ਪਿੰਡ ਠਾਕੁਰਪੁਰ ਵਿੱਚ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਣ ਨਾਲ ਹੋਣ ਵਾਲੇ ਨੁਕਸਾਨ ਪ੍ਰਤੀ ਜਾਗਰੂਕ ਕਰਨ ਲਈ ਲਗਾਇਆ ਜਾਗਰੂਕਤਾ ਕੈਂਪ

Last Updated: Oct 12 2018 19:12

ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਦੇਸ਼ ਭਰ ਵਿੱਚ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਖੁੱਲ੍ਹੇ ਵਿੱਚ ਸਾੜਣ ਤੇ ਲਗਾਈ ਪਾਬੰਦੀ ਦੇ ਮੱਦੇਨਜ਼ਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਨ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕਰਨ ਲਈ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬਲਾਕ ਪਠਾਨਕੋਟ ਦੇ ਪਿੰਡ ਠਾਕੁਰਪੁਰ ਵਿੱਚ ਪਿੰਡ ਪੱਧਰੀ ਕੈਂਪ ਲਗਾਇਆ ਗਿਆ। ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲਗਾਏ ਜਾਗਰੂਕਤਾ ਕੈਂਪ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਨੇ ਕੀਤੀ। ਸੁਭਾਸ਼ ਚੰਦਰ ਖੇਤੀਬਾੜੀ ਵਿਸਥਾਰ ਅਫ਼ਸਰ ਦੇ ਪ੍ਰਬੰਧਾਂ ਹੇਠ ਲਗਾਏ ਇਸ ਕੈਂਪ ਵਿੱਚ ਵਿਭਾਗੀ ਅਧਿਕਾਰੀਆਂ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪਠਾਨਕੋਟ ਵਿੱਚ ਤਕਰੀਬਨ 27500 ਹੈਕਟੇਅਰ ਰਕਬੇ ਵਿੱਚ ਝੋਨੇ ਅਤੇ ਬਾਸਮਤੀ ਦੀ ਕਾਸ਼ਤ ਕੀਤੀ ਜਾਂਦੀ ਹੈ ਜਿਸ ਤੋਂ ਤਕਰੀਬਨ ਇੱਕ ਲੱਖ ਪੈਂਤੀ ਹਜ਼ਾਰ ਟਨ ਪਰਾਲੀ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਪਠਾਨਕੋਟ ਵਿੱਚ ਪਸ਼ੂ ਪਾਲਕਾਂ ਦੀ ਗਿਣਤੀ ਵਧੇਰੇ ਹੋਣ ਕਰਕੇ ਪੈਦਾ ਹੁੰਦੀ ਪਰਾਲੀ ਦਾ ਵੱਡਾ ਹਿੱਸਾ ਪਸ਼ੂ ਪਾਲਕਾਂ ਵੱਲੋਂ ਕਿਸਾਨਾਂ ਤੋਂ ਖ਼ਰੀਦ ਕੇ ਸਾਂਭ ਲਿਆ ਜਾਂਦਾ ਹੈ, ਜਿਸ ਨਾਲ ਕਿਸਾਨਾਂ ਨੂੰ ਆਰਥਿਕ ਲਾਭ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਚਾਰੇ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਪਰਾਲੀ ਨੂੰ ਖੇਤ ਵਿੱਚ ਵਾਹ ਕਣਕ ਦੀ ਬਿਜਾਈ ਕਰਦੇ ਹਨ ਜਿਸ ਨਾਲ ਜਿੱਥੇ ਜ਼ਮੀਨ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ ਉੱਥੇ ਵਾਤਾਵਰਣ ਵੀ ਪ੍ਰਦੂਸ਼ਣ ਹੋਣ ਤੋਂ ਬਚਿਆ ਰਹਿੰਦਾ ਹੈ। ਉਨ੍ਹਾਂ ਨੇ ਪਰਾਲੀ ਸਾੜਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇੱਕ ਏਕੜ ਝੋਨੇ ਦੀ ਫ਼ਸਲ ਤੋਂ ਤਕਰੀਬਨ 2 ਟਨ ਪਰਾਲੀ ਪੈਦਾ ਹੁੰਦੀ ਹੈ ਅਤੇ ਇੱਕ ਟਨ ਪਰਾਲੀ ਸਾੜਣ ਨਾਲ 400 ਕਿੱਲੋ ਜੈਵਿਕ ਕਾਰਬਨ, 5.5 ਕਿੱਲੋ ਨਾਈਟਰੋਜਨ, 2.3 ਕਿੱਲੋ ਫਾਸਫੋਰਸ, 25 ਕਿੱਲੋ ਪੋਟਾਸ਼ ਅਤੇ 1.2 ਕਿੱਲੋ ਸਲਫ਼ਰ ਦਾ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿਸ ਤਰ੍ਹਾਂ ਪਿਛਲੇ ਸਾਲਾਂ ਦੌਰਾਨ ਪਠਾਨਕੋਟ ਜ਼ਿਲ੍ਹੇ ਨੂੰ ਧੂੰਆਂ ਮੁਕਤ ਰੱਖਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦਿੱਤਾ ਸੀ ਉਸੇ ਤਰ੍ਹਾਂ ਇਸ ਵਾਰ ਵੀ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਦੀ ਬਿਜਾਏ ਖੇਤ ਵਿੱਚ ਵਾਹ ਕੇ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਵਿੱਚ ਸਹਿਯੋਗ ਕਰਨ। ਰਾਜ ਕੁਮਾਰ ਤਕਨੀਸ਼ਨ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਸੰਭਾਲਣ ਸਬੰਧੀ ਵਰਤੀਆਂ ਜਾਣ ਵਾਲੀਆ ਖੇਤੀ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ। ਡਾ. ਹਰਪ੍ਰੀਤ ਸਿੰਘ ਡਿਪਟੀ ਪੀ.ਡੀ ਨੇ ਕਣਕ ਦੀ ਬਿਜਾਈ ਬਾਰੇ ਤਕਨੀਕੀ ਜਾਣਕਾਰੀ ਦਿੰਦਿਆਂ ਕਿਹਾ ਕਿ ਕਣਕ ਦੀ ਬਿਜਾਈ ਲਈ ਸਿਰਫ਼ ਸਿਫਾਰਸ਼ਸ਼ੁਦਾ ਕਿਸਮਾਂ ਦੀ ਹੀ ਕਾਸ਼ਤ ਕੀਤੀ ਜਾਵੇ ਅਤੇ ਬੀਜ ਨੂੰ ਬੀਜਣ ਤੋਂ ਪਹਿਲਾਂ ਉੱਲੀਨਾਸ਼ਕ ਰਸਾਇਣਾਂ ਨਾਲ ਜ਼ਰੂਰ ਸੋਧ ਲੈਣਾ ਚਾਹੀਦਾ ਹੈ।