ਚੇਅਰਮੈਨ ਚੀਮਾ ਨੇ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਦਾ ਦੌਰਾ ਕਰਕੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ

Last Updated: Dec 06 2018 17:50

ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਅੱਜ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਦੇ ਪਵਿੱਤਰ ਚਰਨ ਛੋਹ ਪ੍ਰਾਪਤ ਧਾਰਮਿਕ ਅਸਥਾਨ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਅਤੇ ਭਗਵਾਨ ਕਾਰਤਿਕ ਜੀ ਦੇ ਮੰਦਰ ਸ੍ਰੀ ਅਚਲੇਸ਼ਵਰ ਧਾਮ ਵਿਖੇ ਪਹੁੰਚ ਕੇ ਮੱਥਾ ਟੇਕਿਆ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅੱਚਲ ਸਾਹਿਬ ਦੇ ਹੋਣ ਵਾਲੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ। ਸ. ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਪਵਿੱਤਰ ਅਸਥਾਨ ਨੂੰ ਵਿਕਸਤ ਕਰਨ ਲਈ ਵਿਕਾਸ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਜਿਸ ਤਹਿਤ ਇਸ ਪਾਵਨ ਅਸਥਾਨ ਉੱਪਰ ਦਰਸ਼ਨ ਕਰਨ ਆਉਣ ਵਾਲੀਆਂ ਸੰਗਤਾਂ ਲਈ ਸਹੂਲਤਾਂ ਦੇ ਪ੍ਰਬੰਧ ਕਰਨ ਦੇ ਨਾਲ ਇਸਦਾ ਸੁੰਦਰੀਕਰਨ ਕੀਤਾ ਜਾਵੇਗਾ। 

ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਦੀ ਪ੍ਰਬੰਧਕ ਕਮੇਟੀ ਨਾਲ ਮੀਟਿੰਗ ਕੀਤੀ ਅਤੇ ਸ੍ਰੀ ਅੱਚਲ ਸਾਹਿਬ ਦੀਆਂ ਲੋੜਾਂ ਅਤੇ ਮੰਗਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸ. ਚੀਮਾ ਨੇ ਕਿਹਾ ਕਿ ਸ੍ਰੀ ਅੱਚਲ ਸਾਹਿਬ ਵਿਖੇ ਗੁਰੂ ਸਾਹਿਬ ਨੇ ਸਿੱਧ ਗੋਸ਼ਿਟ ਕੀਤੀ ਸੀ ਅਤੇ ਪੂਰੀ ਲੋਕਾਈ ਨੂੰ ਉਨ੍ਹਾਂ ਨੇ ਸੱਚ ਦਾ ਰਸਤਾ ਦਿਖਾਇਆ ਸੀ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਅਸਥਾਨ ਦੇ ਵਿਕਾਸ ਵਿੱਚ ਰਾਜ ਸਰਕਾਰ ਵੱਲੋਂ ਕੋਈ ਕਮੀ ਨਹੀਂ ਛੱਡੀ ਜਾਵੇਗੀ। ਸ. ਚੀਮਾ ਨੇ ਕਿਹਾ ਕਿ ਗੁਰਦੁਆਰਾ ਕਮੇਟੀ ਅਤੇ ਸੰਗਤਾਂ ਦੀਆਂ ਵਿਕਾਸ ਪ੍ਰੋਜੈਕਟਾਂ ਸਬੰਧੀ ਜੋ ਵੀ ਮੰਗਾਂ ਹਨ ਉਨ੍ਹਾਂ ਨੂੰ ਮੁੱਖ ਮੰਤਰੀ ਪੰਜਾਬ ਕੋਲ ਪਹੁੰਚਾ ਕੇ ਹੱਲ ਕਰਾਇਆ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ 550 ਸਾਲਾਂ ਸਬੰਧੀ ਆ ਰਹੀ ਗ੍ਰਾਂਟ ਸ੍ਰੀ ਅੱਚਲ ਸਾਹਿਬ ਵਿਖੇ ਹੀ ਖਰਚ ਕੀਤੀ ਜਾਵੇਗੀ ਅਤੇ ਇਸ ਪਾਵਨ ਨਗਰ ਨੂੰ ਖ਼ੂਬਸੂਰਤ ਦਿੱਖ ਦਿੱਤੀ ਜਾਵੇਗੀ।

ਇਸ ਉਪਰੰਤ ਚੇਅਰਮੈਨ ਸ੍ਰੀ ਅਮਰਦੀਪ ਸਿੰਘ ਚੀਮਾ ਨੇ ਕਾਰਤਿਕ ਸਵਾਮੀ ਜੀ ਦੇ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਅਚਲੇਸ਼ਵਰ ਧਾਮ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਪਰਮਜੀਤ ਪੰਮਾ ਅਤੇ ਹੋਰ ਮੈਂਬਰਾਂ ਨਾਲ ਮੀਟਿੰਗ ਕਰਦਿਆਂ ਇਸ ਤੀਰਥ ਅਸਥਾਨ ਦੇ ਵਿਕਾਸ ਲਈ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਇਨ੍ਹਾਂ ਪਾਵਨ ਅਸਥਾਨਾ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਸੇ ਦੌਰਾਨ ਗੁਰਦੁਆਰਾ ਕਮੇਟੀ ਅਤੇ ਮੰਦਰ ਕਮੇਟੀ ਵੱਲੋਂ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਧਾਰਮਿਕ ਰਹੁ-ਰੀਤਾਂ ਅਨੁਸਾਰ ਸਨਮਾਨਿਤ ਕੀਤਾ ਗਿਆ। 

ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਕਾਂਗਰਸੀ ਆਗੂ ਅਤੇ ਪਰਮਾਨੈਂਟ ਇਨਵਾਇਟੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਸ. ਐੱਮ.ਐੱਮ. ਸਿੰਘ ਚੀਮਾ, ਨਾਇਬ ਤਹਿਸੀਲਦਾਰ ਬਟਾਲਾ ਵਰਿਆਮ ਸਿੰਘ, ਹਰਭਜਨ ਸਿੰਘ ਬਾਜਵਾ, ਬਸੰਤ ਸਿੰਘ ਖਾਲਸਾ ਸਾਬਕਾ ਡੀ.ਐੱਫ.ਐੱਸ.ਓ., ਰਾਜ ਕੁਮਾਰ ਜੋਸ਼ੀ, ਪ੍ਰਿੰਸੀਪਲ ਹਰਬੰਸ ਸਿੰਘ, ਮਲਵਿੰਦਰ ਸਿੰਘ, ਵਿਸ਼ਵਾ ਸ਼ਾਰਧਾ, ਜੱਗੀ ਕਾਹਲੋਂ, ਪਰਮਜੀਤ ਸਿੰਘ ਆਦਿ ਵੀ ਹਾਜ਼ਰ ਸਨ।