ਅਨਾਜ ਮੰਡੀਆਂ 'ਚ ਖ਼ਰੀਦ ਕੀਤੇ ਝੋਨੇ ਦੀ ਤੇਜ਼ੀ ਨਾਲ ਲਿਫ਼ਟਿੰਗ ਕਰਵਾਉਣ ਖ਼ਰੀਦ ਏਜੰਸੀਆਂ- ਡੀ.ਸੀ ਢਿੱਲੋਂ

Last Updated: Oct 11 2018 19:16

ਜ਼ਿਲ੍ਹੇ ਦੀਆਂ ਅਨਾਜ ਮੰਡੀਆਂ 'ਚ ਚੱਲ ਰਹੀ ਝੋਨੇ ਦੀ ਫ਼ਸਲ ਦੇ ਖ਼ਰੀਦ ਪ੍ਰਬੰਧਾਂ ਅਤੇ ਖ਼ਰੀਦ ਕੀਤੇ ਗਏ ਝੋਨੇ ਦੀ ਲਿਫ਼ਟਿੰਗ ਦਾ ਜਾਇਜ਼ਾ ਲੈਣ ਸਬੰਧੀ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ, ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਹਰਜੀਤ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਕੁਲਵੰਤ ਸਿੰਘ ਅਤੇ ਹੋਰ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਖ਼ਰੀਦ ਕੀਤੇ ਝੋਨੇ ਦੀ ਮੰਡੀਆਂ ਚੋਂ ਲਿਫ਼ਟਿੰਗ ਕਰਵਾਉਣ ਅਤੇ ਖ਼ਰੀਦ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਇਸਦੇ ਨਾਲ ਹੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਖ਼ਰੀਦੇ ਗਏ ਝੋਨੇ ਦੀ ਨਾਲ ਹੀ ਨਾਲ ਲਿਫ਼ਟਿੰਗ 'ਚ ਤੇਜ਼ੀ ਲਿਆਂਦੀ ਜਾਵੇ।

ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 24,222 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 22,490 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਮੰਡੀਆਂ ਵਿੱਚ ਖ਼ਰੀਦੇ ਗਏ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 9,000 ਮੀਟਰਿਕ ਟਨ, ਮਾਰਕਫੈਡ ਵੱਲੋਂ 3698 ਮੀਟਰਿਕ ਟਨ, ਪਨਸਪ ਵੱਲੋਂ 4583 ਮੀਟਰਿਕ ਟਨ ਅਤੇ ਵੇਅਰ ਹਾਊਸ ਵੱਲੋਂ 2780 ਮੀਟਰਿਕ ਟਨ, ਪੰਜਾਬ ਐਗਰੋ ਵੱਲੋਂ 2429 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।

ਡੀ.ਸੀ ਢਿੱਲੋਂ ਨੇ ਅੱਗੇ ਦੱਸਿਆ ਕਿ ਸਰਕਾਰੀ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਖ਼ਰੀਦ ਕੀਤੇ ਝੋਨੇ ਦੀ ਮੰਡੀਆਂ 'ਚੋਂ ਤੇਜ਼ੀ ਨਾਲ ਲਿਫ਼ਟਿੰਗ ਕਰਵਾਈ ਜਾਵੇ ਤਾਂ ਕਿ ਕਿਸਾਨਾਂ ਨੂੰ ਮੰਡੀਆਂ 'ਚ ਝੋਨਾ ਲੈ ਕੇ ਆਉਣ ਵਿੱਚ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਰੋਜ਼ਾਨਾ ਸਮੇਂ ਸਿਰ ਝੋਨੇ ਦੀ ਖ਼ਰੀਦ ਕੀਤੀ ਜਾਵੇ। ਜ਼ਿਲ੍ਹਾ ਮੰਡੀ ਅਫ਼ਸਰ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਸਮੂਹ ਅਨਾਜ ਮੰਡੀਆਂ ਵਿੱਚ ਝੋਨੇ ਦੀਆਂ ਢੇਰੀਆਂ ਨੂੰ ਢੱਕਣ ਲਈ ਲੋੜੀਂਦੀਆਂ ਤਿਰਪਾਲਾਂ ਦਾ ਪ੍ਰਬੰਧ ਕੀਤਾ ਜਾਵੇ। ਇਸ ਤੋਂ ਇਲਾਵਾ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਖ਼ਰੀਦੇ ਗਏ ਝੋਨੇ ਦੀ ਨਾਲੋ ਨਾਲ ਕਿਸਾਨਾਂ ਨੂੰ ਅਦਾਇਗੀ ਵੀ ਯਕੀਨੀ ਬਣਾਈ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਲਕਿ ਝੋਨੇ ਦੀ ਪਰਾਲੀ ਨੂੰ ਜ਼ਮੀਨ ਵਿੱਚ ਹੀ ਵਾਹੁਣ ਨੂੰ ਤਰਜੀਹ ਦੇਣ ਕਿਉਂਕਿ ਅਜਿਹਾ ਕਰਨ ਨਾਲ ਜ਼ਮੀਨ ਦੀ ਉਪਜਾਉ ਸ਼ਕਤੀ ਵਧਣ ਦੇ ਨਾਲ ਫ਼ਸਲਾਂ ਦਾ ਝਾੜ ਵੀ ਵੱਧ ਨਿਕਲਦਾ ਹੈ। ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਸਬਸਿਡੀ 'ਤੇ ਦਿੱਤੀ ਜਾਂਦੀ ਆਧੁਨਿਕ ਖੇਤੀ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਉਠਾਉਣ।