 210 ਖ਼ੁਸ਼ਹਾਲੀ ਦੇ ਰਖਵਾਲਿਆਂ ਨੂੰ ਬਤੌਰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਨੋਡਲ ਅਫ਼ਸਰ ਪਿੰਡਾਂ ਵਿੱਚ ਸਖ਼ਤ ਨਜ਼ਰ ਰੱਖਣਗੇ ਕਿ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਵੇ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਖ਼ਾਸ ਕਰਕੇ ਪੇਂਡੂ ਸਕੂਲਾਂ ਅਤੇ ਪੇਂਡੂ ਖੇਤਰ ਦੇ ਵਿਦਿਆਰਥੀਆਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਫੈਲਣ ਵਾਲੇ ਪ੍ਰਦੂਸ਼ਣ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਇਹ ਬੱਚੇ ਆਪਣੇ ਮਾਪਿਆਂ, ਗੁਆਂਢੀਆਂ ਅਤੇ ਹੋਰ ਕਿਸਾਨਾਂ ਨੂੰ ਜਾਗਰੂਕ ਕਰ ਸਕਣ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਦਿੱਤੀ ਰਿਪੋਰਟ ਅਨੁਸਾਰ ਪਿਛਲੇ ਸਾਲ ਪੰਜਾਬ ਵਿੱਚ ਕੁੱਲ 43157 ਵਾਕਿਆ ਸਾਹਮਣੇ ਆਏ ਸਨ ਜਦ ਕਿ ਜ਼ਿਲ੍ਹਾ ਪਠਾਨਕੋਟ ਵਿੱਚ ਸਿਰਫ਼ 12 ਅੱਗ ਲੱਗਣ ਦੇ ਵਾਕਿਆ ਸਾਹਮਣੇ ਆਏ ਸਨ, ਜੋ ਮੌਕੇ 'ਤੇ ਤਸਦੀਕ ਨਹੀਂ ਸਨ ਹੋ ਸਕੇ। ਜਿਸ ਕਾਰਨ ਜ਼ਿਲ੍ਹਾ ਪਠਾਨਕੋਟ ਪੰਜਾਬ ਦਾ ਪਹਿਲਾ ਸਭ ਤੋਂ ਘੱਟ ਪ੍ਰਦੂਸ਼ਣ ਰਹਿਤ ਜ਼ਿਲ੍ਹਾ ਬਣਿਆ ਅਤੇ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਪ੍ਰਸ਼ੰਸਾ ਪੱਤਰ ਵੀ ਦਿੱਤਾ ਗਿਆ।

ਮੀਟਿੰਗ ਵਿੱਚ ਕਿਸਾਨਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਝੋਨੇ ਦੀ ਲਵਾਈ ਦੀ ਮਿਥੀ ਤਰੀਕ 20 ਜੂਨ ਹੈ ਪਰ ਪਠਾਨਕੋਟ ਜ਼ਿਲ੍ਹੇ ਦਾ ਵਾਤਾਵਰਣ ਅਤੇ ਪੋਣ-ਪਾਣੀ ਬਾਕੀ ਪੰਜਾਬ ਨਾਲੋਂ ਬਿਲਕੁਲ ਵੱਖਰਾ ਹੋਣ ਕਰਕੇ ਇੱਥੇ ਝੋਨਾ ਕਾਫੀ ਦੇਰ ਬਾਅਦ ਪੱਕਦਾ ਹੈ ਜਿਸ ਕਾਰਨ ਉਨ੍ਹਾਂ ਦਾ ਕਾਫੀ ਆਰਥਿਕ ਨੁਕਸਾਨ ਹੁੰਦਾ ਹੈ। ਕਿਸਾਨਾਂ ਨੇ ਮੰਗ ਕੀਤੀ ਕਿ ਸਰਕਾਰ ਝੋਨੇ ਦੀ ਲਵਾਈ ਦੀ ਮਿਤੀ ਜ਼ਿਲ੍ਹਾ ਪਠਾਨਕੋਟ ਵਿੱਚ 1 ਜੂਨ ਤੋਂ ਕਰੇ ਕਿਉਂਕਿ ਜ਼ਿਲ੍ਹਾ ਪਠਾਨਕੋਟ ਨੂੰ ਨਹਿਰੀ ਪਾਣੀ ਵੀ ਬਹੁਤ ਮਿਲਦਾ ਹੈ। ਕਿਸਾਨਾਂ ਨੇ ਮੰਗ ਕੀਤੀ ਕਿ ਝੋਨੇ ਦੀ ਪਰਾਲੀ ਸੰਭਾਲਣ ਲਈ ਦਿੱਤੇ ਜਾ ਰਹੇ ਖੇਤ ਸੰਦ ਕਿਸਾਨਾਂ ਦੀ ਮੰਗ ਅਨੁਸਾਰ ਅਤੇ ਸਸਤੇ ਹੋਣੇ ਚਾਹੀਦੇ ਹਨ। ਇਸ ਮੌਕੇ ਕਿਸਾਨਾਂ ਆਪਣੀ ਮੰਗ ਪੇਸ਼ ਕਰਦਿਆਂ ਕਿਹਾ ਕਿ ਗੰਨੇ ਦੀ ਪੜਾਈ ਲਈ ਜ਼ਿਲ੍ਹੇ ਵਿੱਚ ਸਰਕਾਰੀ ਸ਼ੂਗਰ ਮਿਲ ਲਗਾਈ ਜਾਵੇ ਅਤੇ ਮੱਕੀ ਦੇ ਮੰਡੀਕਰਨ ਲਈ ਯੋਗ ਪ੍ਰਬੰਧ ਕੀਤੇ ਜਾਣ। ਇਸ 'ਤੇ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਉਹ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨੂੰ ਸਰਕਾਰ ਦੇ ਧਿਆਨ ਵਿੱਚ ਲਿਆਉਣਗੇ। ਮੀਟਿੰਗ ਵਿੱਚ ਕਿਸਾਨਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ।