ਪਰਾਲੀ ਸਾੜਨ ਦੇ ਖ਼ਤਰਨਾਕ ਰੁਝਾਨ ਨੂੰ ਰੋਕਣ ਲਈ ਜ਼ਿੰਮੇਵਾਰੀ ਨਾਲ ਕੰਮ ਕੀਤਾ ਜਾਵੇ: ਡਾ. ਨਯਨ ਭੁੱਲਰ

Last Updated: Oct 12 2018 12:52

ਪਰਾਲੀ ਨੂੰ ਅੱਗ ਲਗਾਉਣ ਦੇ ਖ਼ਤਰਨਾਕ ਰੁਝਾਨ ਨੂੰ ਰੋਕਣ ਲਈ ਪੂਰੀ ਗੰਭੀਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਇਸ ਤਹਿਤ ਸਾਰੇ ਪਿੰਡਾਂ ਵਿੱਚ ਨੋਡਲ ਅਫ਼ਸਰਾਂ ਦੀ ਨਿਯੁਕਤੀ ਕੀਤੀ ਗਈ ਹੈ। ਇਹ ਪ੍ਰਗਟਾਵਾ ਐਸ.ਡੀ.ਐਮ ਕਪੂਰਥਲਾ ਡਾ. ਨਯਨ ਭੁੱਲਰ ਨੇ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਨਿਯੁਕਤ ਕੀਤੇ ਗਏ ਕੋਆਰਡੀਨੇਟਰਾਂ ਅਤੇ ਨੋਡਲ ਅਫ਼ਸਰਾਂ ਨਾਲ ਮੀਟਿੰਗ-ਕਮ-ਟ੍ਰੇਨਿੰਗ ਪ੍ਰੋਗਰਾਮ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਾਰਵਾਈ ਨੂੰ ਸਫ਼ਲਤਾਪੂਰਵਕ ਨੇਪਰੇ ਚਾੜਨ ਲਈ ਟੀਮ ਦਾ ਗਠਨ ਕੀਤਾ ਗਿਆ ਹੈ, ਜਿਸ ਨੂੰ ਇਹ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ ਹੈ ਕਿ ਕੋਈ ਵੀ ਕਿਸਾਨ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾਵੇ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਕੋਈ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਇਹ ਟੀਮ ਤੁਰੰਤ ਮੌਕੇ 'ਤੇ ਜਾ ਕੇ ਕਿਸਾਨਾਂ ਨੂੰ ਅਜਿਹਾ ਕਰਨ ਤੋਂ ਰੋਕਣ ਦੇ ਉਪਰਾਲੇ ਕਰੇਗੀ।

ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕੋਈ ਕਿਸਾਨ ਹੁਕਮਾਂ ਦੀ ਪਾਲਣਾ ਨਹੀਂ ਕਰਦਾ ਤਾਂ ਨਿਯਮਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਤਾਂ ਜੋ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਟੀਮ ਵਿੱਚ ਸਬੰਧਤ ਤਹਿਸੀਲਦਾਰ/ਨਾਇਬ ਤਹਿਸੀਲਦਾਰ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਕਪੂਰਥਲਾ, ਸਬੰਧਤ ਐਸ.ਐਚ.ਓ, ਖੇਤੀਬਾੜੀ ਅਫ਼ਸਰ, ਐਸ.ਡੀ.ਓ ਪ੍ਰਦੂਸ਼ਣ ਕੰਟਰੋਲ ਬੋਰਡ, ਸਬੰਧਤ ਕੋਆਰਡੀਨੇਟਰ ਅਤੇ ਸਬੰਧਤ ਪਿੰਡ ਦਾ ਨੋਡਲ ਅਫ਼ਸਰ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਇਹ ਟੀਮ ਕੀਤੀ ਗਈ ਕਾਰਵਾਈ ਬਾਰੇ ਉਨ੍ਹਾਂ ਨੂੰ ਸੂਚਿਤ ਕਰੇਗੀ। ਉਨ੍ਹਾਂ ਸਾਰੇ ਕੋਆਰਡੀਨੇਟਰਾਂ ਅਤੇ ਨੋਡਲ ਅਫ਼ਸਰਾਂ ਨੂੰ ਕਿਹਾ ਕਿ ਉਹ ਆਪਣਾ ਕੰਮ ਪੂਰੀ ਜ਼ਿੰਮੇਵਾਰੀ ਨਾਲ ਕਰਨ ਤਾਂ ਜੋ ਪਰਾਲੀ ਸਾੜਨ ਦੇ ਰੁਝਾਨ ਨੂੰ ਮੁਕੰਮਲ ਤੌਰ 'ਤੇ ਠੱਲ੍ਹ ਪਾਈ ਜਾ ਸਕੇ।