ਹੁਣ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਵੀ ਚੁੱਕ ਲਿਆ ਸਰਕਾਰ ਖ਼ਿਲਾਫ਼ ਝੰਡਾ!!

Manjinder Bittu
Last Updated: Oct 12 2018 12:18

ਅਜੇ ਸਾਂਝੇ ਅਧਿਆਪਕ ਮੋਰਚੇ ਦਾ ਮਸਲਾ ਹੱਲ ਨਹੀਂ ਹੀ ਹੋਇਆ ਕਿ, ਹੁਣ ਟੈੱਟ ਪਾਸ ਬੇਰੁਜ਼ਗਾਰ ਬੀ. ਐਡ ਅਧਿਆਪਕ ਯੂਨੀਅਨ ਨੇ ਵੀ ਪੰਜਾਬ ਪੰਜਾਬ ਸਰਕਾਰ ਦੇ ਖ਼ਿਲਾਫ਼ ਝੰਡਾ ਚੁੱਕ ਲਿਆ ਹੈ। ਯੂਨੀਅਨ ਨੇ 28 ਅਕਤੂਬਰ ਨੂੰ ਕੈਪਟਨ ਅਮਰਿੰਦਰ ਸਿੰਘ ਦਾ ਮੋਤੀ ਮਹਿਲ ਘੇਰਨ ਦਾ ਐਲਾਨ ਕਰ ਦਿੱਤਾ ਹੈ। 

ਯੂਨੀਅਨ ਨੇ ਫ਼ੈਸਲਾ ਕੀਤਾ ਹੈ ਕਿ, ਟੈੱਟ ਪਾਸ ਬੇਰੁਜ਼ਗਾਰ ਬੀ. ਐਡ. ਅਧਿਆਪਕ 28 ਅਕਤੂਬਰ ਨੂੰ ਪਟਿਆਲਾ ਵਿਖੇ ਸਥਿਤ ਮੁੱਖ-ਮੰਤਰੀ ਪੰਜਾਬ ਦੇ ਮੋਤੀ ਮਹਿਲ ਦਾ ਘਿਰਾਓ ਕਰਨਗੇ। ਇਸ ਤੋਂ ਪਹਿਲਾਂ ਸੂਬਾਈ ਐਕਸ਼ਨ ਦੀ ਤਿਆਰੀਆਂ ਵਜੋਂ 21 ਅਕਤੂਬਰ ਨੂੰ ਜ਼ਿਲ੍ਹਾ ਪੱਧਰੀ ਰੋਸ ਮਾਰਚ ਉਪਰੰਤ ਵਿਧਾਇਕਾਂ ਅਤੇ ਮੰਤਰੀਆਂ ਨੂੰ ਮੰਗ-ਪੱਤਰ ਦਿੱਤੇ ਜਾਣਗੇ।

ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ, ਪੰਜਾਬ ਸਰਕਾਰ ਚੋਣ ਵਾਅਦਿਆਂ ਤੋਂ ਭੱਜ ਰਹੀ ਹੈ। ਪੰਜਾਬ ਦੇ ਸਰਕਾਰੀ ਸਕੂਲਾਂ 'ਚ ਅਸਾਮੀਆਂ ਵੱਡੀ ਪੱਧਰ 'ਤੇ ਖਾਲੀ ਹਨ, ਦੂਜੇ ਪਾਸੇ ਹਜ਼ਾਰਾਂ ਟੈੱਟ ਪਾਸ ਬੇਰੁਜ਼ਗਾਰ ਬੀ. ਐਡ ਅਧਿਆਪਕ ਸੰਘਰਸ਼ ਦੇ ਰਾਹ ਹਨ। ਇਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਸਾਂਝਾ ਅਧਿਆਪਕ ਮੋਰਚਾ ਦੀ ਅਗਵਾਈ 'ਚ ਚਲਦੇ ਸੰਘਰਸ਼ ਨੂੰ ਹਮਾਇਤ ਦੇਣ ਦਾ ਐਲਾਨ ਕਰਦਿਆਂ ਅਧਿਆਪਕਾਂ ਦੀ ਤਨਖ਼ਾਹ ਕਟੌਤੀ ਦੀ ਸਖ਼ਤ ਨਿਖੇਧੀ ਕੀਤੀ ਗਈ।