ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਜੁਰਮਾਨੇ ਦੇ ਨਾਲ ਉਨ੍ਹਾਂ ਦੇ ਜ਼ਮੀਨੀ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ ਕੀਤੀ ਜਾਵੇਗੀ

Last Updated: Oct 12 2018 13:04

ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸਕੱਤਰ ਅਨੁਰਾਗ ਵਰਮਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ ਤਾਂ ਜੋ ਜ਼ਮੀਨ ਦੀ ਸਿਹਤ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਸ੍ਰੀ ਵਰਮਾ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਕਿਸਾਨਾਂ ਅਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਇੱਕ ਅਹਿਮ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਅਤੇ ਜ਼ਿਲ੍ਹਾ ਅਧਿਕਾਰੀਆਂ ਦੇ ਨਾਲ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨ ਵੀ ਮੌਜੂਦ ਸਨ।

ਸਕੱਤਰ ਅਨੁਰਾਗ ਵਰਮਾ ਨੇ ਕਿਸਾਨਾਂ ਨੂੰ ਕਿਹਾ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਝੋਨੇ ਦੀ ਪਰਾਲੀ ਅਤੇ ਹੋਰ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ 'ਤੇ ਪਾਬੰਦੀ ਲਗਾਈ ਗਈ ਹੈ ਅਤੇ ਜੇ ਕਿਸੇ ਕਿਸਾਨ ਨੇ ਇਸ ਦੀ ਉਲੰਘਣਾ ਕੀਤੀ ਤਾਂ ਉਨ੍ਹਾਂ ਨੂੰ ਜੁਰਮਾਨਾ ਕੀਤਾ ਜਾਵੇਗਾ। ਉਨ੍ਹਾਂ ਨੇ ਨਿਗਰਾਨ ਟੀਮਾਂ ਨੂੰ ਹਦਾਇਤ ਕੀਤੀ ਕਿ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਵਿੱਚ ਜੁਰਮਾਨੇ ਕਰਨ ਸਮੇਂ ਕੋਈ ਪੱਖਪਾਤ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਅੱਗ ਲਗਾਉਣ ਲਈ ਬਜ਼ਿਦ ਹਨ ਉਨ੍ਹਾਂ ਦੀਆਂ ਜ਼ਮੀਨਾਂ ਦੀਆਂ ਜਮਾਂਬੰਦੀਆਂ ਅਤੇ ਗਿਰਦਾਵਰੀਆਂ ਵਿੱਚ ਰੈੱਡ ਐਂਟਰੀ ਦਰਜ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਐੱਸ.ਐੱਮ.ਐੱਸ. ਤੋਂ ਬਿਨਾਂ ਚੱਲਦੀਆਂ ਕੰਬਾਈਨਾਂ ਦੇ ਚਲਾਨ ਕੀਤੇ ਜਾਣ।       

ਅਨੁਰਾਗ ਵਰਮਾ ਨੇ ਕਿਹਾ ਕਿ ਸਰਕਾਰ ਵੱਲੋਂ ਇਸ ਸਮੱਸਿਆ ਨਾਲ ਨਜਿੱਠਣ ਲਈ ਕਿਸਾਨਾਂ ਨੂੰ ਸਬਸਿਡੀ 'ਤੇ ਖੇਤੀ ਸੰਦ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਇਸ ਦਾ ਲਾਭ ਉਠਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਪ੍ਰਦੂਸ਼ਣ ਹੋਣ ਨਾਲ ਹਰ ਵਿਅਕਤੀ ਨੂੰ ਨੁਕਸਾਨ ਝੱਲਣਾ ਪੈਂਦਾ ਹੈ। ਮੀਟਿੰਗ ਦੌਰਾਨ ਵਰਮਾ ਨੇ ਕਿਸਾਨਾਂ ਅਤੇ ਕੰਬਾਈਨ ਮਾਲਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਜੋ ਮੰਗਾਂ ਹਨ ਉਹ ਪੰਜਾਬ ਸਰਕਾਰ ਤੱਕ ਪਹੁੰਚਾ ਦਿੱਤੀਆਂ ਜਾਣਗੀਆਂ। ਉਨ੍ਹਾਂ ਨਾਲ ਹੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡਾਂ ਵਿੱਚ ਪਹੁੰਚ ਕੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਅੱਗ ਲਗਾਉਣ ਦੀਆਂ ਹਾਨੀਆਂ ਬਾਰੇ ਜਾਗਰੂਕ ਕਰਨ। 

ਇਸਦੇ ਨਾਲ ਹੀ ਕਿਸਾਨਾਂ ਨੂੰ ਪਰਾਲੀ ਆਦਿ ਨੂੰ ਸੰਭਾਲਣ ਜਾਂ ਖੇਤ ਵਿੱਚ ਵਾਹੁਣ ਬਾਰੇ ਪ੍ਰੈਕਟੀਕਲ ਤੌਰ 'ਤੇ ਸਮਝਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਵਾਰ ਪਰਾਲੀ ਦੀ ਅੱਗ ਨੂੰ ਰੋਕਣ ਵਿੱਚ ਕੋਈ ਢਿੱਲ ਨਾ ਵਰਤੀ ਜਾਵੇ ਅਤੇ ਸਾਰੇ ਹੀ ਅਧਿਕਾਰੀ ਤੇ ਕਰਮਚਾਰੀ ਆਪਣੀ ਇਸ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣ। ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਪੁਲ ਉਜਵਲ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਦੀ ਅੱਗ ਨੂੰ ਰੋਕਣ ਲਈ ਸਾਂਝੀ ਐਕਸ਼ਨ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ 16 ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਅਤੇ ਐਕਸ਼ਨ ਟੀਮਾਂ ਵੱਲੋਂ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਜੁਰਮਾਨੇ ਕੀਤੇ ਜਾ ਰਹੇ ਹਨ। ਉਜਵਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ 'ਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।