ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਵੱਧ ਤੋਂ ਵੱਧ ਕੀਤਾ ਜਾਵੇ ਜਾਗਰੂਕ: ਡੀਸੀ

Last Updated: Oct 11 2018 19:34

ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰਪਾਲ ਸਿੰਘ ਸੰਧੂ ਅਤੇ ਸਹਾਇਕ ਕਮਿਸ਼ਨਰ (ਜ.) ਰਣਜੀਤ ਸਿੰਘ ਮੌਜੂਦ ਸਨ। ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਮੈਂਬਰਾਂ ਨੂੰ ਕਿਹਾ ਕਿ ਹੁਣ ਝੋਨੇ ਦੀ ਕਟਾਈ ਸ਼ੁਰੂ ਹੋ ਚੁੱਕੀ ਹੈ, ਇਸ ਲਈ ਉਹ ਪਿੰਡਾਂ ਵਿੱਚ ਕਿਸਾਨਾਂ ਨੂੰ ਵਾਤਾਵਰਨ ਦੀ ਸੰਭਾਲ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਨ।

ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਨੂੰ ਦੱਸਣ ਕਿ ਪਰਾਲੀ ਨੂੰ ਸਾੜਨ ਨਾਲ ਜਿੱਥੇ ਵਾਤਾਵਰਨ ਤੇ ਮਾੜਾ ਅਸਰ ਪੈਦਾ ਹੈ ਉੱਥੇ ਜ਼ਮੀਨ ਵਿਚਲੇ ਜ਼ਰੂਰੀ ਤੱਤ ਵੀ ਨਸ਼ਟ ਹੋ ਜਾਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵਾਤਾਵਰਨ ਨੂੰ ਸ਼ੁੱਧ ਅਤੇ ਜ਼ਮੀਨ ਨੂੰ ਉਪਜਾਊ ਬਣਾਉਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ, ਸਗੋਂ ਇਸ ਨੂੰ ਆਪਣੇ ਖੇਤਾਂ ਵਿੱਚ ਹੀ ਮਿਲਾਉਣ। ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਜਿੱਥੇ ਇਨਸਾਨਾਂ ਤੇ ਪਸ਼ੂਆਂ ਵਿੱਚ ਬਿਮਾਰੀਆਂ ਦੇ ਫੈਲਾਅ ਤੋਂ ਬਚਿਆ ਜਾ ਸਕਦਾ ਹੈ, ਉੱਥੇ ਵਾਤਾਵਰਨ ਪ੍ਰਦੂਸ਼ਣ ਤੋਂ ਵੀ ਨਿਜਾਤ ਪਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦੇ ਨਿਪਟਾਰੇ ਲਈ ਪੰਜਾਬ ਸਰਕਾਰ ਵੱਲੋਂ ਸਬਸਿਡੀ 'ਤੇ ਦਿੱਤੀ ਜਾ ਰਹੀ ਖੇਤੀ ਮਸ਼ੀਨਰੀ ਜਿਵੇਂ ਕਿ ਹੈਪੀ ਸੀਡਰ, ਪਰਾਲੀ ਕੁਤਰਨ ਤੇ ਖਿਲਾਰਨ ਲਈ ਚੌਪਰ, ਜ਼ੀਰੋ ਡਰਿਲ ਅਤੇ ਮਲਚਰ ਆਦਿ ਨੂੰ ਵਰਤੋਂ ਵਿੱਚ ਲਿਆਂਦਾ ਜਾਵੇ।

ਉਨ੍ਹਾਂ ਕਿਹਾ ਕਿ ਅੱਗ ਦੇ ਧੂੰਏਂ ਕਾਰਨ ਸੜਕੀ ਹਾਦਸੇ ਵੀ ਵਾਪਰਦੇ ਹਨ, ਜਿਨ੍ਹਾਂ ਨਾਲ ਕਈ ਕੀਮਤੀ ਜਾਨਾਂ ਅਜਾਈਂ ਚਲੀਆਂ ਜਾਂਦੀਆਂ ਹਨ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਰਛਪਾਲ ਸਿੰਘ ਨੇ ਕਿਹਾ ਕਿ ਕਿਸਾਨ ਪਰਾਲੀ ਨੂੰ ਖੇਤਾਂ 'ਚ ਅੱਗ ਲਗਾਉਣ ਦੀ ਬਜਾਏ ਬੇਲਰ ਚਲਾ ਕੇ ਪਰਾਲੀ ਦੀਆਂ ਗੰਢਾ ਬਣਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਤਕਨੀਕ ਅਪਣਾਉਣ ਨਾਲ ਜਿੱਥੇ ਵਾਤਾਵਰਨ ਦੂਸ਼ਿਤ ਨਹੀਂ ਹੋਵੇਗਾ ਉੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਵਧੇਗੀ। ਇਸ ਮੌਕੇ ਸਹਾਇਕ ਕਮਿਸ਼ਨਰ (ਜ.) ਰਣਜੀਤ ਸਿੰਘ, ਡੀ.ਡੀ.ਪੀ.ਓ. ਹਰਜਿੰਦਰ ਸਿੰਘ, ਬਲਾਕ ਖੇਤੀਬਾੜੀ ਅਫ਼ਸਰ ਮੁਖ਼ਤਿਆਰ ਸਿੰਘ ਸਮੇਤ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਵੱਖ-ਵੱਖ ਮੈਂਬਰ ਹਾਜ਼ਰ ਸਨ।