ਐਸ.ਡੀ.ਐਮ ਗੁਰਦਾਸਪੁਰ ਸਕੱਤਰ ਸਿੰਘ ਬੱਲ ਨੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

Last Updated: Oct 12 2018 12:49
Reading time: 1 min, 16 secs

ਸ੍ਰੀ ਸਕੱਤਰ ਸਿੰਘ ਬੱਲ ਐਸ.ਡੀ.ਐਮ ਗੁਰਦਾਸਪੁਰ ਨੇ ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ। ਉਨ੍ਹਾਂ ਸ. ਕਿਸਾਨ ਸੋਹਣ ਸਿੰਘ ਵਾਸੀ ਗੁਰਦਾਸਪੁਰ ਦੀ ਝੋਨੇ ਦੀ ਪਹਿਲੀ ਢੇਰੀ ਦੀ ਖ਼ਰੀਦ ਕਰਵਾਈ। ਇਸ ਮੌਕੇ ਨਿਰਮਲ ਸਿੰਘ ਪੁਹਾਲ ਜ਼ਿਲ੍ਹਾ ਮੰਡੀ ਅਫ਼ਸਰ ਤੇ ਕੁਲਜੀਤ ਸਿੰਘ ਸੈਕਟਰੀ ਮਾਰਕਿਟ ਕਮੇਟੀ ਗੁਰਦਾਸਪੁਰ ਵੀ ਮੌਜੂਦ ਸਨ।

ਐਸ.ਡੀ.ਐਮ ਬੱਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਮੰਡੀਆਂ ਅੰਦਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਫ਼ਸਲ ਝੋਨਾ ਖ਼ਰੀਦਣ ਤੇ ਚੁੱਕਣ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਕਿਸਾਨ ਸੋਹਣ ਸਿੰਘ ਨੇ ਦੱਸਿਆ ਕਿ ਉਸ ਦੀ ਫ਼ਸਲ ਦੀ ਨਮੀ ਦੀ ਮਾਤਰਾ ਨਿਰਧਾਰਿਤ ਮਾਪਦੰਡਾਂ ਤੇ ਪੂਰੀ ਹੋਣ ਕਰਕੇ ਉਸ ਦੀ ਫ਼ਸਲ ਦੀ ਚੁਕਾਈ ਤੁਰੰਤ ਹੋ ਗਈ। ਉਸਨੇ ਦੂਜੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਫ਼ਸਲ ਸੁਕਾ ਕੇ ਹੀ ਮੰਡੀਆਂ ਵਿੱਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਸਨੇ ਕਿਹਾ ਕਿ ਖ਼ਰੀਦ ਏਜੰਸੀਆਂ ਕਿਸਾਨਾਂ ਦਾ ਪੂਰਾ ਸਹਿਯੋਗ ਕਰ ਰਹੀਆਂ ਹਨ ਤੇ ਕਿਸਾਨ ਵੀ ਸਹਿਯੋਗ ਕਰਨ।

ਇਸ ਮੌਕੇ ਐਸ.ਡੀ.ਐਮ ਸ੍ਰੀ ਬੱਲ ਨੇ ਦੱਸਿਆ ਕਿ ਮੰਡੀਆਂ ਅੰਦਰ ਕਿਸਾਨਾਂ ਲਈ ਬੈਠਣ ਲਈ ਸਹੂਲਤ, ਪੀਣ ਲਈ ਸਾਫ਼ ਪਾਣੀ, ਮੰਡੀਆਂ ਦੀ ਸਫ਼ਾਈ, ਲਾਈਟਾਂ ਤੇ ਤਰਪਾਲਾਂ ਦਾ ਸੁਚਾਰੂ ਢੰਗ ਨਾਲ ਪ੍ਰਬੰਧ ਕੀਤਾ ਹੈ ਤੇ ਬਾਰਦਾਨੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਕੁੱਲ 93 ਮੰਡੀਆਂ ਹਨ ਅਤੇ ਇਸ ਸਾਲ ਮੰਡੀਆਂ ਵਿੱਚ ਕਰੀਬ 7 ਲੱਖ 50 ਹਜ਼ਾਰ ਮੀਟਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ। ਪਿਛਲੇ ਸਾਲ 6 ਲੱਖ 75 ਹਜ਼ਾਰ ਮੀਟਰਿਕ ਟਨ ਝੋਨੇ ਦੀ ਆਮਦ ਹੋਈ ਸੀ। ਝੋਨੇ ਦਾ ਸਰਕਾਰੀ ਰੇਟ ਪ੍ਰਤੀ ਕੁਇੰਟਲ 1770 ਰੁਪਏ ਹੈ।