ਜੇਕਰ 'ਡੇਂਗੂ' ਤੋਂ ਬਚਣਾ ਹੈ ਤਾਂ ਸਾਵਧਾਨੀਆਂ ਜ਼ਰੂਰੀ: ਸੀਐਮਓ

Last Updated: Oct 12 2018 15:24

ਅਸੀਂ ਸਾਵਧਾਨੀਆਂ ਵਰਤ ਕੇ ਹੀ ਡੇਂਗੂ ਜਿਹੀ ਭਿਆਨਕ ਬਿਮਾਰੀ ਤੋਂ ਬਚ ਸਕਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਫਿਰੋਜ਼ਪੁਰ ਸੁਰਿੰਦਰ ਕੁਮਾਰ ਨੇ ਅਧਿਕਾਰੀਆਂ ਨਾਲ ਡੇਂਗੂ ਖ਼ਿਲਾਫ਼ ਜਾਗਰੂਕਤਾ ਫੈਲਾਉਣ ਸਬੰਧੀ ਕੀਤੀ ਗਈ ਮੀਟਿੰਗ ਦੌਰਾਨ ਕੀਤਾ। ਸੁਰਿੰਦਰ ਕੁਮਾਰ ਨੇ ਕਿਹਾ ਕਿ ਡੇਂਗੂ ਤੋਂ ਬਚਾਅ ਹੀ ਇਸਦਾ ਇਲਾਜ ਹੈ। ਸੀਐਮਓ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ। ਡੇਂਗੂ ਬੁਖਾਰ ਮਾਦਾ ਏਡੀਜ ਏਜੀਪਟੀ ਨਾਂਅ ਦੇ ਮੱਛਰ ਡੰਗਣ ਨਾਲ ਫੈਲਦਾ ਹੈ, ਜਿਹੜਾ ਸਾਫ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦਾ ਹੈ। ਇਹ ਮੱਛਰ ਸਵੇਰੇ ਅਤੇ ਸ਼ਾਮ ਦੇ ਸਮੇਂ ਡੰਗਦਾ ਹੈ, ਜਿਸ ਨਾਲ ਤੇਜ਼ ਬੁਖਾਰ, ਸਰੀਰ ਤੇ ਰੇਸ਼ੇਜ, ਮਾਸਪੇਸ਼ੀਆਂ ਵਿੱਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮਸੂੜਿਆਂ ਤੇ ਨੱਕ ਵਿੱਚੋਂ ਖੂਨ ਆਉਣਾ ਡੇਂਗੂ ਬੁਖਾਰ ਹੋਣ ਦੇ ਲੱਛਣ ਹਨ।

ਅਜਿਹਾ ਹੋਣ 'ਤੇ ਤੁਰੰਤ ਨੇੜੇ ਦੇ ਸਰਕਾਰੀ ਹਸਪਤਾਲ ਦੇ ਮਾਹਿਰ ਡਾਕਟਰਾਂ ਨਾਲ ਸੰਪਰਕ ਕਰਨਾ ਚਾਹੀਦਾ ਹੈ, ਜਿੱਥੇ ਕਿ ਡੇਂਗੂ ਬੁਖਾਰ ਦਾ ਟੈਸਟ ਅਤੇ ਸੁਪੋਰਟਿਵ ਇਲਾਜ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਫੀਲਡ ਸਟਾਫ ਵੱਲੋਂ ਲੋਕਾਂ ਨੂੰ ਘਰ-ਘਰ ਜਾ ਕੇ ਡੇਂਗੂ ਪ੍ਰਤੀ ਜਾਗਰੂਕ ਕਰਨ ਲਈ ਪੈਂਫਲੈੱਟ ਵੰਡੇ ਜਾ ਰਹੇ ਹਨ, ਲੋਕਾਂ ਨੂੰ ਆਪਣੇ ਘਰਾਂ ਵਿੱਚ ਅਤੇ ਆਲੇ-ਦੁਆਲੇ ਸਾਫ਼ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਸੀਐਮਓ ਨੇ ਕਿਹਾ ਕਿ ਪੂਰੀਆਂ ਬਾਂਹਾਂ ਦੇ ਕੱਪੜੇ ਪਾਓ ਅਤੇ ਰਾਤ ਦੇ ਸਮੇਂ ਘਰਾਂ ਵਿੱਚ ਮੱਛਰ ਭਜਾਉਣ ਵਾਲੀਆਂ ਕੁਆਇਲਸ ਤੇ ਕਰੀਮ ਆਦਿ ਦੀ ਵਰਤੋਂ ਕਰੋ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਡੇਂਗੂ ਦਾ ਇਲਾਜ ਨਾ ਕੀਤਾ ਜਾਏ ਤਾਂ ਇਹ ਗੰਭੀਰ ਰੂਪ ਧਾਰਨ ਕਰ ਸਕਦਾ ਹੈ।