ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਵੱਡਾ ਫੈਸਲਾ, ਲਗਾਵਾਂਗੇ ਪਰਾਲੀ ਨੂੰ ਅੱਗ..!!

Last Updated: Oct 12 2018 14:00
Reading time: 1 min, 31 secs

ਅੱਜ ਫਿਰੋਜ਼ਪੁਰ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਅਗੁਵਾਈ ਵਿੱਚ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਕਿਹਾ ਕਿ ਕੈਪਟਨ ਸਰਕਾਰ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਹੁਕਮਾਂ ਨੂੰ ਅੱਖੋਂ ਪਰੋਖੇ ਕਰਕੇ ਪਰਾਲੀ ਸਾਂਭਣ ਲਈ ਸਬਸਿਡੀ ਉੱਤੇ ਸੰਦ ਦੇਣ ਜਾਂ 6 ਹਜ਼ਾਰ ਰੁਪਏ ਪ੍ਰਤੀ ਏਕੜ ਉਕਾ ਪੁੱਕਾ ਦੇਣ ਦੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ ਅਤੇ ਉਲਟਾ ਪਹਿਲਾ ਹੀ ਕਰਜ਼ੇ ਦੀ ਮਾਰ ਹੇਠ ਖੁਦਕੁਸ਼ੀਆਂ ਕਰ ਰਹੇ ਕਿਸਾਨਾਂ ਉੱਤੇ ਨਾਦਰਸ਼ਾਹੀ ਫੁਰਮਾਨ ਜਾਰੀ ਕਰਕੇ ਪਰਚੇ ਦਰਜ ਕੀਤੇ ਜਾ ਰਹੇ ਹਨ ਤੇ ਮੋਟੇ ਜੁਰਮਾਨੇ ਕਰਨ ਦੀਆਂ ਖਬਰਾਂ ਹਰ ਰੋਜ਼ ਪੰਜਾਬ ਭਰ ਵਿੱਚੋਂ ਆ ਰਹੀਆਂ ਹਨ ਜੋ ਅਤੀ ਨਿੰਦਣਯੋਗ ਹਨ। 

ਕਿਸਾਨ ਆਗੂਆਂ ਨੇ ਕਿਸਾਨਾਂ 'ਤੇ ਜਬਰ ਜ਼ੁਲਮ ਕਰਨ ਦਾ ਗੰਭੀਰ ਨੋਟਿਸ ਲੈਂਦਿਆਂ ਐਲਾਨ ਕੀਤਾ ਕਿ 18 ਅਕਤੂਬਰ ਨੂੰ ਪੰਜਾਬ ਭਰ ਵਿੱਚ ਰੇਲਾਂ ਦਾ ਚੱਕਾ ਜਾਮ 3 ਘੰਟੇ ਲਈ ਕਰਨ ਦੀਆਂ ਤਿਆਰੀਆਂ ਜ਼ੋਰਦਾਰ ਤਰੀਕੇ ਨਾਲ ਚੱਲ ਰਹੀਆਂ ਹਨ। ਜਿਸ ਵਿੱਚ ਪਰਾਲੀ ਦਾ ਵੀ ਅਹਿਮ ਮੁੱਦਾ ਹੋਵੇਗਾ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਪਰਾਲੀ ਸਾੜਣ ਵਾਲੇ ਕਿਸਾਨਾਂ 'ਤੇ ਕੀਤੇ ਪਰਚੇ ਅਤੇ ਪਾਏ ਜਾ ਰਹੇ ਜੁਰਮਾਨੇ ਤੁਰੰਤ ਰੱਦ ਕੀਤੇ ਜਾਣ, 6 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਤੁਰੰਤ ਦਿੱਤਾ ਜਾਵੇ ਨਹੀਂ ਤਾਂ ਕਿਸਾਨ ਅਗਲੀ ਫਸਲ ਬੀਜਣ ਦੀ ਤਿਆਰੀ ਵੱਸ ਪਰਾਲੀ ਨੂੰ ਅੱਗ ਲਗਾਉਣਗੇ ਤੇ ਸਰਕਾਰ ਦੇ ਜਬਰ ਜੁਲਮ ਦਾ ਸਾਹਮਣਾ ਡਟ ਕੇ ਕੀਤਾ ਜਾਵੇਗਾ ਅਤੇ ਇਸ ਨੂੰ ਜੱਥੇਬੰਦਕ ਘੋਲ ਦਾ ਰੂਪ ਦਿੱਤਾ ਜਾਵੇਗਾ। 

ਕਿਸਾਨ ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਡੀਏਪੀ ਖਾਦ ਵਿੱਚ ਪ੍ਰਤੀ ਥੈਲਾ 140 ਰੁਪਏ ਵਾਧਾ ਤੁਰੰਤ ਰੱਦ ਕੀਤਾ ਜਾਵੇ, ਡੀਜ਼ਲ ਕਿਸਾਨਾਂ ਨੂੰ 50 ਪ੍ਰਤੀਸ਼ਤ ਸਬਸਿਡੀ ਕੀਤੀ ਜਾਵੇ, ਗੰਨੇ ਦੀ ਬਕਾਇਆ ਰਾਸ਼ੀ ਪੰਜਾਬ ਭਰ ਵਿੱਚ 600 ਕਰੋੜ ਰੁਪਏ ਬਣਦੀ ਹੈ, ਤੁਰੰਤ 15 ਪ੍ਰਤੀਸ਼ਤ ਵਿਆਜ ਸਮੇਤ ਜਾਰੀ ਕੀਤੀ ਜਾਵੇ, ਕਿਸਾਨਾਂ ਤੇ ਕੰਬਾਈਨ ਮਾਲਕਾਂ ਨੂੰ ਤੰਗ ਪਰੇਸ਼ਾਨ ਕਰਨਾ ਬੰਦ ਕਰਕੇ ਕਿਸਾਨਾਂ ਨੂੰ ਆਪਣੀ ਮਰਜ਼ੀ ਨਾਲ ਕਿਸੇ ਵੀ ਤਰ੍ਹਾਂ ਕੰਬਾਈਨ ਤੋਂ ਕਟਾਈ ਕਰਵਾਉਣ ਦੀ ਖੁੱਲ ਦਿੱਤੀ ਜਾਵੇ, ਡਾ. ਸੁਆਮੀ ਨਾਥਨ ਕਮਿਸ਼ਨ ਦੀ ਰਿਪੋਰਟ ਚੋਣ ਵਾਅਦੇ ਅਨੁਸਾਰ ਲਾਗੂ ਕਰਕੇ ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕੀਤਾ ਜਾਵੇ।