ਨਸ਼ਾ ਤਸਕਰੀ ਦੇ ਦੋਸ਼ 'ਚ ਨਸ਼ੀਲੀਆਂ ਗੋਲੀਆਂ ਸਣੇ ਦੋ ਵਿਅਕਤੀ ਚੜੇ ਪੁਲਿਸ ਅੜਿੱਕੇ, ਮਾਮਲਾ ਦਰਜ

Jatinder Singh
Last Updated: Oct 12 2018 16:58

ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਅਤੇ ਨਸ਼ਾ ਤਸਕਰਾਂ ਦੇ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਚੈਕਿੰਗ ਦੌਰਾਨ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਣੇ ਦੋ ਵਿਅਕਤੀਆਂ ਨੂੰ ਨਸ਼ਾ ਤਸਕਰੀ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ। ਕਾਬੂ ਕੀਤੇ ਆਰੋਪੀਆਂ ਦੇ ਖ਼ਿਲਾਫ਼ ਥਾਣਾ ਅਹਿਮਦਗੜ 'ਚ ਐਨਡੀਪੀਐਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਮਾਮਲੇ ਸਬੰਧੀ ਪੁਲਿਸ ਥਾਣਾ ਸਿਟੀ ਅਹਿਮਦਗੜ ਦੇ ਐਸਐਚਓ ਇੰਸਪੈਕਟਰ ਤੇਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਏਐਸਆਈ ਜਸਪਾਲ ਸਿੰਘ ਵੱਲੋਂ ਪੁਲਿਸ ਮੁਲਾਜ਼ਮਾਂ ਦੇ ਨਾਲ ਗਸ਼ਤ ਦੌਰਾਨ ਸੌਂਦ ਸਿਨੇਮਾ ਕੋਲ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸੇ ਦੌਰਾਨ ਜੁਪੀਟਰ ਸਕੂਟਰ ਤੇ ਸਵਾਰ ਹੋ ਕੇ ਆ ਰਹੇ ਦੋ ਵਿਅਕਤੀਆਂ ਨੂੰ ਪੁਲਿਸ ਮੁਲਾਜ਼ਮਾਂ ਵੱਲੋਂ ਸ਼ੱਕ ਦੇ ਆਧਾਰ ਤੇ ਚੈਕਿੰਗ ਲਈ ਰੋਕਿਆ ਗਿਆ।

ਐਸਐਚਓ ਤੇਜਿੰਦਰ ਸਿੰਘ ਨੇ ਦਾਅਵਾ ਕਰਦੇ ਦੱਸਿਆ ਕਿ ਜਦੋਂ ਪੁਲਿਸ ਮੁਲਾਜ਼ਮਾਂ ਨੇ ਉਕਤ ਵਿਅਕਤੀਆਂ ਅਤੇ ਸਕੂਟਰ ਦੀ ਚੈਕਿੰਗ ਕੀਤੀ ਤਾਂ ਉਨ੍ਹਾਂ ਦੇ ਕਬਜ਼ੇ 'ਚੋਂ ਲਿਫਾਫੇ ਅੰਦਰੋਂ ਤਲਾਸ਼ੀ ਦੌਰਾਨ ਪਾਬੰਦੀਸ਼ੁਦਾ ਨਸ਼ੀਲੀਆਂ 3,500 ਗੋਲੀਆਂ ਲੋਮੋਟਿਲ ਬਰਾਮਦ ਹੋਈਆਂ ਹਨ। ਬਾਅਦ 'ਚ ਕਾਬੂ ਕੀਤੇ ਗਏ ਵਿਅਕਤੀ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਦੀ ਪਹਿਚਾਣ ਹਰਦੀਪ ਕੁਮਾਰ ਵਾਸੀ ਅਹਿਮਦਗੜ ਅਤੇ ਰਾਜ ਸਿੰਘ ਵਾਸੀ ਪਿੰਡ ਪੋਹੀੜ ਵਜੋਂ ਹੋਈ ਹੈ। ਕਾਬੂ ਕੀਤੇ ਦੋਨਾਂ ਆਰੋਪੀਆਂ ਦੇ ਖ਼ਿਲਾਫ਼ ਥਾਣਾ ਸਿਟੀ ਅਹਿਮਦਗੜ 'ਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਹੋਰ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ।